Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ

Stubble Management
Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ

ਕਿਸਾਨਾਂ ਨੂੰ ਪਰਾਲੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ

Stubble Management: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਸਬੰਧੀ ਡੰਪਾਂ ’ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦਾ ਵਿਗਿਆਨਕ ਢੰਗ ਨਾਲ ਪ੍ਰਬੰਧ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਿਹੜੇ ਕਿਸਾਨ ਵਾਤਾਵਰਨ-ਅਨੁਕੂਲ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰ ਰਹੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾ ਰਹੇ ਹਨ। ਜੇਕਰ ਕਿਸੇ ਬੇਲਰ ਮਾਲਕ ਕੋਲ ਗੱਠਾ ਸੰਭਾਲਣ ਲਈ ਆਪਣੀ ਜਗ੍ਹਾ ਨਹੀਂ ਹੈ, ਤਾਂ ਉਨ੍ਹਾਂ ਨੂੰ ਸਰਕਾਰੀ ਜਗ੍ਹਾ ਵੀ ਉਪਲੱਬਧ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਮੌਜੂਦ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਲਰ ਵਾਲਿਆਂ ਨੂੰ ਪਰਾਲੀ ਡੰਪ ਕਰਨ ਵਿੱਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਲਈ ਥਾਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Punjab Checking News: ਡਰੱਗ ਅਫ਼ਸਰਾਂ ਦਾ ਚੈਕਿੰਗ ਦੌਰਾਨ ਵਿਰੋਧ ਤੇ ਨਾਅਰੇਬਾਜ਼ੀ ਕਰਨਾ ਮੰਦਭਾਗਾ : ਚੰਨੀ

ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਨੋਡਲ ਅਧਿਕਾਰੀ, ਕਲਸਟਰ ਅਫਸਰ ਅਤੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ, ਜੋ ਕਿ ਜੁਆਇੰਟ ਆਪਰੇਸ਼ਨ ਵਿੱਚ ਮਿਲ-ਜੁਲ ਕੇ ਕੰਮ ਕਰ ਰਹੇ ਹਨ। ਇਸ ਟੀਮ ਨੂੰ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਦਾ ਨਾਂਅ ਦਿੱਤਾ ਗਿਆ ਹੈ ਅਤੇ ਸਾਰੇ ਗਜ਼ਟਿਡ ਅਧਿਕਾਰੀ ਵੱਧ ਤੋਂ ਵੱਧ ਫੋਰਸ ਦੇ ਨਾਲ ਮੈਦਾਨ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੇ ਅਨੁਸਾਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਇਸ ਮੌਕੇ ਐਸ.ਡੀ.ਐਮ. ਜੈਤੋ ਸ੍ਰੀ ਸੂਰਜ ਕੁਮਾਰ, ਡੀ.ਐਸ.ਪੀ. ਜੈਤੋ ਇਕਬਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਸ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਹਾਜ਼ਰ ਸਨ। Stubble Management