ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸੁਪਰੀਮ ਕੋਰਟ ਦੇ ਬਾਰ ਕਾਉਸਿੰਲ ਤੋਂ ਮੰਗ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸੁਪਰੀਮ ਕੋਰਟ ਦੇ ਵਕੀਲ ਹੋਣ ਦੇ ਬਾਵਜੂਦ ਵੀ ਐੱਚ. ਐੱਸ. ਫੂਲਕਾ ਗੈਰਕਾਨੂੰਨੀ ਗਤੀਵਿਧੀ ਨੂੰ ਕਰਨ ਲਈ ਧਮਕੀ ਤੱਕ ਦੇਣ ਲਈ ਉਤਾਰੂ ਹੋਏ ਬੈਠੇ ਹਨ, ਇਸ ਲਈ ਉਨ੍ਹਾਂ ਦਾ ਲਾਇਸੈਂਸ ਰੱਦ ਕਰਦੇ ਹੋਏ ਘਰ ਤੋਰ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਬਾਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ‘ਚੋਂ ਅਸਤੀਫੇ ਦੀ ਧਮਕੀ ਦੇ ਕੇ ਗੈਰ ਕਾਨੂੰਨੀ ਤੌਰ ‘ਤੇ ਝੂਠੇ ਤੇ ਆਧਾਰਹੀਣ ਕੇਸ ਦਰਜ ਕਰਵਾਉਣ ਦੇ ਯਤਨਾਂ ਬਦਲੇ ਐਡਵੋਕੇਟ ਐੱਚ ਐੱਸ ਫੂਲਕਾ ਦਾ ਲਾਇਸੈਂਸ ਰੱਦ ਕਰ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ‘ਚ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਐਡਵੋਕੇਟ ਫੂਲਕਾ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਕਿਹੜੇ ਕਾਨੂੰਨ ਤੇ ਨਿਯਮਾਂ ਤਹਿਤ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦਾ ਵਕੀਲ ਹੋਣ ਦੇ ਨਾਂਅ ‘ਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਗਿਆਨ ਹੋਣਾ ਚਾਹੀਦਾ ਹੈ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਜਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੋਵਾਂ ‘ਚੋਂ ਕਿਸੇ ਇੱਕ ਨੇ ਵੀ ਸ੍ਰ. ਬਾਦਲ ਜਾਂ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੇ ਕਿਸੇ ਵੀ ਮੰਤਰੀ ਖਿਲਾਫ ਇੱਕ ਵੀ ਸ਼ਬਦ ਆਪੋ ਆਪਣੀਆਂ ਰਿਪੋਰਟਾਂ ‘ਚ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਵਾਸਤੇ ਉਹ ਨਿਆਂਇਕ ਪ੍ਰਣਾਲੀ ਤੇ ਕਾਨੂੰਨ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਅਜਿਹਾ ਕੰਮ ਕਰਵਾਉਣ ਦੀ ਫਿਰਾਕ ‘ਚ ਹਨ ਜੋ ਬਿਲਕੁਲ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ। ਡਾ. ਚੀਮਾ ਨੇ ਇਸ ਗੱਲ ‘ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਸ੍ਰ ਫੂਲਕਾ ਦੀ ਧਮਕੀ ‘ਤੇ ਕਾਂਗਰਸ ਦੇ ਤਿੰਨ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਨੇ ਇਹ ਕਹਿ ਕੇ ਪਿੱਛਾ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸ੍ਰ. ਬਾਦਲ ਵਿਰੁੱਧ ਕੇਸ ਦਰਜ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਲੇ ਤੱਕ ਉਨ੍ਹਾਂ ਖਿਲਾਫ ਜਾਂਚ ‘ਚ ਕੁਝ ਵੀ ਸਪੱਸ਼ਟ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੰਤਰੀਆਂ ਦੇ ਇਸ ਕਥਨ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ‘ਚ ਜੋ ਕੂੜ ਪ੍ਰਚਾਰ ਤੇ ਤਮਾਸ਼ੇਬਾਜ਼ੀ ਸਾਰਾ ਦਿਨ ਹੁੰਦੀ ਰਹੀ, ਉਸ ‘ਚੋਂ ਅਮਲੀ ਤੌਰ ‘ਤੇ ਅਕਾਲੀ ਦਲ ਖਿਲਾਫ ਕੁਝ ਵੀ ਨਹੀਂ ਨਿਕਲਿਆ।
ਅਖੀਰ ‘ਚ ਡਾ. ਚੀਮਾ ਨੇ ਕਿਹਾ ਕਿ ਐਡਵੋਕੇਟ ਫੂਲਕਾ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਤੋਂ ਭਗੌੜੇ ਹੋ ਗਏ ਸਨ ਤੇ ਹੁਣ ਵਿਧਾਇਕ ਵਜੋਂ ਜ਼ਿੰਮੇਵਾਰੀ ਤੋਂ ਵੀ ਭੱਜਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਲੋਕਾਂ ਨਾਲ ਨਿੱਭਣਾ ਬਹੁਤ ਔਖਾ ਹੁੰਦਾ ਹੈ ਤੇ ਫੂਲਕਾ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਦਾ ਖਿਤਾਬ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।