ਰਾਮ ਸਿੰਘ ਪ੍ਰਧਾਨ ਅਤੇ ਸਰਦੂਲ ਸਿੰਘ ਜਨਰਲ ਸਕੱਤਰ ਚੁਣੇ ਗਏ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਬਲਾਕ ਡੀਸੀ ਦਫ਼ਤਰ ਫਰੀਦਕੋਟ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਲਈ ਅੱਜ ਸਥਾਨਕ ਮਿੰਨੀ ਸਕੱਤਰੇਤ ਸਾਹਮਣੇ ਪਾਰਕ ਵਿੱਚ ਦਰਜਾ ਚਾਰ ਮੁਲਾਜ਼ਮਾਂ ਦੀ ਇੱਕ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ ਨਛੱਤਰ ਸਿੰਘ ਭਾਣਾ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22,ਬੀ, ਚੰਡੀਗੜ੍ਹ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਸਰਪ੍ਰਸਤ ਅਸ਼ੋਕ ਕੌਸ਼ਲ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਧਾਰਨ ਕੀਤੀ ਗਈ। ਨਾਂਹ ਪੱਖੀ ਪਹੁੰਚ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਇਸ ਸਰਕਾਰ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ 16 ਫੀਸਦੀ ਦੀ ਦਰ ਨਾਲ ਪੰਜ ਕਿਸ਼ਤਾਂ ਦੱਬ ਕੇ ਇੱਕ ਮਾੜਾ ਇਤਿਹਾਸ ਸਿਰਜਿਆ ਹੈ।
ਸਾਰੇ ਉੱਚ ਅਧਿਕਾਰੀ 58 ਫੀਸਦੀ ਡੀਏ ਲੈ ਰਹੇ ਹਨ ਅਤੇ ਸਧਾਰਨ ਮੁਲਾਜ਼ਮਾਂ ਨੂੰ 42 ਫੀਸਦੀ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਲੀਰੋ-ਲੀਰ ਕਰ ਦਿੱਤਾ ਹੈ, ਪੰਜਾਬ ਮੰਤਰੀ ਮੰਡਲ ਦੇ ਫੈਸਲਾ ਕਰਨ ਦੇ ਬਾਵਜ਼ੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ। ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਆਊਟ ਸੋਰਸ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਇਹਨਾਂ ਮੁਲਾਜ਼ਮਾਂ ਦਾ ਵੱਡੇ ਪੱਧਰ ’ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: High Blood Pressure: ਬਿਨਾ ਲੱਛਣਾਂ ਤੋਂ ਜਾਨਲੇਵਾ ਬਣਦਾ ਜਾ ਰਿਹੈ ‘ਸਾਈਲੈਂਟ ਕਿੱਲਰ’, ਡਾਕਟਰ ਤੋਂ ਜਾਣੋ ਇਸ ਤੋਂ ਬਚਾ…
ਪੰਜਾਬ ਦੇ ਮੁੱਖ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੇ ਦਰਵਾਜ਼ੇ ਬੰਦ ਕੀਤੇ ਹੋਏ ਹਨ। ਮੀਟਿੰਗ ਨੇ ਸਰਵਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਦਰਜਾ ਚਾਰ ਮੁਲਾਜ਼ਮਾਂ ਤੋਂ ਤਰੱਕੀ ਲੈ ਕੇ ਕਲਰਕ ਵਜੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਦੀ ਅਣਦੇਖੀ ਕਰਕੇ ਰੀਵਰਟ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਤੋਂ ਮੰਗ ਕੀਤੀ ਗਈ ਕਿ ਇਹਨਾਂ ਮੁਲਾਜ਼ਮਾਂ ਸਬੰਧੀ ਜਾਰੀ ਕੀਤੇ ਗਏ ਹੁਕਮ ਤੁਰੰਤ ਵਾਪਸ ਲਏ ਜਾਣ।
ਨਵੀਂ ਚੁਣੀ ਗਈ ਟੀਮ ਵਿੱਚ ਰਾਮ ਸਿੰਘ ਸੋਮਾ ਪ੍ਰਧਾਨ, ਰੋਹਿਤ ਸੋਬਤੀ ਮੀਤ ਪ੍ਰਧਾਨ, ਸਰਦੂਲ ਸਿੰਘ ਜਨਰਲ ਸਕੱਤਰ, ਚਮਕੌਰ ਸਿੰਘ ਵਿੱਤ ਸਕੱਤਰ, ਰਾਮ ਸਿੰਘ ਰਾਵਤ ਪ੍ਰੈਸ ਸਕੱਤਰ, ਜਗਦੀਪ ਸਿੰਘ ਸਹਾਇਕ ਵਿੱਤ ਸਕੱਤਰ, ਰਾਮ ਗਣੇਸ਼ ਸਲਾਹਕਾਰ ਅਤੇ ਸਿਮਰਨਪ੍ਰੀਤ ਕੌਰ ਸੰਯੁਕਤ ਸਕੱਤਰ ਚੁਣੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਮੁਰਾਰੀ ਲਾਲ, ਗੁਰਦੀਪ ਸਿੰਘ, ਰਾਜਦੇਵ ਸਿੰਘ, ਬਲਵੰਤ ਸਿੰਘ, ਭੋਲਾ ਸਿੰਘ, ਗੁਰਤੇਜ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ, ਮੈਡਮ ਸੁਮਨ, ਸਿਮਰਜੀਤ ਕੌਰ, ਸੁਖਜੀਤ ਕੌਰ ਅਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ। Faridkot News














