ਡੀਈਓ ਵੱਲੋਂ ਚੋਣ ਡਿਊਟੀ ਦੌਰਾਨ ਫੌਤ ਹੋਏ ਕਰਮਚਾਰੀ ਲਈ ਐਕਸ-ਗ੍ਰੇਸ਼ੀਆ ਮੁਆਵਜ਼ੇ ਦੀ ਸਿਫਾਰਿਸ਼

Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਖੰਨਾ (ਲੁਧਿਆਣਾ) ਵਿਖੇ ਚੋਣ ਡਿਊਟੀ ਦੌਰਾਨ ਸ਼ੱਕੀ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋਣ ਵਾਲੇ ਮੁਲਾਜ਼ਮ ਗੁਰਦੀਪ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡੀਈਓ-ਕਮ-ਡੀਸੀ ਸਾਕਸ਼ੀ ਸਾਹਨੀ ਨੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦੀ ਸਿਫ਼ਾਰਸ਼ ਕੀਤੀ ਹੈ। ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਖੰਨਾ ਦੇ ਦਫ਼ਤਰ ’ਚ ਸੇਵਾਦਾਰ (ਚਪੜਾਸੀ) ਵਜੋਂ ਕੰਮ ਕਰ ਰਿਹਾ ਸੀ। (Ludhiana News)

ਜਿਸ ਨੂੰ ਚੋਣ ਦਫ਼ਤਰ, ਐਸਡੀਐਮ ਕਮ-ਏਆਰਓ ਖੰਨਾ ਵਿਖੇ ਚੋਣ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਸੀ, ਜਿੱਥੇ 21 ਮਈ ਨੂੰ ਡਿਊਟੀ ਕਰਦੇ ਸਮੇਂ ਗੁਰਦੀਪ ਸਿੰਘ (46) ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਗੁਰਦੀਪ ਸਿੰਘ ਦੀ ਮੌਤ ਪਿੱਛੋਂ ਸਬੰਧਿਤ ਧਾਰਾਵਾਂ ਤਹਿਤ ਥਾਣਾ ਸਿਟੀ -1 ਖੰਨਾ ਵਿਖੇ ਐਫਆਈਆਰ ਵੀ ਦਰਜ ਕਰਵਾਈ ਗਈ ਸੀ ਅਤੇ ਸਿਵਲ ਹਸਪਤਾਲ ਖੰਨਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਤੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈਣ ਦਾ ਸ਼ੱਕ ਜ਼ਾਹਰ ਕਰਦਿਆਂ ਮਿ੍ਰਤਕ ਦੇ ਪਰਿਵਾਰ ਲਈ ਐਕਸ-ਗ੍ਰੇਸ਼ੀਆ ਮੁਆਵਜ਼ੇ ਦੀ ਸਿਫ਼ਾਰਸ਼ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਹੈ।

ਇਹ ਵੀ ਪੜ੍ਹੋ : ਸਾਵਧਾਨ! ਸੇਲ ’ਤੇ ਵਿਕਣ ਵਾਲਾ ਹਰ ਸਮਾਨ ਅਸਲੀ ਨਹੀਂ ਹੁੰਦਾ

ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਜਾਰੀ ਹਦਾਇਤਾਂ ’ਤੇ ਕੰਮ ਕਰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੂੰ ਸਿਫ਼ਾਰਸ਼ ਭੇਜੀ ਸੀ, ਜਿੰਨ੍ਹਾਂ ਨੇ ਹੁਣ ਐਕਸ- ਗ੍ਰੇਸ਼ੀਆ ਦੀ ਸਿਫ਼ਾਰਸ਼ ਭੇਜ ਦਿੱਤੀ ਹੈ। ਗੁਰਦੀਪ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡੀਈਓ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਨੇ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚ ਕੀਤੀ ਹੈ। ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਹੈ ਤੇ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ। (Ludhiana News)