ਜਿਲ੍ਹੇ ਭਰ ’ਚੋਂ ਪੁੱਜੇ ਮੁਲਾਜ਼ਮਾਂ ਵੱਲੋਂ ਰੈਲੀ ਅਤੇ ਚੱਕਾ ਜਾਮ
-
ਮੁਲਾਜ਼ਮ ਮੰਗਾਂ ਪੂਰੀਆਂ ਨਾ ਹੋਣ ’ਤੇ ਭੜਕੇ ਮੁਲਾਜ਼ਮ
-
ਪੈੱਨ ਡਾਊਨ, ਟੂਲ ਡਾਊਨ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ
ਖੁਸ਼ਵੀਰ ਸਿੰਘ ਤੂਰ, ਪਟਿਆਲਾ। ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤਹਿਤ ‘ਪੈੱਨ ਡਾਊਨ, ਟੂਲ ਡਾਊਨ’ ਹੜਤਾਲ ਦੇ ਦੂਜੇ ਦਿਨ ਪਟਿਆਲਾ ਜਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਸਥਾਨਕ ਬੱਸ ਅੱਡੇ ਦੇ ਸਾਹਮਣੇ ਰੈਲੀ ਕਰਨ ਉਪਰੰਤ ਚੱਕਾ ਜਾਮ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਦਾ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ।
ਰੈਲੀ ਦੌਰਾਨ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਦਰਸ਼ਨ ਲੁਬਾਣਾ, ਦਰਸ਼ਨ ਬੇਲੂਮਾਜਰਾ, ਅਮਰ ਬਹਾਦਰ ਬਾਠ, ਖੁਸ਼ਵਿੰਦਰ ਕਪਿਲਾ, ਹਰਦੀਪ ਟੋਡਰਪੁਰ, ਸੀਸ਼ਨ ਕੁਮਾਰ, ਜਗਜੀਤ ਦੁਆ ਅਤੇ ਗੁਰਮੇਲ ਸਿੰਘ ਵਿਰਕ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਜਿੱਥੇ ਇੱਕ ਪਾਸੇ ਮੁਲਾਜ਼ਮ ਵਿਰੋਧੀ ਤਨਖਾਹ ਕਮਿਸ਼ਨ ਲਾਗੂ ਕਰਕੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਆਸਾਂ ’ਤੇ ਪਾਣੀ ਫੇਰਿਆ ਹੈ ਉੱਥੇ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣਭੱਤਾ ਵਰਕਰਾਂ ’ਤੇ ਘੱਟੋ ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਵਿਭਾਗਾਂ ਦੇ ਪੁਨਰਗਠਨ ਤਹਿਤ ਹਜਾਰਾਂ ਅਸਾਮੀਆਂ ਖਤਮ ਕਰਕੇ ਵਿਭਾਗਾਂ ਦੀ ਆਕਾਰ ਘਟਾਈ ਕਰਕੇ ਲਗਾਤਾਰ ਨਿੱਜੀਕਰਨ ਵੱਲ ਕਦਮ ਪੁੱਟੇ ਜਾ ਰਹੇ ਹਨ।
ਮੁਲਾਜ਼ਮ ਆਗੂਆਂ ਗੁਰਜੀਤ ਘੱਗਾ, ਬਚਿੱਤਰ ਸਿੰਘ, ਜਗਮੋਹਨ ਨੋਲੱਖਾ, ਰਣਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ, ਹਿੰਮਤ ਸਿੰਘ, ਕਰਮਜੀਤ ਕੌਰ ਔਲਖ, ਮੱਖਣ ਸਿੰਘ, ਗੁਰਮੀਤ ਸਿੰਘ ਵਾਲੀਆ ਆਦਿ ਨੇ ਆਖਿਆ ਕਿ ਪੰਜਾਬ ਸਰਕਾਰ ਜਿੱਥੇ ਇੱਕ ਪਾਸੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੱਬੀ ਬੈਠੀ ਹੈ ਉੱਥੇ ਮੁਲਾਜ਼ਮਾਂ ’ਤੇ 200 ਰੁਪਏ ਡਿਵੈਲਪਮੈਂਟ ਟੈਕਸ ਦੇ ਨਾਂਅ ਹੇਠ ਜਜੀਆ ਥੋਪਿਆ ਗਿਆ ਹੈ। ਆਗੂਆਂ ਨੇ ਆਖਿਆ ਕਿ ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ ਸੰਘਰਸ਼ ਦੇ ਅਗਲੇ ਪੜਾਅ ਤਹਿਤ 29 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜੋ ਕਿ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਇਸ ਮੌਕੇ ਹਰਵਿੰਦਰ ਰੱਖੜਾ, ਬਰਜਿੰਦਰ ਸਿੰਘ, ਲਖਵਿੰਦਰ ਸਿੰਘ ਖਾਨਪੁਰ, ਗਿਰਦਾਰੀ ਲਾਲ, ਪਰਮਵੀਰ ਸਿੰਘ, ਮਨਜੀਤ ਸਿੰਘ ਮਜੀਠੀਆ ਆਦਿ ਨੇ ਵੀ ਸੰਬੋਧਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।