ਪੰਜਾਬ ਦੇ 19ਵੇਂ ਸਥਾਨ ‘ਤੇ ਅਸੰਤੁਸ਼ਟ ਹੋਏ ਅਮਰਿੰਦਰ ਸਿੰਘ, ਕਾਰੋਬਾਰੀ ਸੌਖ ਨੂੰ ਹੁਲਾਰਾ ਦੇਣ ਦੇ ਆਦੇਸ਼

amarinder singh

ਕਿਹਾ, ਕੋਵਿਡ ਤੋਂ ਬਾਅਦ ਦੇ ਮਾਹੌਲ ਦੌਰਾਨ ਸੂਬੇ ਦੀਆਂ ਹੁਨਰ ਸਬੰਧੀ ਵਿਸ਼ੇਸ਼ ਲੋੜਾਂ ਦੀ ਪੂਰਤੀ ਕਰਨ ਲਈ ਨਵੀਂ ਸਿੱਖਿਆ ਨੀਤੀ ਵਿੱਚ ਸੋਧਾਂ ਕੀਤੀਆਂ ਜਾਣਗੀਆਂ

ਚੰਡੀਗੜ, (ਅਸ਼ਵਨੀ ਚਾਵਲਾ)। ਵਪਾਰਕ ਸੌਖ ਸਬੰਧੀ ਸਰਵੇਖਣ ਵਿੱਚ ਪੰਜਾਬ ਦੇ 19ਵੇਂ ਸਥਾਨ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਨਿਸ਼ਾਨਾ ਅਗਲੇ ਪੰਜ ਸਾਲ ਵਿੱਚ ਸੂਬੇ ਨੂੰ ਸਿਖਰਲੇ ਸਥਾਨ ‘ਤੇ ਲਿਜਾਣ ਦਾ ਹੈ ਜਿਸ ਲਈ ਕਾਰੋਬਾਰ ਸੌਖ ਨੂੰ ਹੁਲਾਰਾ ਦੇਣ ਲਈ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ ‘ਤੇ ਕੰਮ ਕਰ ਰਹੀ ਹੈ ਜਿਸ ਵਿੱਚ ਨਿਰਧਾਰਤ ਸਮਾਂ ਸੀਮਾ ਖਤਮ ਹੋਣ ‘ਤੇ ਆਪਣੇ ਆਪ ਆਨਲਾਈਨ ਪ੍ਰਵਾਨਗੀ ਜਾਰੀ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਵਿਦੇਸ਼ੀ ਤੇ ਘਰੇਲੂ ਕੰਪਨੀਆਂ ਨੂੰ ਖਿੱਚਣ ਲਈ ਨਵੇਂ ਉਦਯੋਗਿਕ ਪਾਰਕ ਵੀ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ, ਰਾਜਪੁਰਾ, ਬਠਿੰਡਾ ਤੇ ਮੁਹਾਲੀ ਵਿਖੇ ਅਤਿ-ਆਧੁਨਿਕ ਮੈਗਾ ਪਾਰਕ ਸਥਾਪਤ ਹੋ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਹ ਦੱਸਦਿਆਂ ਕਿ ਪੰਜਾਬ ਵੀਹਵੀਂ ਸਦੀ ਵਿੱਚ ਨੰਬਰ ਇੱਕ ਸੂਬਾ ਸੀ, ਉਦਯੋਗਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦਾ ਪਹਿਲਾਂ ਵਾਲਾ ਸਥਾਨ ਮੁੜ ਹਾਸਲ ਕਰਨ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਣ।

ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਉਪਰੰਤ ਆਉਣ ਵਾਲੇ ਸਾਲ ਵਿੱਚ ਆਮ ਵਰਗਾ ਮਾਹੌਲ ਹੋਣ ‘ਤੇ ਉਹ ਨਿਵੇਸ਼ਕਾਂ ਨੂੰ ਹੋਰ ਵੀ ਸਹਿਯੋਗ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਅਫਸਰਾਂ ਦੀ ਟੀਮ ਪੰਜਾਬ ਵਿੱਚ ਉਦਯੋਗਾਂ ਨੂੰ ਮੱਦਦ ਅਤੇ ਸਹੂਲਤ ਦੇਣ ਲਈ ਹਰ ਸੰਭਵ ਕੋਸ਼ਿਸ਼ਾਂ ਕਰੇਗੀ। ਆਪਣੀ ਹੁਨਰ ਸਿਖਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਨੂੰ ਨੌਕਰੀ ਆਧਾਰਿਤ ਬਣਾਉਣ ਲਈ ਉਦਯੋਗਾਂ ਨੂੰ ਸੂਬੇ ਦੇ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਤੁਹਾਨੂੰ ਹੁਨਰਮੰਦ ਮਨੁੱਖੀ ਸ਼ਕਤੀ ਚਾਹੀਦੀ ਹੈ ਅਤੇ ਤੁਸੀਂ ਇਨ੍ਹਾਂ ਸਿੱਖਿਅਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਚੰਗੇ ਪੈਕੇਜ ‘ਤੇ ਲੈ ਸਕਦੇ ਹੋ।”

ਮੁੱਖ ਮੰਤਰੀ ਚਿਤਕਾਰਾ ਯੂਨੀਵਰਸਿਟੀ ਵੱਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਕੋਵਿਡ ਤੋਂ ਬਾਅਦ ਦੀ ਦੁਨੀਆ ਲਈ ਨੌਕਰੀ ਦੇ ਖੇਤਰ ਅਤੇ ਲੋੜੀਂਦੇ ਹੁਨਰ ਸਬੰਧੀ ਕੁਝ ਸਨਅਤੀ ਦਿੱਗਜ਼ਾਂ ਨਾਲ ਵਰਚੂਅਲ ਕਾਨਫਰੰਸ ਕਰ ਰਹੇ ਸਨ। ਸੂਬੇ ਦੇ ਹਰੇਕ ਘਰ ਵਿੱਚ ਰੋਜ਼ਗਾਰ ਦੇਣ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਮਹੱਤਵਪੂਰਨ ਯੋਜਨਾ ‘ਘਰ-ਘਰ ਰੋਜ਼ਗਾਰ ਮਿਸ਼ਨ’ ਪ੍ਰੋਗਰਾਮ ਦੀ ਸਫਲਤਾ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਉਦਮੀ ਬਿਊਰੋ ਸਥਾਪਤ ਕੀਤੇ ਗਏ ਹਨ।

Amarinder Singh Orders | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗਾਂ ਦੀ ਹੁਨਰਮੰਦ ਕਿਰਤ ਦੀ ਮੰਗ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਨਰ ਦੀ ਘਾਟ ਵਾਲੇ ਬੇਰੋਜ਼ਗਾਰ ਨੌਜਵਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਰੋਜ਼ਗਾਰ ਦੇਣ ਵਾਲੇ ਦੀ ਮੰਗ ਨਾਲ ਮੇਲ ਖਾਂਦੇ ਹੋਣ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਫਾਇਦਾ ਲੈਣ ਲਈ ਹੁਣ ਤੱਕ 8 ਲੱਖ ਤੋਂ ਵੱਧ ਨੌਜਵਾਨਾਂ ਨੇ ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀਆਂ ਵਿਸ਼ੇਸ਼ ਲੋੜਾਂ ਦੇ ਮੱਦੇਨਜ਼ਰ ਖਾਸ ਕਰਕੇ ਕੋਵਿਡ ਤੋਂ ਬਾਅਦ ਦੇ ਮਾਹੌਲ ਦੇ ਸੰਦਰਭ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਵਿੱਚ ਸੋਧਾਂ ਕੀਤੀਆਂ ਜਾਣਗੀਆਂ ਕਿਉਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਨਰ ਵਿਕਾਸ ਨੂੰ ਉਤਸ਼ਾਹਤ ਕਰਨ ਦੀ ਜ਼ਰੂਰਤ ਹੈ।ਮੁੱਖ ਮੰਤਰੀ ਨੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕੀਤਾ ਜਿਸ ਵਿੱਚ ਖੇਤੀਬਾੜੀ ਅਰਥਚਾਰਾ ਪ੍ਰਮੁੱਖ ਤੌਰ ‘ਤੇ ਸ਼ਾਮਲ ਹੈ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਉਦਯੋਗੀਕਰਨ ਵੱਲ ਵਧਣ ਦੇ ਯਤਨ ਕੀਤੇ ਜਾ ਰਹੇ ਹਨ।  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੁਨੀਆ ਬਦਲ ਰਹੀ ਹੈ ਅਤੇ ਸਾਨੂੰ ਵੀ ਇਸ ਅਨੁਸਾਰ ਬਦਲਣਾ ਹੋਵੇਗਾ।

Amarinder Singh Orders | ਪਾਣੀ ਦੀ ਸੰਵੇਦਨਸ਼ੀਲ ਸਥਿਤੀ ਸਮੇਤ ਸੂਬੇ ਸਾਹਮਣੇ ਹੋਰ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਵੱਧ ਮੁਨਾਫੇ ਵਾਲੀਆਂ ਫਸਲਾਂ ਵੱਲ ਲਿਜਾਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਜਦਕਿ ਉਦਯੋਗ ਨੂੰ ਜ਼ੋਰਦਾਰ ਢੰਗ ਨਾਲ ਉਤਸ਼ਾਹਤ ਕਰ ਰਹੀ ਹੈ ਜਿਸ ਨੂੰ ਹਰਿਆਣਾ ਦੇ ਹੋਂਦ ਵਿੱਚ ਆਉਣ ਮੌਕੇ ਵੱਡਾ ਧੱਕਾ ਲੱਗਾ ਸੀ।

Punjab Government, Gazetted Vacations, Scissors

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਂਮਾਰੀ ਨੇ ਉਦਯੋਗਿਕ ਵਿਕਾਸ ਦੀ ਪ੍ਰਕਿਰਿਆ ਨੂੰ ਸੱਟ ਮਾਰੀ ਜਿਸ ਨਾਲ ਆਰਥਿਕਤਾ ‘ਤੇ ਬਹੁਤ ਬੁਰਾ ਅਸਰ ਪਿਆ। ਉਨ੍ਹਾਂ ਕਿਹਾ ਕਿ ਸੰਕਟ ਦੇ ਸਮੇਂ ਦੌਰਾਨ ਵੀ ਸੂਬੇ ਨੂੰ 2500 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਜੋ ਪੰਜਾਬ ਵਿੱਚ ਨਿਵੇਸ਼ ਦੀ ਭਰੋਸਗੀ ਦਾ ਮਜ਼ਬੂਤ ਸੁਨੇਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਵੀਂ ਸਨਅਤੀ ਨੀਤੀ ਨੂੰ ਲਾਗੂ ਕਰਨ ਤੋਂ ਬਾਅਦ ਸਾਢੇ ਤਿੰਨ ਸਾਲਾਂ ਵਿੱਚ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ 64,000 ਕਰੋੜ  ਰੁਪਏ ਦਾ ਨਿਵੇਸ਼ ਹੋਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.