
ਕਿਹਾ, ਸਮਾਜ ਦੀ ਭਾਗੀਦਾਰੀ ਨਾਲ ਹੀ ਮੁੱਖ ਮੰਤਰੀ ਦਾ “ਨਸ਼ਾ ਮੁਕਤ ਰੰਗਲਾ ਪੰਜਾਬ” ਦਾ ਸੁਪਨਾ ਸਾਕਾਰ ਹੋ ਸਕਦਾ
- ਨਸ਼ਾ ਖਾਤਮੇ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ : ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ
Malerkotla News: ਮਾਲੇਰਕੋਟਲਾ,(ਗੁਰਤੇਜ ਜ਼ੋਸ਼ੀ)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਧਾਨ ਸਭਾ ਹਲਕਾ-ਮਾਲੇਰਕੋਟਲਾ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸਥਾਨਕ ਉਰਦੂ ਐਕਡਮੀ ਵਿਖੇ ਕੀਤੀ ਗਈ। ਇਸ ਸਿੱਖਲਾਈ ਸੈਸ਼ਨ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਿਸ਼ੇਸ਼ ਤੌਰ ‘ਤੇ ਪੁੱਜੇ ।
ਡਾ. ਰਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਐਸੀ ਸਰਕਾਰ ਹੈ ਜਿਸ ਨੇ ਨਸ਼ਿਆਂ ਵਿਰੁੱਧ ਹਰ ਪੱਧਰ ਉੱਤੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ ਤਸਕਰਾਂ ਖ਼ਿਲਾਫ਼ ਕਾਰਵਾਈ ਨਹੀਂ, ਬਲਕਿ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਸਰਕਾਰ ਅਣਥੱਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਡਿਫੈਂਸ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮੱਦਦ ਨਾ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਮਾਜ ਦੀ ਭਾਗੀਦਾਰੀ ਨਾਲ ਹੀ ਮੁੱਖ ਮੰਤਰੀ ਦਾ “ਨਸ਼ਾ ਮੁਕਤ ਰੰਗਲਾ ਪੰਜਾਬ” ਦਾ ਸੁਪਨਾ ਸਾਕਾਰ ਹੋ ਸਕਦਾ ਹੈ।
ਇਹ ਵੀ ਪੜ੍ਹੋ: Traffic Rules: ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਕੀਤੇ ਚਲਾਨ
ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਦੂਜੇ ਪਾਸੇ ਨਸ਼ਾ ਪੀੜਤਾਂ ਦੇ ਪੁਨਰਵਾਸ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੁਲਿਸ ਵਿਭਾਗ ਅਤੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਏਗਾ ਅਤੇ ਇਸ ਮਿਸ਼ਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਡੀ.ਐਸ.ਪੀ. ਮਾਨਵਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਮਾਲੇਰਕੋਟਲਾ ਪੁਲਿਸ ਵੱਲੋਂ “ਐਂਟੀ ਡਰੱਗ ਹੈਲਪਲਾਈਨ ਨੰਬਰ 91155-18150” ਚਲਾਇਆ ਜਾ ਰਿਹਾ ਹੈ ਜਿਸ ’ਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਮੁਬੀਨ ਕੁਰੇਸੀ, ਸਿੰਗਾਰਾ ਸਿੰਘ, ਵਿਸਾਖਾ ਸਿੰਘ, ਮਹਿੰਦਰਜੀਤ ਸਿੰਘ, ਸਰਪੰਚ ਨਰਿੰਦਰ ਸਿੰਘ ਸੋਹੀ, ਕੁਲਦੀਪ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ। Malerkotla News













