ਠੀਕਰੀਵਾਲਾ ਚੌਂਕ ਤੋਂ ਬੱਸ ਸਟੈਂਡ ਤੱਕ ਕੀਤਾ ਰੋਸ ਮਾਰਚ
ਰੈਗੂਲਰ ਕਰਨ ਦੀ ਕਰ ਰਹੇ ਨੇ ਮੰਗ
ਖੁਸ਼ਵੀਰ ਸਿੰਘ ਤੂਰ, ਪਟਿਆਲਾ । ਮੁੱਖ ਮੰਤਰੀ ਦੇ ਸ਼ਹਿਰ ’ਚ ਠੇਕਾ ਮੁਲਾਜ਼ਮਾਂ ਵੱਲੋਂ ਠੀਕਰੀਵਾਲਾ ਚੌਂਕ ’ਤੇ ਮੁੱਖ ਸੜਕ ਜਾਮ ਕਰਕੇ ਲਗਾਇਆ ਹੋਇਆ ਧਰਨਾ ਲਗਾਤਾਰ ਜਾਰੀ ਹੈ। ਪਿਛਲੇ ਤਿੰਨ ਦਿਨਾਂ ਤੋਂ ਠੇਕਾ ਮੁਲਾਜ਼ਮਾਂ ਦੇ ਪਰਿਵਾਰ ਦਿਨ-ਰਾਤ ਰੈਗੂਲਰ ਦੀ ਮੰਗ ਨੂੰ ਲੈ ਡਟੇ ਹੋਏ ਹਨ। ਅੱਜ ਵੀ ਠੇਕਾ ਮਲਾਜ਼ਮਾਂ ਵੱਲੋਂ ਸ਼ਹਿਰ ਅੰਦਰ ਆਪਣਾ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਇੱਧਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਇੱਥੋਂ ਉਠਾਉਣ ਲਈ ਕਾਫ਼ੀ ਜੋਰ ਪਾਇਆ ਜਾ ਰਿਹਾ ਹੈ, ਪਰ ਅਜੇ ਤੱਕ ਕਿਸੇ ਪ੍ਰਕਾਰ ਦੀ ਸਹਿਮਤੀ ਨਹੀਂ ਬਣੀ। ਜਾਣਕਾਰੀ ਅਨੁਸਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਇਨਲਿਸਟਮੈਂਟ, ਠੇਕੇਦਾਰਾਂ, ਆਊਟਸੋਰਸ, ਕੰਟਰੈਕਟ, ਸੁਸਾਇਟੀਆਂ, ਕੰਪਨੀਆਂ, ਕੇਂਦਰੀ ਸਕੀਮਾਂ, ਟੈਪਰੇਰੀ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ ਕਰਕੇ ਰੈਗੂਲਰ ਕਰਨ ਦੀ ਮੁੱਖ ਮੰਗ ਮਨਵਾਉਣ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੇਨਰ ਹੇਠ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਠੋਕਿਆ ਹੋਇਆ ਹੈ।
ਅੱਜ ਠੀਕਰੀਵਾਲਾ ਚੌਕ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਜਗਰੂਪ ਸਿੰਘ, ਕੁਲਦੀਪ ਸਿੰਘ ਬੁੱਢੇਵਾਲ ,ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਘਰ-ਘਰ ਨੌਕਰੀ ਦੇਣ ਦਾ ਆਪਣਾ ਵਾਅਦਾ ਨਹੀਂ ਨਿਭਾ ਰਹੀ ਅਤੇ ਕੱਚੇ ਮੁਲਾਜ਼ਮਾਂ ਨੂੰ ਆਪਣੇ ਵਾਅਦੇ ਅਨੁਸਾਰ ਪੱਕਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਛੋਟੇ ਛੋਟੇ ਬੱਚੇ, ਮਾਤਾ ਪਿਤਾ ਅਤੇ ਪਰਿਵਾਰਕ ਮੈਂਬਰ ਸਰਕਾਰ ਕੋਲ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ, ਆਊਟਸੋਰਸਿੰਗ, ਇਨਲਿਸਟਮੈਂਟ, ਕੰਪਨੀਆਂ ਆਦਿ ਹੋਰ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ, ਨਵੇਂ ਬਣਾਏ ਜਾ ਰਹੇ ਮੁਲਾਜ਼ਮ ਭਲਾਈ ਐਕਟ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਸ਼ਾਮਿਲ ਕਰਕੇ ਐਕਟ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਉਹ ਇਸੇ ਤਰ੍ਹਾਂ ਹੀ ਇੱਥੇ ਪੱਕੇ ਮੋਰਚੇ ’ਤੇ ਬੈਠੇ ਰਹਿਣਗੇ। ਇੱਧਰ ਪ੍ਰਸ਼ਾਸਨ ਇਨ੍ਹਾਂ ਨੂੰ ਸੜਕ ਤੋਂ ਵੱਖਰੀ ਥਾਂ ’ਤੇ ਧਰਨਾ ਦੇਣ ਲਈ ਰਾਜੀ ਕਰ ਰਿਹਾ ਹੈ, ਪਰ ਅੱਜ ਤੱਕ ਧਰਨਾਕਾਰੀ ਇਸ ਗੱਲ ਨੂੰ ਲੈ ਕੇ ਸਹਿਮਤ ਨਹੀਂ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ