ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ
ਸੱਚ ਕਹੂੰ ਬਿਊਰੋ, ਚੰਡੀਗੜ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ। ਇਸ ਉੱਦਮ ਦੀ ਅੰਸ਼ਿਕ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਨਿੱਜੀ ਤੌਰ ’ਤੇ 10 ਵਲੰਟੀਅਰਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ।
ਇਸ ਮੌਕੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਕੋਵਿਡ ਦੀ ਸਥਿਤੀ ਵਿੱਚ ਹੋਰ ਸੁਧਾਰ ਹੋਣ ਦੀ ਸੂਰਤ ਵਿੱਚ ਸਤੰਬਰ-ਅਕਤੂਬਰ ਦੌਰਾਨ ਸੰਭਾਵੀ ਤੌਰ ’ਤੇ ਹੋਣ ਵਾਲੀ ਮੈਗਾ ਯੂਥ ਕਾਨਫਰੰਸ ਦੀ ਪ੍ਰਧਾਨਗੀ ਕਰਨ ਦੀ ਵੀ ਬੇਨਤੀ ਕੀਤੀ ਤਾਂ ਜੋ ਨੌਜਵਾਨਾਂ ਨੂੰ ਆਪਣੀ ਊਰਜਾ ਦਾ ਸਕਾਰਾਤਮਕ ਇਸਤੇਮਾਲ ਕਰਨ ਦੀ ਪ੍ਰੇਰਨਾ ਮਿਲ ਸਕੇ। ਉਨਾਂ ਅੱਗੇ ਕਿਹਾ ਕਿ ਮਾਰਚ 2019 ਵਿੱਚ ਤਕਰੀਬਨ ਇਕ ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਮੈਰਾਥਾਨ ਨੂੰ ਮਿਲੇ ਹੁੰਗਾਰੇ ਨੂੰ ਵੇਖਦੇ ਹੋਏ 1.5 ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਹੋਰ ਮੈਰਾਥਾਨ ਦੀ ਵਿਉੁਤਬੰਦੀ ਵੀ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ