ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 11, 2026
More
    Home Breaking News ਬਾਦਲਾਂ ਦੀਆਂ ਬ...

    ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ ’ਚ ਦਾਖ਼ਲਾ ਬੰਦ

    ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ (Buses) ਹੀ ਹੋ ਸਕਣਗੀਆਂ ਚੰਡੀਗੜ ਦਾਖ਼ਲ

    •  ‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ ’ਤੇ ਚਲਣ ਦੀ ਇਜਾਜ਼ਤ
    •  ਮੰਤਰੀ ਨੇ ਕਿਹਾ, ਬਾਦਲ ਪਰਿਵਾਰ ਨੇ ਆਪਣੀਆਂ ਅਤੇ ਆਪਣੇ ਸਹਿਯੋਗੀਆਂ ਦੀਆਂ ਬੱਸਾਂ ਦਾ ਚੰਡੀਗੜ ਵਿੱਚ ਦਾਖ਼ਲਾ ਯਕੀਨੀ ਬਣਾ ਕੇ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਈ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਦੇ ਰੋਡਵੇਜ ਮਹਿਕਮੇ ਨੇ ਬਾਦਲ ਪਰਿਵਾਰ ਦੀਆਂ ਨਿੱਜੀ ਮਾਲਕੀ ਵਾਲੀਆਂ ਬੱਸਾਂ (Buses) ਦੇ ਚੰਡੀਗੜ੍ਹ ’ਚ ਦਾਖਲੇ ’ਤੇ ਰੋਕ ਲਾ ਦਿੱਤੀ ਹੈ ਹੁਣ ਸਿਰਫ ਸਰਕਾਰੀ ਬੱਸਾਂ ਹੀ ਚੰਡੀਗੜ੍ਹ ’ਚ ਦਾਖਲ ਹੋਣਗੀਆਂ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।

    ਉਨਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ।

    ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ ਵਿੱਚ ਦਾਖ਼ਲ ਹੋ ਸਕਣਗੀਆਂ

    ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ’ਤੇ ਢਾਹ ਲਾਈ ਜਾਂਦੀ ਰਹੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਪੰਜਾਬ ਟਰਾਂਸਪੋਰਟ ਸਕੀਮ-2018’ ਵਿੱਚ ਸੋਧ ਕਰਕੇ ਇਸ ਨੂੰ ‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ ਵਿੱਚ ਦਾਖ਼ਲ ਹੋ ਸਕਣਗੀਆਂ। ਉਨਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ’ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।

    ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here