ਪੰਜਾਬੀ ’ਵਰਸਿਟੀ ਵਿਖੇ ਮੁਲਾਜ਼ਮਾਂ ਨੇ ਮੁੱਖ ਗੇਟ ਬੰਦ ਕਰਕੇ ਕੀਤੀ ਨਾਅਰੇਬਾਜੀ

ਤਨਖਾਹਾਂ ਤੇ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਦੀ ਮੰਗ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਵਿਖੇ ਤਨਖਾਹਾਂ ਸਮੇਂ ਸਿਰ ਨਾ ਮਿਲਣ ਦਾ ਰੇੜਕਾ ਨਵੇਂ ਸਾਲ ਮੌਕੇ ਵੀ ਜਾਰੀ ਹੈ। ਅੱਜ ਤਨਖਾਹਾਂ ਤੇ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਦੀ ਮੰਗ ਸਬੰਧੀ ਮੁਲਾਜਮਾਂ ਵੱਲੋਂ ‘ਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਧਰਨਾ ਲਗਾ ਦਿੱਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬੀ ਮਾਂ ਬੋਲੀ ਦੇ ਨਾਮ ’ਤੇ ਬਣੀ ਪੰਜਾਬੀ ਯੂਨੀਵਰਸਿਟੀ ਕਰਜ਼ੇ ਦੀ ਮਾਰੀ ਯੂਨੀਵਰਸਿਟੀ ਬਣ ਕੇ ਰਹਿ ਗਈ ਹੈ। ਮੁੱਖ ਮੰਤਰੀ ਦੇ ਸ਼ਹਿਰ ’ਚ ਬਣੀ ਇਸ ਯੂਨੀਵਰਸਿਟੀ ਦੀ ਸਾਰ ਅਮਰਿੰਦਰ ਸਿੰਘ ਵੱਲੋਂ ਵੀ ਨਹੀਂ ਲਈ ਜਾ ਰਹੀ।

ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇੱਥੇ ਮੁਲਾਜ਼ਮਾਂ, ਪੈਨਸ਼ਨਰਾਂ ਆਦਿ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ। ਪਿਛਲੇ ਮਹੀਨੇ ਦੀ ਤਨਖਾਹ ਵੀ ਕਾਫ਼ੀ ਪਛੜ ਕੇ ਮਿਲੀ ਸੀ। ਮੁਲਾਜ਼ਮਾਂ ਨੂੰ ਡਰ ਹੈ ਕਿ ਨਵੇਂ ਸਾਲ ’ਚ ਵੀ ਮੁਲਾਜ਼ਮਾਂ ਨੂੰ ਤਨਖਾਹਾਂ ਸਮੇਂ ਸਿਰ ਮਿਲਣ ਦੀਆਂ ਉਮੀਦਾਂ ਬਹੁਤੀਆਂ ਨਹੀਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਮੁਲਾਜਮ ਲੰਮੇ ਸਮੇਂ ਆਪਣੀਆਂ ਤਨਖਾਹਾਂ ਤੇ ਪੈਨਸ਼ਨਾਂ ਲੈਣ ਲਈ ਸੰਘਰਸ਼ ਕਰਦੇ ਆ ਰਹੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਏ ਕਲਾਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਾਂ ਬੋਲੀ ਪੰਜਾਬੀ ਭਾਸ਼ਾ ਦੇ ਪਸਾਰ ਲਈ ਬਣੀ ਦੁਨੀਆ ਦੀ ਦੂਸਰੀ ਪੰਜਾਬੀ ਯੂਨੀਵਰਸਿਟੀ ਦਾ ਅਕਸ ਹੁਣ ਕਰਜੇ ਹੇਠ ਦੱਬੇ ਹੋਣ ਕਾਰਨ ਧੁੰਦਲਾ ਹੁੰਦਾ ਜਾ ਰਿਹਾ ਹੈ। ’ਵਰਸਿਟੀ ਨੂੰ ਕਰਜੇ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਵੀ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ। ਬਲਕਿ ਪੰਜਾਬੀ ਯੂਨੀਵਰਸਿਟੀ ਦੇ ਨਿੱਜੀ ਕਾਰਜਾਂ ਵਿੱਚ ਵੀ ਦਖ਼ਲ ਅੰਦਾਜ਼ੀ ਕਰਕੇ ਖ਼ੁਦ ਮੁਖ਼ਤਿਆਰੀ ਨੂੰ ਵੀ ਡੋਬਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ, ਪੈਨਸ਼ਨਾਂ, ਛੇ ਮਹੀਨਿਆਂ ਤੋਂ ਰੁਕੇ ਫੰਡਾਂ ਨੂੰ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ। ਕਰਮਚਾਰੀਆਂ ਦੀਆਂ ਐਕਸਟੈਂਸ਼ਨ, ਪਰਵੇਸ਼ਨ ਪੀਰੀਅਡ, ਪ੍ਰਮੋਸ਼ਨਾਂ ਤੇ ਸਿੰਡੀਕੇਟ ਵਿੱਚ ਡੈਫਰ ਕੇਸਾਂ ਨੂੰ ਵੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਹੱਲ ਨਹੀਂ ਹੋ ਜਾਂਦੀਆਂ ਉਹ ਇੱਥੇ ਹੀ ਧਰਨੇ ’ਤੇ ਬੈਠੇ ਰਹਿਣਗੇ। ਦੱਸਣਯੋਗ ਹੈ ਕਿ ਕਮਜੋਰ ਵਿੱਤੀ ਹਾਲਤ ਕਾਰਨ ਵਾਇਸ ਚਾਂਸਲਰ ਡਾ. ਬੀ.ਐਸ ਘੁੰਮਣ ਨੂੰ ਅਸਤੀਫ਼ਾ ਦੇਣਾ ਪਿਆ ਸੀ ਅਤੇ ਉਨ੍ਹਾਂ ਦੀ ਥਾਂ ’ਤੇ ਆਈਏਐਸ ਅਧਿਕਾਰੀ ਰਵਨੀਤ ਕੌਰ ਨੂੰ ਇਸ ਅਹੁਦੇ ’ਤੇ ਲਗਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.