ਮੰਤਰੀ ਨੇ ਸਮੁੱਚੇ ਸਿੱਖਿਆ ਵਿਭਾਗ ਪ੍ਰਤੀ ਆਪਣੀ ਜ਼ਿੰਮੇਵਾਰੀ ਕਬੂਲਣ ਦੀ ਥਾਂ ਅਧਿਕਾਰੀਆਂ ‘ਤੇ ਕੱਢਿਆ ਗੁੱਸਾ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੇ ਡਰੈਸ ਕੋਡ ਲਾਗੂ ਕਰਨ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਏਨੇ ਜ਼ਿਆਦਾ ਨਰਾਜ਼ ਹੋ ਗਏ ਹਨ ਕਿ ਉਨ੍ਹਾਂ ਮਾਮਲੇ ਦੀ ਡੂੰਘਾਈ ਨਾਲ ਜਾਣਕਾਰੀ ਲਏ ਬਿਨਾਂ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ, ਜਦੋਂ ਕਿ ਜਿਹੜੇ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨਾਂ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉੱਚ ਅਧਿਕਾਰੀ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਨਾ ਹੁੰਦਾ ਦੇਖ ਉਸ ਸਬੰਧੀ ਯਾਦ ਪੱਤਰ ਜਾਰੀ ਕੀਤਾ ਗਿਆ ਸੀ। ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਇਸ ਮਾਮਲੇ ਵਿੱਚ ਹੋ ਰਹੀ ਕਿਰਕਿਰੀ ਤੋਂ ਆਪਣਾ ਬਚਾਅ ਕਰਨ ਲਈ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰੀਸ਼ ਸ਼ੁਕਲਾ ਤੇ ਸਹਾਇਕ ਡਾਇਰੈਕਟਰ ਅਮਰਬੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ।
ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਮਹਿਲਾ ਅਧਿਆਪਕਾਂ ਦੇ ਪਹਿਰਾਵੇ ਸਬੰਧੀ ਡਰੈਸ ਕੋਡ ਵਾਲੀ ਚਿੱਠੀ ਜਾਰੀ ਕੀਤੀ ਗਈ ਜਿਸ ਨਾਲ ਸਮਾਜ ਵਿੱਚ ਸਭ ਤੋਂ ਵੱਧ ਸਨਮਾਨ ਦਾ ਦਰਜਾ ਰੱਖਣ ਵਾਲੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਅਤੇ ਖਾਸ ਕਰਕੇ ਮਹਿਲਾਵਾਂ ਦੇ ਮਾਨ ਸਨਮਾਨ ਨੂੰ ਵੱਡੀ ਠੇਸ ਪੁੱਜੀ। ਉਨਾਂ ਕਿਹਾ ਕਿ ਇਹ ਹੁਕਮ ਮੁਅੱਤਲ ਕੀਤੇ ਉਕਤ ਦੋਵੇਂ ਅਧਿਕਾਰੀਆਂ ਵੱਲੋਂ ਆਪਣੇ ਪੱਧਰ ਤੇ ਹੀ ਜਾਰੀ ਕੀਤੇ ਗਏ ਜਿਸ ਦੀ ਉਨਾਂ ਨੇ ਕਿਸੇ ਵੀ ਉੱਚ ਅਧਿਕਾਰੀ ਤੋਂ ਸਹਿਮਤੀ ਜਾਂ ਪ੍ਰਵਾਨਗੀ ਨਹੀਂ ਲਈ। ਉਨਾਂ ਕਿਹਾ ਕਿ ਅਜਿਹੀ ਕਾਰਵਾਈ ਕਰਨ ਵਾਲੇ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ। ਇਥੇ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਯਾਦ ਪੱਤਰ ਜਾਰੀ ਕਰਨ ਮੌਕੇ ਕਿਸੇ ਵੀ ਉੱਚ ਅਧਿਕਾਰੀ ਦੀ ਸਹਿਮਤੀ ਲੈਣ ਦੀ ਥਾਂ ‘ਤੇ ਸਮੇਂ ਸਮੇਂ ਸਿਰ ਪੁਰਾਣੇ ਆਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਸਬੰਧਿਤ ਅਧਿਕਾਰੀ ਆਪਣੇ ਪੱਧਰ ‘ਤੇ ਚਿੱਠੀ ਜਾਰੀ ਕਰਦੇ ਆਏ ਹਨ।