ਸ਼ਰਾਬ ਨਾਲ ਮੌਤ ਦਾ ਸ਼ਿਕਾਰ ਹੋਏ ਹਰ ਪੀੜਤ ਪਰਿਵਾਰ ਨੂੰ ਮਿਲ ਰਿਹੈ 5 ਲੱਖ ਰੁਪਏ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੌਰਾਨ ਮੌਤ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਦੇ ਸਰਕਾਰੀ ਖਜ਼ਾਨੇ ਨਹੀਂ ਸਗੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਰਾਹਤ ਫੰਡ ਵਿੱਚ ਵਿਧਾਇਕ ਤੋਂ ਲੈ ਕੇ ਸਰਕਾਰੀ ਕਰਮਚਾਰੀ ਤੇ ਅਧਿਕਾਰੀ ਅਤੇ ਆਮ ਵਿਅਕਤੀ ਤੋਂ ਲੈ ਕੇ ਉਦਯੋਗਪਤੀ ਆਪਣੀ ਨੇਕ ਕਮਾਈ ਵਿੱਚੋਂ ਦਾਨ ਕਰਦੇ ਹਨ ਤਾਂ ਕਿ ਕਿਸੇ ਵੀ ਕੁਦਰਤੀ ਆਫ਼ਤ ਜਾਂ ਫਿਰ ਹਾਦਸੇ ਮੌਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਇਸੇ ਦਾਨ ਕੀਤੇ ਹੋਏ ਪੈਸੇ ਵਿੱਚੋਂ ਪੰਜਾਬ ਸਰਕਾਰ ਸ਼ਰਾਬ ਤ੍ਰਾਸਦੀ ਵਿੱਚ ਮੁਆਵਜ਼ਾ ਦੇਣ ਵਿੱਚ ਲੱਗੀ ਹੋਈ ਹੈ। ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਤਰਨਤਾਰਨ ਅਤੇ ਅੰਮ੍ਰਿਤਸਰ ਸਣੇ ਗੁਰਦਾਸਪੁਰ ਡਿਪਟੀ ਕਮਿਸ਼ਨਰ ਨੂੰ ਚੈੱਕ ਜਾਰੀ ਕਰ ਦਿੱਤੇ ਗਏ ਹਨ, ਜਿਹੜੇ ਕਿ ਅੱਗੇ ਪੀੜਤ ਪਰਿਵਾਰਾਂ ਨੂੰ ਚੈੱਕ ਦਿੰਦੇ ਹੋਏ ਰਾਹਤ ਰਾਸ਼ੀ ਦੀ ਵੰਡ ਕਰਨਗੇ।
ਇੱਥੇ ਹੀ ਇਹ ਸੁਆਲ ਉੱਠ ਰਿਹਾ ਹੈ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਇਸ ਮੁਆਵਜ਼ੇ ਨੂੰ ਦਿੱਤਾ ਜਾਣਾ ਸੀ ਤਾਂ ਸਰਕਾਰੀ ਖਜਾਨੇ ਵਿੱਚੋਂ ਹੀ ਸਾਰਾ ਪੈਸਾ ਦੇਣ ਦੀ ਥਾਂ ‘ਤੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਪੈਸਾ ਕਿਉਂ ਦਿੱਤਾ ਜਾ ਰਿਹਾ ਹੈ। ਇਸ ਸੁਆਲ ਨੂੰ ਲੈ ਕੇ ਫਿਲਹਾਲ ਕੋਈ ਵੀ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਇਸ ਸਮੇਂ ਚੁੱਪੀ ਧਾਰੀ ਬੈਠੇ ਹਨ।
ਜਾਣਕਾਰੀ ਅਨੁਸਾਰ ਬੀਤੇ ਹਫ਼ਤੇ ਪੰਜਾਬ ਦੇ ਤਰਨਤਾਰਨ ਅਤੇ ਅੰਮ੍ਰਿਤਸਰ ਸਣੇ ਗੁਰਦਾਸਪੁਰ ਦੇ ਬਟਾਲਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 112 ਦੇ ਲਗਭਗ ਮੌਤਾਂ ਹੋਣ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਗੰਭੀਰ ਰੂਪ ਵਿੱਚ ਬਿਮਾਰ ਹੋ ਗਏ ਹਨ, ਜਿਨ੍ਹਾਂ ਵਿੱਚੋਂ ਕੁਝ ਦੀਆਂ ਅੱਖਾਂ ਦੀ ਰੌਸ਼ਨੀ ਤੱਕ ਚਲੀ ਗਈ ਹੈ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਵਿਰੋਧ ਪ੍ਰਦਰਸ਼ਨ ਕਰਨ ਦੇ ਨਾਲ ਹੀ ਸੜਕਾਂ ‘ਤੇ ਉੱਤਰੀਆਂ ਹੋਈਆਂ ਹਨ। ਇੱਥੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਸ਼ੁੱਕਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦਾ ਦੌਰਾ ਕਰਦੇ ਹੋਏ ਸ਼ਰਾਬ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ ਅਤੇ ਜਿਹੜੇ ਲੋਕਾਂ ਦੀਆਂ ਦੋਹੇਂ ਅੱਖਾਂ ਖਰਾਬ ਹੋ ਗਈਆਂ ਹਨ, ਉਨ੍ਹਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੋਆਪਰੇਟਿਵ ਬੈਂਕ ਅਕਾਊਂਟ ਵਿੱਚੋਂ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਮੌਕੇ ‘ਤੇ ਲਗਭਗ 2 ਕਰੋੜ 92 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ ਹੈ। ਇੱਥੇ ਹੀ ਅੰਮ੍ਰਿਤਸਰ ਅਤੇ ਗੁਰਦਾਸਪੁਰ ਡਿਪਟੀ ਕਮਿਸ਼ਨਰ ਨੂੰ ਚੈੱਕ ਬਣਾ ਕੇ ਭੇਜ ਦਿੱਤੇ ਗਏ ਹਨ ਤਾਂ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਪੀੜਤਾਂ ਨੂੰ ਮੁਆਵਜ਼ੇ ਦੀ ਅਦਾਇਗੀ ਕਰ ਦੇਣ।
ਇੱਥੇ ਇਹ ਦੱਸਣਾ ਜਰੂਰੀ ਹੈ ਕਿ ਸ਼ਰਾਬ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੂੰ ਇਹ ਸਾਰਾ ਮੁਆਵਜ਼ਾ ਮੁੱਖ ਮੰਤਰੀ ਰਾਹਤ ਫੰਡ ਰਾਹੀਂ ਹੀ ਦਿੱਤੀ ਜਾ ਰਿਹਾ ਹੈ ਜਿਸ ਵਿੱਚ ਆਮ ਲੋਕਾਂ ਤੋਂ ਲੈ ਕੇ ਅਧਿਕਾਰੀ ਅਤੇ ਸਿਆਸੀ ਲੋਕ ਆਪਣੀ ਨੇਕ ਕਮਾਈ ਵਿੱਚੋਂ ਦਾਨ ਦਿੰਦੇ ਹੋਏ ਕਿਸੇ ਆਫ਼ਤ ਮੌਕੇ ਤੁਰੰਤ ਖ਼ਰਚਣ ਲਈ ਰਾਹਤ ਦੇਣ ਲਈ ਪੈਸਾ ਦਿੱਤਾ ਗਿਆ ਹੈ। ਇਸ ਰਾਹਤ ਫੰਡ ਵਿੱਚੋਂ ਇਹ ਮੁਆਵਜ਼ਾ ਰਾਸ਼ੀ ਦੇਣ ‘ਤੇ ਕਈ ਤਰ੍ਹਾਂ ਦਾ ਸੁਆਲ ਉੱਠ ਰਹੇ ਹਨ। ਇਸ ਸਬੰਧ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਸਲਾਹਕਾਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਸ਼ ਕੀਤੀ ਗਈ ਪਰ ਕਿਸੇ ਵੱਲੋਂ ਵੀ ਫੋਨ ‘ਤੇ ਜੁਆਬ ਨਹੀਂ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ