ਚੋਣ ਜ਼ਾਬਤਾ ਲਾਗੂ ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 7 ਸਤੰਬਰ
- ਨਤੀਜਿਆਂ ਦਾ ਐਲਾਨ 22 ਸਤੰਬਰ ਨੂੰ ਕੀਤਾ ਜਾਵੇਗਾ | Elactions
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਭ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਹੋਣਗੀਆਂ, ਜਿਨ੍ਹਾਂ ਦੀਆਂ ਵੋਟਾਂ 19 ਸਤੰਬਰ ਨੂੰ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ 22 ਸਤੰਬਰ ਨੂੰ ਕੀਤਾ ਜਾਏਗਾ। ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਸੂਬੇ ਦੀਆਂ 22 ਜ਼ਿਲ੍ਹਾ ਪਰਿਸ਼ਦਾਂ ਅਤੇ 150 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਸੂਬੇ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ। (Elactions)
ਚੋਣ ਪ੍ਰੋਗਰਾਮ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ ਮਿਤੀ 4 ਸਤੰਬਰ 2018 ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 7 ਸਤੰਬਰ 2018 ਤੱਕ ਸਬੰਧਿਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ ਮਿਤੀ 10 ਸਤੰਬਰ 2018 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ 11 ਸਤੰਬਰ 2018 ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ 11 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 19 ਸਤੰਬਰ 2018 ਦਿਨ ਬੁੱਧਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਮਿਤੀ 22 ਸਤੰਬਰ 2018 ਨੂੰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ
ਸ੍ਰੀ ਸੰਧੂ ਨੇ ਕਿਹਾ ਕਿ 22 ਜ਼ਿਲਾ ਪ੍ਰੀਸ਼ਦ ਦੇ 354 ਮੈਂਬਰਾਂ ਅਤੇ 150 ਪੰਚਾਇਤ ਸਮਿਤੀਆਂ ਦੇ 2900 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਵਿੱਚ ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣਗੀਆਂ। ਸ੍ਰੀ ਸੰਧੂ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜਨ ਲਈ 35 ਅਬਜ਼ਰਵਰ ਲਗਾਏ ਗਏ ਹਨ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਜ਼ਿਲਾ ਪ੍ਰੀਸ਼ਦ ਲਈ 1.90 ਲੱਖ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਇਤ ਸਮਿਤੀਆਂ ਲਈ 80000 ਰੁਪਏ ਹੈ।
ਸ੍ਰੀ ਸੰਧੂ ਨੇ ਦੱਸਿਆ ਕਿ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਵਿੱਚ ਵੋਟਰ ਸੂਚੀਆਂ ਨੂੰ ਕੁਆਲੀਫਾਇੰਗ ਮਿਤੀ 1 ਜਨਵਰੀ 2018 ਤੱਕ ਅਪਡੇਟ ਕਰ ਦਿੱਤਾ ਗਿਆ ਹੈ। ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦਾ ਨਾਮ ਦਰਜ ਹਨ, ਜਿਨਾਂ ਵਿੱਚੋਂ 6688245 ਪੁਰਸ਼ ਵੋਟਰ ਹਨ, ਜਦੋਂ ਕਿ 6099245 ਮਹਿਲਾ ਵੋਟਰ ਹਨ ਅਤੇ 97 ਥਰਡ ਜੈਂਡਰ ਹਨ। ਉਨਾਂ ਸਮੂਹ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵੱਧ ਚੜ ਕੇ ਹਿੱਸਾ ਲੈਣ। ਰਾਜ ਵਿੱਚ ਇਨਾਂ ਚੋਣਾਂ ਦੇ ਮੱਦੇਨਜ਼ਰ 17268 ਬੂਥ ਸਥਾਪਤ ਕੀਤੇ ਗਏ ਹਨ ਅਤੇ 86340 ਸਰਕਾਰੀ ਮੁਲਾਜ਼ਮ ਚੋਣ ਅਮਲ ਨੂੰ ਨੇਪਰੇ ਚਾੜਨ ਵਿੱਚ ਲਾਇਆ ਗਿਆ ਹੈ। (Elactions)