ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

Dr. Surjit Patar, Nominated, Chairman, Punjab Kala Parishad

ਨੇ ਹਲੀਮੀ ਨਾਲ ਪੰਜਾਬ ਸਰਕਾਰ ਦਾ ਫੈਸਲਾ ਸਵਿਕਾਰਿਆ

ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾਰ ਤੇ ਸੈਰ ਸਪਾਟਾ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਨਾਂ ਦੇ ਘਰ ਜਾ ਕੇ ਸਤਿਕਾਰ ਸਹਿਤ ਸੌਂਪਿਆ। ਡਾ. ਸੁਰਜੀਤ ਪਾਤਰ ਨੇ ਇਸ ਨਿਯੁਕਤੀ ਲਈ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਉਮੀਦ ਜਤਾਈ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜੀ ਕਰਕੇ ਪੰਜਾਬੀ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ਵਿੱਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੀ ਉਚ ਦੁਮਾਲੜੀ ਸ਼ਖ਼ਸੀਅਤ ਹਨ, ਜਿਨਾਂ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਸਵਿਕਾਰ ਕਰ ਕੇ ਪੰਜਾਬ ਸਰਕਾਰ ਦਾ ਮਾਣ ਵਧਾਇਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਅਗਲੇ ਇੱਕ ਮਹੀਨੇ ਵਿੱਚ ਪੰਜਾਬੀ ਕਲਾ ਅਤੇ ਸੱਭਿਆਚਾਰ ਦੀ ਬਕਾਇਦਾ ਪਾਰਲੀਮੈਂਟ ਸਿਰਜੀ ਜਾਵੇ, ਜਿਸ ਵਿੱਚ ਪੰਜਾਬੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸਕਾਰਾਤਮਕ ਵਿਚਾਰਾਂ ਕੀਤੀਆਂ ਜਾ ਸਕਣ। ਸ੍ਰ. ਸਿੱਧੂ ਨੇ ਪੱਛਮੀ ਸੱਭਿਆਚਾਰ ਬਾਰੇ ਲੋਕਾਂ ਵੱਲੋਂ ਪਾਏ ਜਾ ਰਹੇ ਰਾਵ ਰੌਲ਼ੇ ਨੂੰ ਪਾਸੇ ਕਰਦਿਆਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬੀ ਕਿਸੇ ਵੀ ਸੱਭਿਆਚਾਰ ਦੇ ਵਿਰੋਧੀ ਨਹੀਂ, ਬਲਕਿ ਆਪਣੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਸਮਰੱਥ ਹਨ।

ਕੋਨੇ-ਕੋਨੇ ਵਿੱਚ ਕਰਵਾਵਾਂਗੇ ਸੰਗੀਤ, ਕਵਿਤਾ ਅਤੇ ਗਾਇਨ ਆਦਿ ਮੁਕਾਬਲੇ

ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਪੰਜਾਬ ਸਰਕਾਰ ਦਾ ਫੈਸਲਾ ਬੜੀ ਹਲੀਮੀ ਨਾਲ ਸਵੀਕਾਰ ਕਰਦਿਆਂ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੱਭਿਆਚਾਰ ਅਤੇ ਸੈਰ ਸਪਾਟਾ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬੀ ਕਲਾ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜੀ ਕਰਕੇ ਪੰਜਾਬੀ ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ਵਿੱਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ। ਉਨਾਂ ਕਿਹਾ ਕਿ ਉਨਾਂ ਦੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਕੋਨੇ-ਕੋਨੇ ਵਿੱਚ ਸੰਗੀਤ, ਕਵਿਤਾ ਅਤੇ ਗਾਇਨ ਆਦਿ ਮੁਕਾਬਲੇ ਕਰਵਾ ਕੇ ਲੋਕਾਂ ਨੂੰ ਕਲਾ ਅਤੇ ਸੱਭਿਆਚਾਰ ਨਾਲ ਜੋੜਿਆ ਜਾਵੇ ਤਾਂ ਜੋ ਇਸ ਦਾ ਦਾਇਰਾ ਹੋਰ ਵਿਸ਼ਾਲ ਹੋ ਸਕੇ।

ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਭਾਰਤ ਭੂਸ਼ਣ ਆਸ਼ੂ ਤੇ ਸੁਰਿੰਦਰ ਡਾਬਰ, ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ, ਨਗਰ ਨਿਗਮ ਦੇ ਕਮਿਸ਼ਨਰ ਜਸਕਿਰਨ ਸਿੰਘ, ਲੋਕ ਗਾਇਕ ਪੰਮੀ ਬਾਈ, ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕੁਲਪ੍ਰੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਅਤੇ ਹੋਰ ਵੀ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।