Patiala News: ਸਰਕਾਰ ਦੀ ਮੈਜਿਸਟ੍ਰੇਟ ਜਾਂਚ ਨੂੰ ਨਕਾਰਿਆ
- ਕਿਹਾ, ਪੁਲਿਸ ਵੱਲੋਂ ਆਪਣੇ ਇੰਸਪੈਕਟਰਾਂ ਨੂੰ ਬਚਾਉਣ ਦਾ ਕੀਤਾ ਜਾ ਰਿਹਾ ਯਤਨ | Patiala News
Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸ ਦੀ ਪੁੱਤ ਦੀ ਕੁੱਟਮਾਰ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਪਰਿਵਾਰ ਵੱਲੋਂ ਪੰਜਾਬ ਸਰਕਾਰ ਦੀ ਮੈਜਿਸਟ੍ਰੇਟ ਜਾਂਚ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਅਤੇ ਉਨ੍ਹਾਂ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਇੱਧਰ 22 ਮਾਰਚ ਨੂੰ ਪੀੜਤ ਪਰਿਵਾਰ ਵੱਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਬਕਾ ਫੌਜੀ ਅਧਿਕਾਰੀਆਂ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਦਾ ਵੱਡਾ ਇਕੱਠ ਹੋਣ ਤੋਂ ਇਨਕਾਰ ਨਹੀਂ ਜਾ ਸਕਦਾ।
Read Also : PMAY-Urban 2.0 Scheme: ਸਰਕਾਰ ਨੇ ਹੁਣ ਸ਼ਹਿਰੀ ਇਲਾਕਿਆਂ ਨੂੰ ਦਿੱਤਾ ਇਹ ਤੋਹਫ਼ਾ, ਮਿਲੇਗੀ ਖਾਸ ਸਬਸਿਡੀ
ਦੱਸਣਯੋਗ ਹੈ ਕਿ 13 ਮਾਰਚ ਦੀ ਰਾਤ ਨੂੰ ਰਜਿੰਦਰਾ ਹਸਪਤਾਲ ਦੇ ਸਾਹਮਣੇ ਢਾਬੇ ’ਤੇ ਚਾਰ ਪੁਲਿਸ ਇੰਸਪੈਕਟਰਾਂ ਸਮੇਤ ਉਨ੍ਹਾਂ ਦੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਬਾਠ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਕਰਨਲ ਪੁਸ਼ਪਿੰਦਰ ਸਿੰਘ ਅਜੇ ਵੀ ਹਸਪਤਾਲ ਵਿੱਚ ਦਾਖਲ ਹਨ। ਕਰਨਲ ਦੀ ਪਤਨੀ ਵੱਲੋਂ ਬੀਤੇ ਕੱਲ੍ਹ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਨਾਵਾਂ ਸਮੇਤ ਐੱਫ਼ਆਈਆਰ ਦਰਜ ਕਰਨ ਸਬੰਧੀ ਪੰਜਾਬ ਦੇ ਡੀਜੀਪੀ ਨਾਲ ਗੱਲ ਕੀਤੀ ਗਈ।
Patiala News
ਅੱਜ ਦੁਪਹਿਰ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਅਤੇ ਉਨ੍ਹਾਂ ਦੇ ਪੁੱਤਰ ਨੇ ਆਖਿਆ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ 21 ਦਿਨਾਂ ਦੀ ਜਾਂਚ ਪਰਿਵਾਰ ਨੂੰ ਪ੍ਰਵਾਨ ਨਹੀਂ ਹੈ, ਕਿਉਂਕਿ ਪੰਜਾਬ ਸਰਕਾਰ ਅਤੇ ਪੁਲਿਸ ਦੇ ਅਧਿਕਾਰੀ ਆਪਣੇ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ।
ਕਰਨਲ ਦੀ ਪਤਨੀ ਨੇ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਜਿਹੜੇ 12 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸੀਆਈਏ ਦੇ ਇੰਚਾਰਜ਼ ਇੰਸਪੈਕਟਰ ਸ਼ਮਿੰਦਰ ਸਿੰਘ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਲਗਾਤਾਰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਸਪੈਟਕਰ ਸ਼ਮਿੰਦਰ ਸਿੰਘ ’ਤੇ ਮਾਮਲਾ ਦਰਜ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੁਅੱਤਲ ਕੀਤੇ ਇੰਸਪੈਕਟਰ ਅੱਜ ਵੀ ਸਰਕਾਰੀ ਗੱਡੀਆਂ ਅਤੇ ਗੰਨਮੈਨਾਂ ਨਾਲ ਘੁੰਮ ਰਹੇ ਹਨ। ਉਨ੍ਹਾਂ ਪਟਿਆਲਾ ਦੇ ਐੱਸਐੱਸਪੀ ਡਾਕਟਰ ਨਾਨਕ ਸਿੰਘ ’ਤੇ ਦੋਸ਼ ਲਾਏ ਕਿ ਉਨ੍ਹਾਂ ਵੱਲੋਂ ਲਗਾਤਾਰ ਖੱਜਲ-ਖੁਆਰ ਕੀਤਾ ਗਿਆ ਤੇ ਆਪਣੇ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਦਾ ਯਤਨ ਕੀਤਾ ਗਿਆ ।
ਡੀਸੀ ਦਫਤਰ ਅੱਗੇ ਧਰਨਾ ਅੱਜ
ਕਰਨਲ ਪਰਿਵਾਰ ਸਮੇਤ ਸਾਬਕਾ ਫੌਜੀਆਂ ਵੱਲੋਂ 22 ਮਾਰਚ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਧਰਨੇ ਵਿੱਚ ਵੱਡੀ ਗਿਣਤੀ ਸਾਬਕਾ ਫੌਜੀਆਂ ਤੋਂ ਇਲਾਵਾ ਆਮ ਬੁੱਧੀਜੀਵੀਆਂ ਦੇ ਸ਼ਾਮਲ ਹੋਣ ਦੀ ਵੱਡੀ ਸੰਭਾਵਨਾ ਹੈ। ਕਰਨਲ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਕੋਈ ਪੋਲੀਟੀਕਲ ਨਹੀਂ ਹੈ, ਇਹ ਉਨ੍ਹਾਂ ਦੇ ਪਰਿਵਾਰ ਦਾ ਮਸਲਾ ਹੈ। ਇਸ ਲਈ ਉਹ ਕਿਸੇ ਰਾਜਨੀਤਿਕ ਆਗੂ ਨੂੰ ਸ਼ਾਮਲ ਨਹੀਂ ਕਰਨਾ ਚਾਹੁਦੇ।