ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਮੁਲਾਜ਼ਮ ਤੇ ਪੈਨਸ਼ਨਰ ਸੌਂਪਣਗੇ ਰੋਸ ਪੱਤਰ

panseneer

21 ਅਗਸਤ ਨੂੰ ਡਾ. ਬਲਜੀਤ ਕੌਰ ਸਮਾਜ ਭਲਾਈ ਮੰਤਰੀ ਪੰਜਾਬ ਦੀ ਮਲੋਟ ਰਿਹਾਇਸ਼ ਵਿਖੇ ਇਕੱਠੇ ਹੋ ਕੇ ਮੁਲਾਜ਼ਮ ਤੇ ਪੈਨਸ਼ਨਰ ਸੌਂਪਣਗੇ ਰੋਸ ਪੱਤਰ

ਕੋਟਕਪੂਰਾ,  (ਸੁਭਾਸ਼ ਸ਼ਰਮਾ/ਅਜੈ ਮਨਚੰਦਾ)। ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜੱਥੇਬੰਦੀ ਦੇ ਦਫ਼ਤਰ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ , ਪ੍ਰੇਮ ਚਾਵਲਾ ਤੇ ਸੋਮ ਨਾਥ ਅਰੋਡ਼ਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਟਰਕਾਊ ਅਤੇ ਲਮਕਾਊ ਨੀਤੀਆਂ ਤੋਂ ਤੰਗ ਆ ਕੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੇ ਭਗਵੰਤ ਮਾਨ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਪਰ ਪਿਛਲੇ ਚਾਰ ਕੁ ਮਹੀਨਿਆਂ ਦੀ ਕਾਰਗੁਜ਼ਾਰੀ ਵੇਖ ਕੇ ਹੀ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦਾ ਸਾਰਾ ਉਤਸ਼ਾਹ ਮੱਠਾ ਪੈੰਦਾ ਜਾ ਰਿਹਾ ਹੈ ਅਤੇ ਪਿਛਲੇ ਬਜਟ ਇਜਲਾਸ ਦੌਰਾਨ ਪੈਨਸ਼ਨਰ ਅਤੇ ਮੁਲਾਜ਼ਮ ਵਰਗ ਨੂੰ ਪੂਰੀ ਤਰਾਂ ਅੱਖੋਂ ਪਰੋਖੇ ਕਰਕੇ ਇਸ ਵਰਗ ਨੂੰ ਪਿਛਲੀਆਂ ਰਵਾਇਤੀ ਪਾਰਟੀਆਂ ਵਾਂਗ ਮੁੜ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਕਰ ਦਿੱਤਾ ਹੈ ।

ਇਸ ਦੀ ਕੜੀ ਵਜੋਂ ਪੰਜਾਬ ਯੂ .ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 21 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ , ਫਾਜ਼ਿਲਕਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲਿਆਂ ਦੇ ਪੈਨਸ਼ਨਰ ਅਤੇ ਮੁਲਾਜ਼ਮ 21 ਅਗਸਤ ਨੂੰ ਪੰਜਾਬ ਦੇ ਸਮਾਜ ਭਲਾਈ ਮੰਤਰੀ ਡਾ .ਬਲਜੀਤ ਕੌਰ ਦੀ ਮਲੋਟ ਰਿਹਾਇਸ਼ ਵਿਖੇ ਇਕੱਠੇ ਹੋ ਕੇ ਰੋਸ ਪੱਤਰ ਦੇਣਗੇ ਅਤੇ 10 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਦਾ ਨੋਟਿਸ ਦੇਣਗੇ ।

ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਕੇਜਰੀਵਾਲ ਅਤੇ ਉਸਦੀ ਪਾਰਟੀ ਨੇ ਕੱਚੇ ਮੁਲਾਜ਼ਮ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਾਂਗਰਸ ਸਰਕਾਰ ਵਲੋਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਸਮੇਂ ਪੈਨਸ਼ਨਰ ਵਰਗ ਨਾਲ ਕੀਤੀ ਘੋਰ ਬੇਇਨਸਾਫ਼ੀ ਦੂਰ ਕਰਨ ਅਤੇ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਅਦਾ ਕਰਨ ਦੇ ਵਾਅਦੇ ਕੀਤੇ ਸਨ, ਪਰ ਇਨਾਂ ਵਿੱਚੋਂ ਇੱਕ ਵੀ ਵਾਅਦਾ ਵਫਾ ਨਹੀਂ ਹੋਇਆ। ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਤਿੰਨ ਸਾਲ ਸਿਰਫ ਮੁੱਢਲੀ ਤਨਖ਼ਾਹ ਦੇਣ ਵਾਲਾ ਬਾਦਲ ਸਰਕਾਰ ਦਾ ਕਾਲਾ ਫੁਰਮਾਨ ਵੀ ਉਸੇ ਤਰਾਂ ਕਾਇਮ ਹੈ। ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ ਕਈ ਸਹੂਲਤਾਂ ਖੋਹ ਲਈਆਂ ਗਈਆਂ ਹਨ ਜੋ ਸਰਕਾਰ ਦੇ ਮੁਲਾਜ਼ਮ ਵਿਰੋਧੀ ਰੁਖ਼ ਨੂੰ ਸਾਬਿਤ ਕਰਨ ਲਈ ਕਾਫ਼ੀ ਹਨ।

ਸੰਘਰਸ਼ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਕਰਨ ਦੀ ਚਿਤਾਵਨੀ

ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਭਗਵੰਤ ਸਿੰਘ ਮਾਨ ਸਰਕਾਰ ਦਾ ਇਹ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਵਤੀਰਾ ਜਾਰੀ ਰਿਹਾ ਤਾਂ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਆਪਣੇ ਸੰਘਰਸ਼ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਤਰਸੇਮ ਨਰੂਲਾ , ਇਕਬਾਲ ਸਿੰਘ ਮੰਘੇਡ਼ਾ , ਪ੍ਰਿੰਸੀਪਲ ਬਲਵੀਰ ਸਿੰਘ ਬਰਾੜ , ਗੁਰਦੀਪ ਕੁਮਾਰ ਭੋਲਾ , ਵਿਨੋਦ ਕੁਮਾਰ ਲੈਕਚਰਾਰ , ਗੁਰਾ ਸਿੰਘ ਢਿੱਲਵਾਂ , ਮੇਜਰ ਸਿੰਘ , ਹਰਦੀਪ ਸਿੰਘ ਫਿੱਡੂ ਭਲਵਾਨ ਤੇ ਗੇਜ ਰਾਮ ਭੋਰਾ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ