
ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ | Punjab News
Punjab News: (ਜਸਵੀਰ ਸਿੰਘ ਗਹਿਲ) ਘੁੰਗਰਾਲੀ/ ਲੁਧਿਆਣਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ- ਕਾਨੂੰਨੀ ਪ੍ਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ। ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਵਿਖੇ ਇੱਕ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪ੍ਰਵਾਸ ਕਰਨ ਲਈ ਮਜ਼ਬੂਰ ਸਨ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਸਮੂਹਿਕ ਵਾਪਸੀ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਸਾਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਹੀਂ ਜਾਣਾ ਚਾਹੀਦਾ, ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜੋ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਸੂਬੇ ਦੇ ਨੌਜਵਾਨਾਂ ਲਈ ਵੱਡੀ ਗਿਣਤੀ ਵਿੱਚ ਭਰਤੀ ਦੀ ਤਿਆਰੀ ਹੈ। ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਂ ਭਰਤੀ ਕਰਨ ਦਾ ਫੈਸਲਾ ਵੀ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। Punjab News
ਇਹ ਵੀ ਪੜ੍ਹੋ: Deportation News: 37 ਲੱਖ ਖਰਚ ਕੇ ਅਮਰੀਕਾ ਗਿਆ ਹਰਦੀਪ ਅਧੂਰੇ ਸੁਪਨੇ ਲੈ ਕੇ ਪਿੰਡ ਪਰਤਿਆ
ਟੂਰਨਾਮੈਂਟ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਸਮਾਗਮ ਕਰਵਾਉਣੇ ਬੰਦ ਕਰ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰ ਹੁਣ ਸੂਬੇ ਵਿੱਚ ’ਆਪ’ ਸਰਕਾਰ ਦੇ ਸੱਤਾ ਸੰਭਾਲਣ ਮਗਰੋਂ ਮਾਹੌਲ ਬਦਲ ਗਿਆ ਹੈ ਅਤੇ ਲੋਕ ਅਜਿਹੇ ਸਮਾਗਮਾਂ ਦਾ ਆਨੰਦ ਮਾਣ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕ, ਸੋਲਰ ਲਾਈਟਾਂ ਲਗਾਉਣ, ਕਮਿਊਨਿਟੀ ਹਾਲ ਦੀ ਉਸਾਰੀ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਹੋਰ ਕਈ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਹਾਜ਼ਰ ਸਨ।