ਤਿੰਨ ਨਿਗਮਾਂ ਅਤੇ 29 ਨਗਰ ਕੌਂਸਲਾਂ ਤੇ ਪੰਚਾਇਤਾਂ ਲਈ ਪੈਣਗੀਆਂ ਵੋਟਾਂ
ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ, ਦੇਰ ਸ਼ਾਮ ਤੱਕ ਆਉਣਗੇ ਨਤੀਜੇ
ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੀਡੀਓਗ੍ਰਾਫੀ
ਅਸ਼ਵਨੀ ਚਾਵਲਾ
ਚੰਡੀਗੜ੍ਹ, 16 ਦਸੰਬਰ
ਪੰਜਾਬ ਦੀ ਸਿਆਸਤ ਵਿੱਚ ਅਹਿਮ ਹਿੱਸਾ ਪਾਉਣ ਵਾਲੇ 3 ਨਗਰ ਨਿਗਮਾਂ ਅਤੇ 29 ਨਗਰ ਪੰਚਾਇਤਾਂ ਦੀਆਂ ਚੋਣਾਂ ਭਲਕੇ ਐਤਵਾਰ ਨੂੰ ਹੋਣਗੀਆਂ, ਜਿਸ ਸਬੰਧੀ ਸੂਬਾ ਚੋਣ ਕਮਿਸ਼ਨ ਅਤੇ ਪ੍ਰਸ਼ਾਸਨ ਵੱਲੋਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਵੀਡੀਓਗ੍ਰਾਫੀ ਕਰਵਾਈ ਜਾਏਗੀ।
ਜਾਣਕਾਰੀ ਅਨੁਸਾਰ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਨਗਰ ਨਿਗਮ ਵਿੱਚ 728 ਪੋਲਿੰਗ ਬੂਥਾਂ ਵਿੱਚੋਂ 167 ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ, ਜਦੋਂ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ 233 ਬੂਥਾਂ ਨੂੰ ਸੰਵੇਦਨਸ਼ੀਲ ਅਤੇ 35 ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋਣਗੀਆਂ, ਜਿਹੜੀਆਂ ਕਿ ਸ਼ਾਮ 4 ਵਜੇ ਤੱਕ ਪੈਣਗੀਆਂ, ਜਿਸ ਤੋਂ ਬਾਅਦ ਕੁਝ ਦੇਰ ਬਾਅਦ ਹੀ ਉਸ ਪੋਲਿੰਗ ਸਟੇਸ਼ਨ ‘ਤੇ ਹੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਨ੍ਹਾਂ ਚੋਣਾਂ ਵਿੱਚ ਕੁੱਲ 873 ਪੋਲਿੰਗ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 1938 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਚੋਣਾਂ ਵਿੱਚ 800 ਪੁਲਿਸ ਅਫ਼ਸਰ ਸਣੇ 15500 ਪੁਲਿਸ ਮੁਲਾਜ਼ਮ ਤਾਇਨਾਤ ਹੋਣਗੇ।
90 ਉਮੀਦਵਾਰ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਜੇਤੂ
ਇਨਾਂ ਚੋਣਾਂ ਵਿੱਚ 90 ਉਮੀਦਵਾਰ ਪਹਿਲਾਂ ਹੀ ਜੇਤੂ ਐਲਾਨੇ ਜਾ ਚੁੱਕੇ ਹਨ, ਜਿਨ੍ਹਾਂ ਖ਼ਿਲਾਫ਼ ਇਨ੍ਹਾਂ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਨਹੀਂ। ਪਟਿਆਲਾ ਨਗਰ ਨਿਗਮ ਵਿਖੇ 3 ਉਮੀਦਵਾਰ ਅਤੇ ਬਾਕੀ ਰਹਿੰਦੀਆਂ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ 87 ਉਮੀਦਵਾਰ ਹਨ, ਜਿਹੜੇ ਕਿ ਪਹਿਲਾਂ ਹੀ ਚੋਣ ਦੰਗਲ ਦਾ ਮੈਦਾਨ ਮਾਰ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।