ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਰਾਹੁਲ ਗਾਂਧੀ ‘ਤੇ ਪ੍ਰਗਟਾਇਆ ਭਰੋਸਾ
ਨਵੀਂ ਦਿੱਲੀ। ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਹਰ ਕਿਸੇ ਦੇ ਜਹਿਨ ‘ਚ ਸਵਾਲ ਉੱਠ ਰਹੇ ਹਨ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਅੱਜ ਹੋਣ ਵਾਲੀ ਮੀਟਿੰਗ ‘ਚ ਨਵਾਂ ਪਾਰਟੀ ਮੁਖੀ ਚੁਣਨ ਲਈ ਕਹਿ ਸਕਦੀ ਹੈ।
ਬੀਤੇ ਦਿਨ ਕਾਂਗਰਸ ਦੇ ਕਰੀਬ ਦੋ ਦਰਜਨ ਸੀਨੀਅਰ ਆਗੂਆਂ ਵੱਲੋਂ ਸੋਨੀਆ ਗਾਂਧੀ ਨੂੰ ਸੀਨੀਅਰ ਲੀਡਰਸ਼ਿਪ ‘ਚ ਬਦਲਾਅ ਕਰਨ ਦੀ ਮੰਗ ਵਾਲੀ ਚਿੱਠੀ ਲਿਖੀ ਗਈ ਸੀ, ਜਿਸ ਤੋਂ ਬਾਅਦ ਐਤਵਾਰ ਨੂੰ ਚਿੱਠੀਆਂ ਦਾ ਦੌਰ ਸ਼ੁਰੂ ਹੋ ਗਿਆ ਸੀ। ਇਸ ਤੋਂ ਬਾਅਦ ਪੰਜਜਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁੰਦੇ ਹਨ, ਪ੍ਰਧਾਨਗੀ ‘ਤੇ ਰਹਿਣ ਤੇ ਇਸ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਹ ਅਹੁਦਾ ਸੰਭਾਲਣਾ ਚਾਹੀਦਾ ਹੈ ਕਿਉਂਕਿ ਉਹ ਪੂਰੀ ਤਰ੍ਹਾਂ ਸਮਰੱਥ ਹਨ। ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।
ਸੋਨੀਆ ਗਾਂਧੀ ਨੇ ਪਾਰਟੀ ਦੇ ਆਗੂਆਂ ਨੂੰ ਨਵਾਂ ਪ੍ਰਧਾਨ ਖੋਜਣ ਲਈ ਕਿਹਾ ਹੈ। ਉਹ ਇਸ ਅੁਹਦੇ ‘ਤੇ ਵੱਖ-ਵੱਖ ਸਮੇਂ ‘ਤੇ ਹੁਣ ਤੱਕ 20 ਸਾਲਾਂ ਤੱਕ ਰਹਿ ਚੁੱਕੀ ਹੈ। ਓਧਰ ਰਾਹੁਲ ਗਾਂਧੀ ਪਹਿਲਾਂ ਹੀ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਲੈਣ ਤੋਂ ਨਾਂਹ ਕਰ ਚੁੱਕੇ ਹਨ। 2019 ਦੀਆਂ ਲੋਕ ਸਭਾ ਚੋਣਾਂ ‘ਚ ਪਾਰਟੀ ਦੀ ਹਾਰ ਤੋਂ ਬਾਅਦ ਉਨ੍ਹਾਂ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਸੋਨੀਆ ਗਾਂਧੀ ਨੇ ਅਗਸਤ ‘ਚ ਇੱਕ ਸਾਲ ਲਈ ਅੰਤਰਿਮ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲੀ। ਇਸ ਸਾਲ 10 ਅਗਸਤ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.