Bharatmala Project: (ਰਾਜਨ ਮਾਨ) ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਭਾਰਤ ਮਾਲਾ ਪ੍ਰੋਜੈਕਟ ਦੇ ਜ਼ਮੀਨ ਐਕਵਾਇਰ ਨਾ ਹੋਣ ਕਾਰਨ ਰੁਕੇ ਹੋਣ ’ਤੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਇੱਕ ਵਾਰ ਫਿਰ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਮਹੀਨੇ ਪਹਿਲਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜ਼ਮੀਨ ਜਲਦੀ ਤੋਂ ਜਲਦੀ ਐਕੁਆਇਰ ਕੀਤੀ ਜਾਵੇ ਅਤੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਮੱਦਦ ਕੀਤੀ ਜਾਵੇ ਲੇਕਿਨ ਸਰਕਾਰ ਨੇ ਧਿਆਨ ਨਹੀਂ ਦਿੱਤਾ।
ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਨਾਹੀ ਨੇ ਭਾਰਤਮਾਲਾ ਪਰਿਯੋਜਨਾ ਅਧੀਨ ਅੰਮ੍ਰਿਤਸਰ ਕਨੈਕਟੀਵਿਟੀ ਪ੍ਰੋਜੈਕਟ ਲਈ ਸੀਗਲ ਇੰਡੀਆ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਕੰਸਟਰਕਸ਼ਨ ਨਾਲ ਆਪਣਾ ਇਕਰਾਰਨਾਮਾ ਨਾਕਾਫ਼ੀ ਜ਼ਮੀਨ ਪ੍ਰਾਪਤੀ ਕਾਰਨ ਖਤਮ ਕਰ ਦਿੱਤਾ ਹੈ। ਕੰਪਨੀ ਵੱਲੋਂ ਇਕਰਾਰਨਾਮਾ ਸਮਾਪਤੀ ਰੱਦ ਕਰਨ ਦੀ ਬੇਨਤੀ ਦੇ ਬਾਵਜੂਦ, ਨੈਸ਼ਨਲ ਹਾਈਵੇ ਅਥਾਰਟੀ ਨੇ ਮੁਆਵਜ਼ੇ ਵਜੋਂ ਇਕਰਾਰਨਾਮੇ ਦੀ ਕੀਮਤ ਦਾ 1% ਭੁਗਤਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 1,071 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 53 ਮਾਡਲ ਦੇ ਤਹਿਤ ਲਾਗੂ ਕੀਤਾ ਜਾ ਰਿਹਾ ਸੀ। ਕੰਪਨੀ ਨੂੰ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇਸ ਸਾਲ 25 ਫਰਵਰੀ ਨੂੰ ਇਕਰਾਰਨਾਮਾ ਖਤਮ ਕਰਨ ਬਾਰੇ ਸੂਚਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Punjab Tourism Hub: ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ ਪੰਜਾਬ : ਤਰੁਨਪ੍ਰੀਤ ਸਿੰਘ ਸੌਂਦ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਰਫ਼ ਰਾਜਨੀਤੀ ’ਤੇ ਧਿਆਨ ਕੇਂਦਰਿਤ ਕੀਤਾ ਅਤੇ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਜੈਕਟ ਨੂੰ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਈ ਮਹੀਨੇ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਪ੍ਰੋਜੈਕਟ ਦੀ ਗੰਭੀਰਤਾ ਨੂੰ ਸਮਝਣ ਦੀ ਸਲਾਹ ਦਿੱਤੀ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਰਾਜਨੀਤੀ ਲਈ ਵਿਰੋਧੀ ਧਿਰ ਦੀ ਗੱਲ ਸੁਣਦੇ ਹਨ ਜਦੋਂ ਕਿ ਵਿਰੋਧੀ ਧਿਰ ਦੀ ਸਲਾਹ ਲੋਕਤੰਤਰ ਲਈ ਬਹੁਤ ਮਹੱਤਵਪੂਰਨ ਹੈ।
ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਫਿਰ ਪੱਛੜ ਗਿਆ : ਔਜਲਾ
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਇੱਕ ਸਰਹੱਦੀ ਇਲਾਕਾ ਹੈ ਅਤੇ ਪੂਰੀ ਤਰ੍ਹਾਂ ਯਾਤਰੀਆਂ ’ਤੇ ਨਿਰਭਰ ਹੈ ਅਤੇ ਇਸ ਖੇਤਰ ਲਈ ਇਸ ਪ੍ਰੋਜੈਕਟ ਦੀ ਸਭ ਤੋਂ ਵੱਧ ਮਹੱਤਤਾ ਹੈ। ਇਸ ਪ੍ਰੋਜੈਕਟ ’ਤੇ ਜ਼ਿਲ੍ਹੇ ਦੀਆਂ ਬਹੁਤ ਸਾਰੀਆਂ ਉਮੀਦਾਂ ਟਿਕੀਆਂ ਹੋਈਆਂ ਸਨ ਪਰ ਆਮ ਆਦਮੀ ਪਾਰਟੀ ਦੀ ਅਸਫਲਤਾ ਨੇ ਸਾਰੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਐਮਪੀ ਔਜਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਗਸਤ 2024 ਵਿੱਚ, ਟਰਾਂਸਪੋਰਟ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਪੰਜਾਬ ਵਿੱਚ ਪ੍ਰੋਜੈਕਟਾਂ ਦਾ ਕੰਮ ਸੁਚੱਜੇ ਢੰਗ ਨਾਲ ਨਹੀਂ ਕੀਤਾ ਗਿਆ ਅਤੇ ਜ਼ਮੀਨ ਪ੍ਰਾਪਤ ਨਾ ਕੀਤੀ ਗਈ ਤਾਂ ਪ੍ਰੋਜੈਕਟਾਂ ਨੂੰ ਖਤਮ ਕਰ ਦਿੱਤਾ ਜਾਵੇਗਾ। Bharatmala Project
ਉਨ੍ਹਾਂ ਕਿਹਾ ਕਿ 3,263 ਕਰੋੜ ਰੁਪਏ ਦੇ 104 ਕਿਲੋਮੀਟਰ ਲੰਬੇ ਪ੍ਰੋਜੈਕਟਾਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਨੇ ਪਹਿਲਾਂ ਹੀ ਰੋਕ ਦਿੱਤਾ ਹੈ। ਉਸ ਤੋਂ ਬਾਅਦ, 293 ਕਿਲੋਮੀਟਰ ਲੰਬਾਈ ਅਤੇ 14200 ਕਰੋੜ ਰੁਪਏ ਦੇ ਹੋਰ ਪ੍ਰੋਜੈਕਟਾਂ, ਖਾਸ ਕਰਕੇ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ ਨੂੰ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ। Bharatmala Project