ਨਸ਼ਾ ਮੁਕਤ ਪਿੰਡਾਂ ਲਈ ਲਾਭਾਂ ਦਾ ਐਲਾਨ, ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਕਦਮ
ਅਸ਼ਵਨੀ ਚਾਵਲਾ, ਚੰਡੀਗੜ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ‘ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਉਤਸ਼ਾਹ ਦੇਣ ਲਈ ਹੋਰ ਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪ ਰੇਖਾ ਤਿਆਰ ਕੀਤੀ।
ਜੇਲ੍ਹਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ ਦੇ ਪ੍ਰੋਜੈਕਟ ਪਹਿਲਾਂ ਹੀ ਜ਼ਮੀਨੀ ਪੱਧਰ ‘ਤੇ ਆ ਗਏ ਹਨ। ਮੁੱਖ ਮੰਤਰੀ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਨਸ਼ਿਆਂ ਦੇ ਮਾਮਲੇ ਵਿੱਚ ਮੁਕਤੀ ਦਰ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਮੁਕੱਦਮਾ ਚਲਾਉਣ ਦੀ ਪ੍ਰਕਿਰਿਆ ‘ਤੇ ਹੋਰ ਜ਼ੋਰ ਦੇਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦੇ ਸਮਗਲਰ ਸੌਖੇ ਢੰਗ ਨਾਲ ਜਮਾਨਤ ਪ੍ਰਾਪਤ ਨਾ ਕਰ ਸਕਣ। ਉਨ੍ਹਾਂ ਨਸ਼ਿਆਂ ਦੇ ਤਸਕਰਾਂ ‘ਤੇ ਕਾਨੂੰਨ ਦਾ ਸ਼ਿਕੰਜਾ ਸਖ਼ਤੀ ਨਾਲ ਕਸਣ ਵਾਸਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਕਾਰਜ ਨਾਲ ਇਕੱਲੀ ਐਸ.ਟੀ.ਐਫ. ਨਹੀਂ ਨਿਪਟ ਸਕਦੀ।
ਸੂਬੇ ਵਿੱਚ ਪਾਣੀ ਦੀ ਨਾਜ਼ੁਕ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਇਸ ਸਬੰਧ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਆਪਣੇ -ਆਪਣੇ ਜ਼ਿਲ੍ਹੇ ਵਿੱਚ ਜਲ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਯੋਜਨਾ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ। ਉਨ੍ਹਾਂ ਇਨ੍ਹਾਂ ਕਾਰਜਾਂ ਨੂੰ ਬਿਨਾ ਅੜਚਨ ਚਲਾਉਣ ਨੂੰ ਯਕੀਨੀ ਬਣਾਉਣ ਲਈ ਅੰਤਰ-ਵਿਭਾਗੀ ਤਾਲਮੇਲ ਕਰਨ ਵਾਸਤੇ ਆਖਿਆ। ਮੁੱਖ ਮੰਤਰੀ ਨੇ ਮੀਂਹ ਦੇ ਪਾਣੀ ਦੀ ਸਟੋਰੇਜ਼ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ‘ਤੇ ਨਿਯਮਿਤ ਨਿਗਰਾਨੀ ਰੱਖਣ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਉਨ੍ਹਾਂ ਪਾਣੀ ਦੀ ਘੱਟ ਵਰਤੋਂ ਵਾਲੀਆਂ ਫ਼ਸਲਾਂ ਅਤੇ ਫ਼ਸਲੀ ਤਕਨੀਕਾਂ ਨੂੰ ਬੜਾਵਾ ਦੇਣ ਵਾਸਤੇ ਕਦਮ ਚੁੱਕਣ ਲਈ ਵੀ ਕਿਹਾ।
ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਘਰ ਪੱਧਰ ‘ਤੇ ਕੂੜਾ-ਕਰਕਟ ਅੱਡ ਕਰਨ ਦੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਜੋ ਸੁੱਕੇ ਅਤੇ ਗਿੱਲੇ ਕੂੜੇ ਨੂੰ ਇਕੱਠਾ ਕਰਕੇ ਇਸ ਦਾ ਵੱਖਰੇ-ਵੱਖਰੇ ਤੌਰ ‘ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੁਆਇਨਾ ਕਰਨ ਲਈ ਆਖਿਆ ਤਾਂ ਜੋ ਇਨ੍ਹਾਂ ਕਾਰਜਾਂ ਦੇ ਉੱਚ ਮਿਆਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਪਿੰਡਾਂ ਦੇ ਸੁਧਾਰ ਅਤੇ ਸਾਫ਼ ਸਫ਼ਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪੌਦਿਆਂ ਨੂੰ ਲਾਉਣ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਸਿੱਖਿਆ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਤੀਜਿਆਂ ‘ਚ ਸੁਧਾਰ ਹੋਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਪੱਧਰ ਨੂੰ ਉੱਚਾ ਚੁੱਕਣ ‘ਤੇ ਸਿੱਖਿਆ ਸਕੱਤਰ ਨੂੰ ਵਧਾਈ ਦਿੱਤੀ।
ਸੁਰੱਖਿਆ ਮੁਲਾਜਮਾਂ ਤੇ ਕੈਦੀਆਂ ‘ਚ ਭਾਸ਼ਾਈ ਅੜਚਨਾਂ ‘ਤੇ ਵਿਚਾਰ
ਜੇਲ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀ ਤਿਹਾੜ ਜੇਲ੍ਹ ਦੀ ਤਰਜ਼ ‘ਤੇ ਦੱਖਣੀ ਸੂਬਿਆਂ ਤੋਂ ਸੁਰੱਖਿਆ ਬਟਾਲੀਅਨ ਪ੍ਰਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਤਾਂ ਜੋ ਸੁਰੱਖਿਆ ਮੁਲਾਜ਼ਮਾਂ ਅਤੇ ਕੈਦੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚਕਾਰ ਭਾਸ਼ਾਈ ਅੜਚਨਾਂ ਪੈਦਾ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਸੁਰੱਖਿਆ ਮੁਲਾਜ਼ਮਾਂ ਦੇ ਕੈਦੀਆਂ ਦੇ ਨੇੜੇ ਜਾਣ ‘ਤੇ ਰੋਕ ਲੱਗੇਗੀ। ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਦੀ ਨਿਯਮਿਤ ਆਧਾਰ ‘ਤੇ ਨਿੱਜੀ ਜਾਂਚ ਦੇ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕੈਦੀਆਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਕੈਦੀਆਂ ਦੀ ਭਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਕੋਈ ਬੁੱਚੜਖਾਨੇ ਨਹੀਂ ਹਨ ਜਿੱਥੇ ਕੈਦੀਆਂ ਨੂੰ ਵਾੜ ਕੇ ਭੁਲਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਸਰੀਰਕ ਸਿਖਲਾਈ ਸਣੇ ਰੁਝੇਵਿਆਂ ਵਿੱਚ ਰੱਖਣ ਦੇ ਢੰਗ-ਤਰੀਕੇ ਲੱਭਣਾ ਬਹੁਤ ਮਹੱਤਵਪੂਰਨ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।