ਕੰਪਿਊਟਰ ਅਧਿਆਪਕਾਂ ਨੇ ਖਰੜ ’ਚ ਹਾਈਵੇਅ ਕੀਤਾ ਜਾਮ
(ਕੁਲਵੰਤ ਕੋਟਲੀ) ਖਰੜ। ਸਰਕਾਰ ਵੱਲੋਂ ਲਗਾਤਾਰ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਸਬੰਧੀ ਦਿੱਤੇ ਜਾ ਰਹੇ ਵਿਸ਼ਵਾਸਾਂ ਤੋਂ ਦੁਖੀ ਹੋ ਕੇ ਕੰਪਿਊਟਰ ਅਧਿਆਪਕ ਯੂਨੀਅਨ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਕੰਪਿਊਟਰ ਅਧਿਆਪਕ ਯੂਨੀਅਨ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਖਰੜ ’ਚ ਆਵਾਜਾਈ ਨੂੰ ਠੱਪ ਕਰਕੇ ਰੱਖ ਦਿੱਤਾ ਹੈ। ਕੰਪਿਊਟਰ ਅਧਿਆਪਕਨੇ ਅੱਜ ਲਾਂਡਰਾ ਰੋਡ ਅਤੇ ਚੰਡੀਗੜ੍ਹ ਰੋਡ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਇਸ ਦੌਰਾਨ ਸੜਕਾਂ ’ਤੇ ਦੂਰ-ਦੂਰ ਤੱਕ ਜਾਮ ਲੱਗ ਗਿਆ।
ਜ਼ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਨੇ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਪੱਕਾ ਧਰਨਾ ਲਾਇਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਗੱਲਬਾਤ ਕਰਕੇ ਜਾਮ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਗਈ। ਢਾਈ ਘੰਟੇ ਦੇ ਜਾਮ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੌਕੇ ਤੇ ਜਥੇਬੰਦੀ ਦੇ ਵਫਦ ਦੀ ਮੀਟਿੰਗ ਪਿ੍ਰੰਸੀਪਲ ਸਕੱਤਰ ਹੁਸਨ ਲਾਲ ਨਾਲ ਕਰਵਾਉਣ ਲਈ ਲੈ ਕੇ ਗਏ, ਜਿਸ ਕਰਕੇ ਜਾਮ ਚੁੱਕਿਆ ਗਿਆ ਅਤੇ ਜਿੱਥੇ ਪਹਿਲਾਂ ਧਰਨਾ ਚੱਲਦਾ ਸੀ, ਉਸੇ ਜਗ੍ਹਾ ਤੇ ਧਰਨਾ ਜਾਰੀ ਹੈ।
ਇਸ ਮੌਕੇ ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਲੰਮੇ ਸਮੇਂ ਤੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੇ ਅਗਵਾਈ ਹੇਠ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਅਫ਼ਸਰਸ਼ਾਹੀ ਵੱਲੋਂ ਮੰਗਾਂ ਮੰਨਣ ਦੀ ਬਜਾਏ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਤਿੰਨ ਮੈਂਬਰੀ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਗਈ, ਜਿਸ ਦਾ ਅੱਜ ਤੱਕ ਕੋਈ ਹੱਲ ਨਹੀਂ ਨਿੱਕਲਿਆ । ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਨਹੀਂ ਕੀਤੇ ਜਾਂਦੇ, ਇਹ ਧਰਨਾ ਜਾਰੀ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ