ਸ਼ਹੀਦ ਊਧਮ ਸਿੰਘ ਯਾਦਗਾਰ ਇੱਕ ਵਰ੍ਹੇ ਅੰਦਰ ਹੋਵੇਗੀ ਮੁਕੰਮਲ: ਚਰਨਜੀਤ ਸਿੰਘ ਚੰਨੀ
4 ਏਕੜ ਰਕਬੇ ਵਿੱਚ 2.64 ਕਰੋੜ ਦੀ ਲਾਗਤ ਨਾਲ ਹੋਵੇਗਾ ਨਿਰਮਾਣ
ਸੁਨਾਮ ਊਧਮ ਸਿੰਘ ਵਾਲਾ ( ਗੁਰਪ੍ਰੀਤ ਸਿੰਘ/ਕਰਮ ਥਿੰਦ/ਖੁਸ਼ਪ੍ਰੀਤ) | ਪੰਜਾਬ ਸਰਕਾਰ ਵੱਲੋਂ ਸੁਨਾਮ-ਬਠਿੰਡਾ ਹਾਈਵੇ ‘ਤੇ ਕਰੀਬ 4 ਏਕੜ ਰਕਬੇ ਵਿੱਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇੱਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ।
ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਕਰੀਬ 2.64 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾਣ ਵਾਲੀ ਸ਼ਹੀਦੀ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਮੂਰਤ, ਓਪਨ ਏਅਰ ਥੀਏਟਰ, ਲੈਂਡਸਕੇਪਿੰਗ, ਚਾਰਦੀਵਾਰੀ ਸਮੇਤ ਹੋਰ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ।
ਇਸ ਉਪਰੰਤ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਚੰਨੀ ਨੇ ਕਿਹਾ ਕਿ ਦੇਸ਼, ਕੌਮ, ਗਰੀਬਾਂ, ਮਜਲੂਮ ਲੋਕ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ ਅਤੇ ਲੋਕ ਅਜਿਹੇ ਦੇਸ਼ ਭਗਤਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਰਾਜਸੀ ਲਾਹਾ ਲੈਣ ਲਈ ਅਨੇਕਾਂ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਸੂਬੇ ਦੀ ਆਰਥਿਕ ਸਥਿਤੀ ਨੂੰ ਖਰਾਬ ਕੀਤਾ ਅਤੇ ਕਿਸੇ ਵੀ ਕਾਰਜ਼ ਨੂੰ ਨੇਪਰੇ ਨਹੀ ਚੜਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਂਢ ਕੇ ਸੁਮੱਚੇ ਵਿਕਾਸ ਕਾਰਜਾਂ ਨੂੰ ਲੀਹ ‘ਤੇ ਲਿਆਂਦਾ ਹੈ ਅਤੇ ਆਰਥਿਕ ਪੱਖੋਂ ਰਾਜ ਦੇ ਵਿਕਾਸ ਕਾਰਜ਼ਾਂ ਅੰਦਰ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ, ਪੰਜਾਬ ਕਾਂਗਰਸ ਦੇ ਬੁਲਾਰਾ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਚੰਨੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਅਦਾ ਕੀਤੀ ਗਈ।
ਬਾਅਦ ਵਿੱਚ ਨਗਰ ਕੌਂਸਲ ਸੁਨਾਮ ਦੇ ਕਾਰਜਕਾਰੀ ਪ੍ਰਧਾਨ ਕੋਮਲ ਕਾਂਸਲ, ਘਨਸ਼ਿਆਮ ਕਾਂਸਲ ਸਮੇਤ ਹੋਰ ਸਮਾਜ ਸੇਵੀਆਂ ਵੱਲੋਂ ਮੁੱਖ ਮਹਿਮਾਨ ਸ: ਚੰਨੀ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਚੰਨੀ ਨੇ ਖੇਡ ਸਟੇਡੀਅਮ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਰਕ ਵਿਖੇ ਰੀਥ ਅਰਪਿਤ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਇਸ ਦੌਰਾਨ ਲਾਇਨਜ਼ ਕਲੱਬ ਵੱਲੋਂ ਲਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।