ਪੰਜਾਬ ਭਰ ਦੇ ਬਿਜਲੀ ਮੁਲਾਜ਼ਮਾਂ ਨੇ ਵੀ ਮਨਾਇਆ ਕਾਲਾ ਦਿਵਸ

Black Day Sachkahoon

 ਕਾਲੇ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ

  •  ਆਮ ਜਨਤਾ ਦੀ ਥਾਂ ਕਾਰਪੋਰੇਟ ਘਰਾਣਿਆਂ ਦੀ ਬਣ ਕੇ ਰਹਿ ਗਈ ਮੋਦੀ ਸਰਕਾਰ: ਆਗੂ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਵੀ ਸਮੁੱਚੇ ਪੰਜਾਬ ਦੇ ਦਫਤਰਾਂ, ਘਰਾਂ, ਵਹੀਕਲਾਂ ’ਤੇ ਕਾਲੇ ਝੰਡੇ ਲਾ ਕੇ ਅਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਦਿਵਸ ਮਨਾਇਆ ਗਿਆ।

Black Day

ਇਹ ਰੋਸ ਪ੍ਰਦਰਸ਼ਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ, ਬਿਜਲੀ ਸੋਧ ਬਿਲ 2020 ਅਤੇ ਮਜਦੂਰ ਵਿਰੋਧੀ ਲੇਬਰ ਕਾਨੂੰਨ ਵਾਪਸ ਲੈਣ ਲਈ ਕੀਤੇ ਗਏ। ਵੱਖ-ਵੱਖ ਥਾਵਾਂ ’ਤੇ ਕੀਤੇ ਰੋਸ ਪ੍ਰਦਰਸ਼ਨਾਂ ਨੂੰ ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਵਿੰਦਰ ਸਿੰਘ ਸੰਧੂ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਰਵੇਲ ਸਿੰਘ ਸਹਾਏਪੁਰ, ਬਿ੍ਰਜ ਲਾਲ, ਹਰਜਿੰਦਰ ਸਿੰਘ ਦੁਧਾਲਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ, ਮਜਦੂਰ, ਮੁਲਾਜ਼ਮ ਅਤੇ ਆਮ ਜਨਤਾ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕਰਦਿਆਂ ਕਿਸਾਨ ਵਿਰੋਧੀ ਕਾਲੇ ਕਾਨੂੰਨ, ਬਿਜਲੀ ਸੋਧ ਬਿਲ 2020 ਅਤੇ ਮਜਦੂਰ ਵਿਰੋਧੀ ਕਿਰਤ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਇਹ ਕਾਨੂੰਨ ਲਾਗੂ ਹੋਣ ਨਾਲ ਕਾਰਪੋਰੇਟ ਘਰਾਣਿਆਂ ਅਤੇ ਸਰਮਾਏਦਾਰਾਂ ਨੂੰ ਜਨਤਾ ਦੀ ਖੁੱਲ੍ਹੀ ਲੁੱਟ ਲਈ ਛੋਟਾਂ ਮਿਲਣਗੀਆਂ। ਬਿਜਲੀ ਸੋਧ ਬਿੱਲ 2020 ਰਾਹੀਂ ਸੂਬਾ ਸਰਕਾਰਾਂ ਦੇ ਅਧਿਕਾਰ ਕੇਂਦਰ ਸਰਕਾਰ ਪਾਸ ਚਲੇ ਜਾਣਗੇ। ਬਿਜਲੀ ਬੋਰਡ ਤੇ ਕਾਰਪੋਰੇਸ਼ਨਾਂ ਨਿੱਜੀ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਹੋਣਗੀਆਂ। ਬਿਜਲੀ ਮਹਿੰਗੀ ਹੋਣ ਨਾਲ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਵੇਗੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਦੀ ਆੜ ਹੇਠ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਅਪਣਾ ਕੇ ਕਿਸਾਨ ਸੰਘਰਸ਼ ਨੂੰ ਖਤਮ ਕਰਨਾ ਅਤੇ ਫਿਰਕੂ ਨੀਤੀਆਂ ਅਪਣਾ ਕੇ ਲੋਕਾਂ ਵਿੱਚ ਪਾੜਾ ਪਾਉਣਾ ਚਾਹੁੰਦੀ ਹੈ।

ਜਿਸ ਕਰਕੇ ਕਿਸਾਨਾਂ, ਮਜਦੂਰਾਂ, ਮੁਲਾਜਮਾਂ ਤੇ ਮਿਹਨਤਕਸ਼ ਜਨਤਾ ਵੱਲੋਂ ਕਾਲੇ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।  ਉਨ੍ਹਾਂ ਸਮੂਹ ਮੁਲਾਜਮਾਂ, ਮਜਦੂਰਾਂ, ਕਿਸਾਨਾਂ ਅਤੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਨਾਂ ਫੁੱਟ ਪਾਉ , ਫਿਰਕੂ ਅਤੇ ਲੋਕ ਵਿਰੋਧੀ ਨੀਤੀਆਂ ਦਾ ਏਕਤਾ ਨਾਲ ਡੱਟ ਕੇ ਵਿਰੋਧ ਕਰਨ ਤਾਂ ਜੋ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਲਏ। ਇਸ ਮੌਕੇ ਜਗਰੂਪ ਸਿੰਘ ਮਹਿਮਦਪੁਰ, ਅਸ਼ੋਕ ਕੁਮਾਰ, ਅਵਤਾਰ ਸਿੰਘ ਕੈਂਥ, ਜਗਜੀਤ ਸਿੰਘ, ਪ੍ਰੀਤਮ ਸਿੰਘ ਪਿੰਡੀ, ਹਰਜੀਤ ਸਿੰਘ, ਕਰਮਚੰਦ ਖੰਨਾ, ਸਿਕੰਦਰ ਨਾਥ, ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ ਦੁੱਮਕਾ, ਗੁਰਦਿੱਤ ਸਿੰਘ ਸਿੱਧੂ, ਰਾਮ ਲੁਭਾਇਆ, ਨਛੱਤਰ ਸਿੰਘ ਰਣੀਆ ਵੱਲੋਂ ਸੰਬੋਧਨ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।