Punjab Employees DA: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਮੁੱਖ ਮੰਤਰੀ ਮਾਨ ਵੱਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਡੀ.ਏ. ਵਧ ਕੇ 53 ਫੀਸਦੀ ਹੋਇਆ, ਕਰੀਬ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ; ਦਸੰਬਰ ਦੀ ਤਨਖ਼ਾਹ ਤੇ ਪੈਨਸ਼ਨ ਨਾਲ ਮਿਲੇਗਾ ਵਧਿਆ ਹੋਇਆ ਭੱਤਾ
Punjab Employees DA: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 3 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਮਹਿੰਗਾਈ ਭੱਤਾ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਜਾਵੇਗਾ। ਇਸ ਫੈਸਲੇ ਨਾਲ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਵਧਿਆ ਹੋਇਆ ਭੱਤਾ ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ ਅਤੇ ਦਸੰਬਰ ਮਹੀਨੇ ਵਿੱਚ ਮਿਲਣ ਵਾਲੀ ਤਨਖ਼ਾਹ ਤੇ ਪੈਨਸ਼ਨ ਨਾਲ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ ’ਚ 9 ਨਵੰਬਰ ਤੱਕ ਮੀਂਹ ਦੀ ਸੰਭਾਵਨਾ ਨਹੀਂ, ਦੀਵਾਲੀ ’ਤੇ ਵੀ ਰਹੇਗਾ ਮੌਸਮ ਸਾਫ਼
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਸਮੇਂ ਮੁਲਾਜ਼ਮਾਂ ਨੂੰ ਮਿਲਣ ਵਾਲੇ 28 ਫੀਸਦੀ ਮਹਿੰਗਾਈ ਭੱਤੇ ਨੂੰ ਵਧਾ ਕੇ ਹੁਣ 53 ਫੀਸਦੀ ਕਰ ਦਿੱਤਾ ਹੈ। ਪਿਛਲੇ ਦੋ ਮਹੀਨਿਆਂ ਦੌਰਾਨ ਹੀ ਡੀ.ਏ. ਵਿੱਚ ਕੁੱਲ 11 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ 1813 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬੇ ਦੇ ਪ੍ਰਸ਼ਾਸਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ, ਅਮਨ-ਕਾਨੂੰਨ ਕਾਇਮ ਰੱਖਣ ਅਤੇ ਲੋਕ ਭਲਾਈ ਦੀਆਂ ਸਕੀਮਾਂ ਲਾਗੂ ਕਰਨ ਵਿੱਚ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਵਿੱਤੀ ਮੁਸ਼ਕਲਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦੇਣ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਅਕਸਰ ਖਜ਼ਾਨਾ ਖਾਲੀ ਹੋਣ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਟਾਲਦੀਆਂ ਰਹੀਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ ਮੈਰਿਟ ਦੇ ਆਧਾਰ ’ਤੇ ਬਿਨਾਂ ਰਿਸ਼ਵਤ ਅਤੇ ਸਿਫਾਰਸ਼ ਦੇ ਨੌਜਵਾਨਾਂ ਨੂੰ 71,777 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਬਕਾਇਆਂ ਬਾਰੇ ਉਨ੍ਹਾਂ ਦੱਸਿਆ ਕਿ ਪਹਿਲੀ ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਕੁੱਲ 14,191 ਕਰੋੜ ਰੁਪਏ ਬਕਾਇਆ ਸਨ। ਸਰਕਾਰ ਵੱਲੋਂ ਇਸ ਦੀ ਪੜਾਅਵਾਰ ਅਦਾਇਗੀ ਕੀਤੀ ਜਾ ਰਹੀ ਹੈ। ਹੁਣ ਤੱਕ 4,891 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀ 9,300 ਕਰੋੜ ਰੁਪਏ ਵੀ ਅਦਾ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੈਨਸ਼ਨਰਾਂ ਦੇ ਬਕਾਏ ਪਹਿਲੀ ਅਪਰੈਲ 2025 ਤੋਂ ਜਾਰੀ ਕੀਤੇ ਗਏ ਅਤੇ ਸੇਵਾ ਨਿਭਾ ਰਹੇ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਪਹਿਲੀ ਅਪਰੈਲ 2026 ਤੋਂ ਸ਼ੁਰੂ ਕੀਤੀ ਗਈ ਹੈ।
Comments