ਰਾਜਪਾਲ ਵੀ. ਪੀ. ਸਿੰਘ ਬਦਨੌਰ ਕੋਲ ਪੁੱਜੀ ਅਕਾਲੀ-ਭਾਜਪਾ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ‘ਚ ਕਈ ਤਰ੍ਹਾਂ ਦੀ ਚਲ ਰਹੀ ਜਾਂਚ ਦਾ ਹੀ ਸਿਆਸੀਕਰਨ ਕਰਦੇ ਹੋਏ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਫਾਇਦੇ ਲਈ ਉਸ ਦਾ ਨਾ ਸਿਰਫ਼ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਗੋਂ ਨਿਰਦੋਸ਼ਾਂ ਨੂੰ ਉਸ ‘ਚ ਫਸਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਸਿਆਸੀ ਹਿੱਤਾਂ ਕਰਕੇ ਪੰਜਾਬ ‘ਚ ਅੱਗ ਲਗਾਉਣ ਦੀ ਕੋਸ਼ਿਸ਼ ਤੱਕ ਕਰ ਰਹੀ ਹੈ, ਇਸ ਲਈ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਇਸ ‘ਚ ਦਖ਼ਲ ਦਿੰਦੇ ਹੋਏ ਇਨਸਾਫ਼ ਦਿਵਾਉਣ। ਇਹ ਅਪੀਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਲੀਡਰ ਐਤਵਾਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲੇ ਹਨ।
ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਸਿਆਸਤ ਤੇ ਬਦਲਾਖੋਰੀ ਤੋਂ ਪ੍ਰੇਰਿਤ ਜਾਂਚਾਂ ਨੂੰ ਤੁਰੰਤ ਬੰਦ ਕਰਨ ਦਾ ਨਿਰਦੇਸ਼ ਦੇ ਕੇ ਲੋਕਤੰਤਰ ਤੇ ਲੋਕਤੰਤਰੀ ਸੰਸਥਾਵਾਂ ਦੀ ਰਾਖੀ ਕਰਨ ਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੂੰ ਝੂਠੇ ਕੇਸਾਂ ਵਿੱਚ ਨਾ ਫਸਾਇਆ ਜਾਵੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ‘ਚ ਅਕਾਲੀ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਇਸ ਸਬੰਧੀ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ ਤੇ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਕਾਂਗਰਸ ਪਾਰਟੀ ਸਾਰੀਆਂ ਜਾਂਚਾਂ ਦਾ ਸਿਆਸੀਕਰਨ ਕਰ ਰਹੀ ਹੈ ਤੇ ਚੁਣੇ ਹੋਏ ਨੁਮਾਇੰਦਿਆਂ ਦੇ ਆਪਣੇ ਹਲਕਾ ਵਾਸੀਆਂ ਦੀ ਮੱਦਦ ਕਰਨ ਦੇ ਅਧਿਕਾਰਾਂ ਤੱਕ ਨੂੰ ਕੁਚਲ ਰਹੀ ਹੈ।
ਰਾਜਪਾਲ ਨੂੰ ਇਸ ਦੀ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਵਾਪਰੀਆਂ ਗੋਲੀਬਾਰੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ 2017 ‘ਚ ਸੱਤਾ ਸੰਭਾਲਦਿਆਂ ਹੀ ਸਰਕਾਰ ਵੱਲੋਂ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਣਜੀਤ ਕਮਿਸ਼ਨ ਨਾਂਅ ਦਾ ਇੱਕ ਕਮਿਸ਼ਨ ਬਣਾਇਆ ਸੀ, ਜਿਸ ਦੇ ਪੱਖਪਾਤੀ ਰਵੱਈਏ ਕਰਕੇ ਅਕਾਲੀ ਦਲ ਨੇ ਇਸ ਦਾ ਬਾਈਕਾਟ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇੱਕ ਸਿਟ ਬਣਾਈ ਗਈ, ਜਿਸ ਨੂੰ ਇਸ ਉਮੀਦ ਨਾਲ ਅਸੀਂ ਸਹਿਯੋਗ ਦਿੱਤਾ ਕਿ ਇਹ ਇਨ੍ਹਾਂ ਦੋਵੇਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਫੜੇਗੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਏਗੀ। ਬਾਦਲ ਨੇ ਕਿਹਾ ਕਿ ਅਜਿਹੀਆਂ ਉਮੀਦਾਂ ‘ਤੇ ਪਾਣੀ ਫੇਰਦਿਆਂ ਸਿਟ ਨੇ ਅਕਾਲੀ ਆਗੂਆਂ ਖ਼ਿਲਾਫ ਇੱਕ ਬਦਲਾਖੋਰ ਮੁਹਿੰਮ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅਜਿਹੇ ਇੱਕ ਝੂਠੇ ਕੇਸ ‘ਚ ਦੋਸ਼ੀ ਬਣਾਇਆ ਜਾ ਚੁੱਕਿਆ ਹੈ ਜਦਕਿ 2015 ‘ਚ ਇਹ ਮੰਦਭਾਗੀ ਘਟਨਾ ਵਾਪਰੀ ਸੀ ਤਾਂ ਉਹ ਸਿਰਫ ਇੱਕ ਨੁਮਾਇੰਦੇ ਵਜੋਂ ਆਪਣਾ ਫਰਜ਼ ਨਿਭਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਰਾਹੀਂ ਗਲਤ ਸਿੱਟੇ ਕੱਢੇ ਜਾ ਰਹੇ ਹਨ ਅਤੇ ਸਿਟ ਇਹ ਦਾਅਵਾ ਕਰ ਰਹੀ ਹੈ ਕਿ ਵਿਧਾਇਕ ਅਧਿਕਾਰੀਆਂ ‘ਤੇ ਦਬਾਅ ਪਾ ਰਿਹਾ ਸੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਕਰਨ ਤੋਂ ਰੋਕ ਰਿਹਾ ਸੀ। ਸਿਟ ਦੀ ਇਹ ਹਰਕਤ ਬਹੁਤ ਹੀ ਸ਼ਰਮਨਾਕ ਹੈ
ਵਫ਼ਦ ਨੇ ਸਿਟ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੱਖਪਾਤੀ ਭੂਮਿਕਾ ਬਾਰੇ ਵੀ ਰਾਜਪਾਲ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਆਈਜੀ ਕਾਂਗਰਸੀ ਆਗੂਆਂ ਦੀ ਮਰਜ਼ੀ ਮੁਤਾਬਿਕ ਬਿਆਨ ਤੇ ਸੰਮਨ ਜਾਰੀ ਕਰਕੇ ਸਿੱਧਾ ਹੀ ਕਾਂਗਰਸ ਪਾਰਟੀ ਦੇ ਹੱਥਾਂ ‘ਚ ਖੇਡ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ‘ਚ ਵੀ ਬਦਲਾਖੋਰੀ ਵਾਲੀਆਂ ਜਾਂਚਾਂ ਕਰਨ ਲਈ ਮਸ਼ਹੂਰ ਇਸ ਆਈਜੀ ਨੇ ਉਸ ਮੰਤਵ ਨੂੰ ਹੀ ਖ਼ਤਮ ਕਰ ਦਿੱਤਾ ਹੈ, ਜਿਸ ਲਈ ਸਿਟ ਦਾ ਗਠਨ ਕੀਤਾ ਗਿਆ ਸੀ ਇਸ ਦੀ ਥਾਂ ਉਹ ਸਿਆਸੀ ਨਿਰਦੇਸ਼ਾਂ ਮੁਤਾਬਿਕ ਕਾਂਗਰਸ ਦੇ ਸਿਆਸੀ ਵਿਰੋਧੀਆਂ ‘ਤੇ ਖੁੰਦਕ ਭਰੇ ਹਮਲੇ ਕਰ ਰਿਹਾ ਹੈ।