ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਸੰਭਾਲਿਆ ਕਾਰਜਭਾਰ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਆਈ.ਪੀ.ਐੱਸ. (Sartaj Singh Chahal) ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਨਸੀਬ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਉੱਤੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ, ਜਿਸ ਨੂੰ ਉਹ ਤਨਦੇਹੀ ਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਜ਼ਿਲ੍ਹਾ ਪੁਲਿਸ ਮੁਖੀ (Sartaj Singh Chahal) ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ। ਖ਼ਾਸਕਰ ਚੋਣਾਂ ਦੇ ਮੱਦੇਨਜ਼ਰ ਕਿਸੇ ਨਾਗਰਿਕ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਚੋਣਾਂ ਦੌਰਾਨ ਪੁਰ ਅਮਨ ਤੇ ਸੁਖਾਵਾਂ ਮਾਹੌਲ ਕਾਇਮ ਰੱਖਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਨੂੰ ਬਿਹਤਰ ਬਣਾਉਣ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਿਸੇ ਵੀ ਤਰ੍ਹਾਂ ਤੇ ਮਾੜੇ ਕੰਮ ਜਾਂ ਅਨਸਰ ਦੀ ਸੂਚਨਾ ਫ਼ੌਰੀ ਪੁਲਿਸ ਨੂੰ ਦੇਣ ਤਾਂ ਜੋ ਮਾੜੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਾਂ ਵਾਲੇ ਦਿਨ ਆਪਣੀ ਵੋਟ ਜ਼ਰੂਰ ਪਾਉਣ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ 2015 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ ਤੇ ਇਸ ਤੋਂ ਪਹਿਲਾਂ ਉਹ ਏ.ਆਈ.ਜੀ. ਐੱਸ ਬੀ ਇੰਟੈਲੀਜੈਂਸ, ਐੱਸ.ਪੀ. (ਪੀ.ਬੀ.ਆਈ.) ਮੋਹਾਲੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਐੱਸ.ਪੀ. (ਐੱਚ) ਆਲਮ ਵਿਜੈ ਸਿੰਘ, ਐੱਸ.ਪੀ. (ਡੀ) ਰਾਜਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ