ਅਰਵਿੰਦ ਖੰਨਾ ਤੇ ਕੇਵਲ ਢਿੱਲੋਂ ਨੇ ਵੀ ਕੀਤੀ ਸ਼ਿਰਕਤ
ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਠੱਲ੍ਹਣ ਦਾ ਨਾਂਅ ਨਹੀਂ ਲੈ ਰਿਹਾ। ਆਮ ਆਦਮੀ ਪਾਰਟੀ ਵੀ ਨਸ਼ਿਆਂ ਖਿਲਾਫ਼ (Depth Campaign) ਕੁਝ ਠੋਸ ਕਦਮ ਨਹੀਂ ਚੁੱਕ ਸਕੀ ਜਿਸ ਕਾਰਨ ਹੁਣ ਨਸ਼ਿਆਂ ਖਿਲਾਫ਼ ਭਾਜਪਾ ਮੈਦਾਨ ਵਿੱਚ ਨਿੱਤਰੇਗੀ ਅਤੇ ਨਸ਼ਿਆਂ ਦਾ ਲੱਕ ਤੋੜਨ ਲਈ ਹੇਠਲੇ ਪੱਧਰ ਤੱਕ ਕੰਮ ਕਰੇਗੀ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਕਾਂਗੜ ਨੇ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਕਾਂਗੜ ਨੇ ਕਿਹਾ ਕਿ ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਰਿਹਾ ਹੈ ਅਤੇ ਦਿਨੋਂ ਦਿਨ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਜ਼ਿਲ੍ਹਾ ਪੱਧਰ ’ਤੇ ਨਸ਼ਿਆਂ ਖਿਲਾਫ਼ ਮੁਹਿੰਮ ਆਰੰਭ ਕਰ ਰਹੀ ਹੈ ਜਿਸ ਵਿੱਚ ਉਹ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਕਹੇਗੀ ਅਤੇ ਨਸ਼ਿਆਂ ਰੂਪੀ ਅਮਰ ਵੇਲ ਦਾ ਤੋੜ ਲੱਭਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਭਾਜਪਾ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਆਸੇ ਪਾਸੇ ਨਸ਼ਾ ਕਰਨ ਵਾਲੇ ਨੌਜਵਾਨਾਂ ਕੋਲ ਜਾ ਕੇ ਉਨ੍ਹਾਂ ਬਾਰੇ ਜਾਣਕਾਰੀ ਇਕੱਤਰ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਨਸ਼ਿਆਂ ਤੇ ਰੋਕ ਲਾਉਣ ਵਿੱਚ ਅਸਫ਼ਲ ਸਾਬਤ ਹੋਈ ਹੈ। ਇਸ ਦੌਰਾਨ ਉਨ੍ਹਾਂ ਪਾਰਟੀ ਆਗੂਆਂ ਨਾਲ ਪਾਰਟੀ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। (Depth Campaign)
ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਲਈ ਚੁੱਕਾਂਗੇ ਬੀੜਾ : ਗੁਰਪ੍ਰੀਤ ਸਿੰਘ ਕਾਂਗੜ
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਨੂੰ ਹੁਣ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦਾ ਭਲਾ ਸੋਚਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਵੱਲੋਂ ਜਿਸ ਤਰ੍ਹਾਂ ਦਾ ਗੰਧਲਾ ਮਾਹੌਲ ਬਣਾਇਆ ਜਾ ਰਿਹਾ ਹੈ, ਉਸ ਨੂੰ ਵੇਖ ਕੇ ਹਰ ਪੰਜਾਬੀ ਡਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਤੋਂ ਸਪੱਸ਼ਟ ਹੈ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਭਾਜਪਾ ਦੀ ਹੀ ਹੋਵੇਗੀ। (Depth Campaign)
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਮੁਹਿੰਮ ਆਰੰਭੀ ਜਾਵੇਗੀ, ਉਸ ਦਾ ਪਿੰਡ-ਪਿੰਡ ਤੇ ਸ਼ਹਿਰਾਂ ਦੇ ਬੂਥ ਪੱਧਰ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀਆਂ ਬੂਥ ਪੱਧਰ ਦੀਆਂ ਕਮੇਟੀਆਂ ਵੀ ਗਠਿਤ ਕੀਤੀਆਂ ਜਾਣਗੀਆਂ। ਇਸ ਮੌਕੇ ਪਾਰਟੀ ਦੇ ਸੂਬਾਈ ਸਕੱਤਰ ਸੁਖਵਿੰਦਰ ਕੌਰ ਨੌਲੱਖਾ ਨੇ ਵੀ ਭਾਜਪਾ ਆਗੂਆਂ ਦੀ ਇਕੱਤਰਤਾ ਨੂੰ ਸੰਬੋਧਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ