ਸ਼ਹੀਦ ਊਧਮ ਸਿੰਘ ਯਾਦਗਾਰ ਇੱਕ ਵਰ੍ਹੇ ਅੰਦਰ ਹੋਵੇਗੀ ਮੁਕੰਮਲ : ਚਰਨਜੀਤ ਸਿੰਘ ਚੰਨੀ
- 4 ਏਕੜ ਰਕਬੇ ਵਿੱਚ 2.64 ਕਰੋੜ ਦੀ ਲਾਗਤ ਨਾਲ ਹੋਵੇਗਾ ਨਿਰਮਾਣ
ਸੁਨਾਮ ਊਧਮ ਸਿੰਘ ਵਾਲਾ (ਗੁਰਪ੍ਰੀਤ ਸਿੰਘ/ਕਰਮ ਥਿੰਦ/ਖੁਸ਼ਪ੍ਰੀਤ)। ਪੰਜਾਬ ਸਰਕਾਰ ਵੱਲੋਂ ਸੁਨਾਮ-ਬਠਿੰਡਾ ਹਾਈਵੇ ‘ਤੇ ਕਰੀਬ 4 ਏਕੜ ਰਕਬੇ ਵਿੱਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇੱਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਹੋਏ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਕਰੀਬ 2.64 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾਣ ਵਾਲੀ ਸ਼ਹੀਦੀ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਮੂਰਤ, ਓਪਨ ਏਅਰ ਥੀਏਟਰ, ਲੈਂਡਸਕੇਪਿੰਗ, ਚਾਰਦੀਵਾਰੀ ਸਮੇਤ ਹੋਰ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ। (Shaheed Udham Singh)
ਇਹ ਵੀ ਪੜ੍ਹੋ : ਸ਼ੇਰ ਤੇ ਮੱਛਰ : ਪੜ੍ਹ ਕੇ ਤਾਂ ਦੇਖੋ
ਇਸ ਉਪਰੰਤ ਨਵੀਂ ਅਨਾਜ ਮੰਡੀ ਵਿਖੇ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਚੰਨੀ ਨੇ ਕਿਹਾ ਕਿ ਦੇਸ਼, ਕੌਮ, ਗਰੀਬਾਂ, ਮਜਲੂਮ ਲੋਕਾਂ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਲੋਕ ਅਜਿਹੇ ਦੇਸ਼ ਭਗਤਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਦੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਰਾਜਸੀ ਲਾਹਾ ਲੈਣ ਲਈ ਅਨੇਕਾਂ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਸੂਬੇ ਦੀ ਆਰਥਿਕ ਸਥਿਤੀ ਨੂੰ ਖਰਾਬ ਕੀਤਾ ਅਤੇ ਕਿਸੇ ਵੀ ਕਾਰਜ਼ ਨੂੰ ਨੇਪਰੇ ਨਹੀਂ ਚੜ੍ਹਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਢ ਕੇ ਸੁਮੱਚੇ ਵਿਕਾਸ ਕਾਰਜਾਂ ਨੂੰ ਲੀਹ ‘ਤੇ ਲਿਆਂਦਾ ਹੈ ਅਤੇ ਆਰਥਿਕ ਪੱਖੋਂ ਰਾਜ ਦੇ ਵਿਕਾਸ ਕਾਰਜ਼ਾਂ ਅੰਦਰ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ, ਪੰਜਾਬ ਕਾਂਗਰਸ ਦੇ ਬੁਲਾਰਾ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਚੰਨੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਅਦਾ ਕੀਤੀ ਗਈ। ਇਸ ਤੋਂ ਪਹਿਲਾ ਚੰਨੀ ਨੇ ਖੇਡ ਸਟੇਡੀਅਮ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਰਕ ਵਿਖੇ ਰੀਥ ਅਰਪਿਤ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਇਸ ਦੌਰਾਨ ਲਾਇਨਜ਼ ਕਲੱਬ ਵੱਲੋਂ ਲਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ।
ਸਮਾਰੋਹ ਦੌਰਾਨ ਵਿਕਾਸ ਪ੍ਰਤਾਪ, ਪਿੰ੍ਰਸੀਪਲ ਸਕੱਤਰ ਸਭਿਆਚਾਰਕ ਮਾਮਲੇ ਵਿਭਾਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ ਸਭਿਆਚਾਰਕ ਮਾਮਲੇ ਵਿਭਾਗ, ਮਾਸਟਰ ਅਜੈਬ ਸਿੰਘ ਰਟੌਲਾਂ ਸੀਨੀਅਰ ਆਗੂ, ਹਰਮਨ ਬਾਜਵਾ, ਬਲਵੰਤ ਸਿੰਘ ਸ਼ੇਰਗਿੱਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਸੁਨਾਮ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰਾਂ ਤੇ ਪਿੰਡਾਂ ਦੇ ਵਸਨੀਕਾਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। (Shaheed Udham Singh)