ਸਿੱਖਿਆ ਮੰਤਰੀ ਪਹਿਲੀ ਮੈਗਾ ਅਧਿਆਪਕ-ਮਾਪੇ ਮਿਲਣੀ ’ਚ ਪੁੱਜੇ

Education Minister at Pta 4
ਪਟਿਆਲਾ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਪਟਿਆਲਾ ਦੇ ਸਰਕਾਰੀ ਸਕੂਲਾਂ ਵਿਖੇ ਅਧਿਆਪਕ ਮਾਪੇ ਮਿਲਣੀ ਦਾ ਜਾਇਜ਼ਾ ਲੈਂਦੇ ਹੋਏ।

ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਤੋਂ ਮੰਗੇ ਸੁਝਾਅ

  • ਹਰਜੋਤ ਬੈਂਸ ਵੱਲੋਂ ‘ਇੰਸਪਾਇਰ ਮੀਟ’ ਦਾ ਪਟਿਆਲਾ ਦੇ ਸਰਕਾਰੀ ਸਕੂਲਾਂ ’ਚ ਜਾਇਜ਼ਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਤੱਕ ਪਹੁੰਚਾਉਣ ਲਈ ‘ਇੰਸਪਾਇਰ ਮੀਟ’ ਤਹਿਤ ਮੈਗਾ ਅਧਿਆਪਕ-ਮਾਪੇ ਮਿਲਣੀਆਂ ਦਾ ਅੱਜ ਪਟਿਆਲਾ ਦੇ ਸਰਕਾਰੀ ਸਕੂਲਾਂ ਵਿਖੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਤੋਂ ਫੀਡਬੈਂਕ ਲਈ ਗਈ।

ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਦੀਆਂ ਮੀਟਿੰਗਾਂ ਬਹੁਤ ਸਫ਼ਲ ਰਹੀਆਂ ਹਨ ਅਤੇ ਅਜਿਹੀਆਂ ਮੀਟਿੰਗਾਂ ਭਵਿੱਖ ’ਚ ਵੀ ਹੋਣਗੀਆਂ ਤੇ ਇਨ੍ਹਾਂ ਦੀ ਸਮੀਖਿਆ ਕਰਕੇ ਹੋਰ ਵੀ ਸੁਧਾਰ ਕੀਤੇ ਜਾਣਗੇ।ਹਰਜੋਤ ਬੈਂਸ ਵੱਲੋਂ ਇੱਥੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਕੋ-ਐਡ ਸਕੂਲ ਪਾਸੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਇੰਸਪਾਇਰ ਮੀਟ ਦੌਰਾਨ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮਿਲਕੇ ਸਿੱਖਿਆ ਰਾਹੀਂ ਪੰਜਾਬ ਦਾ ਭਵਿੱਖ ਸੰਵਾਰਨ ਲਈ ਸੁਝਾਅ ਹਾਸਲ ਕੀਤੇ।

ਉਨ੍ਹਾਂ ਕਿਹਾ ਕਿ ਰਾਜ ਦੇ 19 ਹਜ਼ਾਰ ਸਕੂਲਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵਿਆ ਗਿਆ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰੇ ਸਰਕਾਰੀ ਸਕੂਲਾਂ ਵਿੱਚ ਮੇਲਿਆਂ ਵਰਗਾ ਮਾਹੌਲ ਸੀ, ਜਿਸ ਦੀ ਮਾਪਿਆਂ ਨੇ ਭਰਵੀਂ ਸ਼ਲਾਘਾ ਕੀਤੀ ਹੈ। ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਅਧਿਆਪਕ ਦਿਵਸ ਦੀ ਅਗੇਤੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 5 ਸਤੰਬਰ ਨੂੰ ਰਾਜ ਦੇ ਅਧਿਆਪਕਾਂ ਨੂੰ ਇੱਕ ਖਾਸ ਖੁਸ਼ਖ਼ਬਰੀ ਦੇਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ, ਸਾਬਕਾ ਪ੍ਰਿੰਸੀਪਲ ਤੋਤਾ ਸਿੰਘ, ਮਲਟੀ ਸਕੂਲ ਦੇ ਇੰਚਾਰਜ ਸੁਖਜਿੰਦਰ ਕੌਰ, ਪ੍ਰਿੰਸੀਪਲ ਬਲਬੀਰ ਸਿੰਘ ਜੌੜਾ ਸਮੇਤ ਵੱਡੀ ਗਿਣਤੀ ਅਧਿਆਪਕ ਤੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ।

ਨਿੱਜੀ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਨੂੰ ਮਾਪੇ ਦੇਣਗੇ ਤਰਜੀਹ

ਇਸ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ ’ਚ ਛਾਪੇਮਾਰੀ ਕਰਨ ਦੀ ਥਾਂ ਉਨ੍ਹਾਂ ਨੇ ਸਾਰੇ ਸਕੂਲਾਂ ਦਾ ਦੌਰਾ ਸ਼ੁਰੂ ਕੀਤਾ ਹੈ, ਜਿਸ ਲਈ ਬੱਚੇ ਅਤੇ ਅਧਿਆਪਕ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਖ਼ੁਦ ਬੁਲਾ ਰਹੇ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਪ੍ਰਤਿਭਾ ਅਤੇ ਹੁਨਰ ਬਹੁਤ ਜ਼ਿਆਦਾ ਹੈ, ਜਿਸ ਨੂੰ ਤਰਾਸ਼ਣ ਅਤੇ ਸਹੀ ਰਸਤਾ ਦਿਖਾਉਣ ਲਈ ਸਰਕਾਰੀ ਸਕੂਲ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ’ਚ ਅਜਿਹੇ ਸੁਧਾਰ ਕਰ ਰਹੇ ਹਨ ਕਿ ਅਗਲੇ ਸਾਲ ਤੋਂ ਮਾਪੇ ਆਪਣੇ ਬੱਚਿਆਂ ਦੇ ਦਾਖਲਿਆਂ ਲਈ ਨਿੱਜੀ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਨੂੰ ਤਰਜੀਹ ਦੇਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ