ਪੰਜਾਬ ਯੂਨੀਵਰਸਿਟੀ ’ਚ ਕੀਤਾ ਜਾਵੇਗਾ ਸ਼ਾਨਦਾਰ ਹੋਸਟਲਾਂ ਦਾ ਨਿਰਮਾਣ

Hostel
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਦੇ ਦੌਰੇ ਦੌਰਾਨ ਸੰਬੋਧਨ ਕਰਦੇ ਹੋਏ।

ਪੰਜਾਬ ਯੂਨੀਵਰਸਿਟੀ ’ਚ ਲੜਕੀਆਂ ਦੇ ਹੋਸਟਲ ਲਈ 49 ਕਰੋੜ ਰੁਪਏ ਕੀਤੇ ਜਾਣਗੇ ਜਾਰੀ

  • ਯੂਨੀਵਰਸਿਟੀ ਕੈਂਪਸ ਵਿੱਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ (Hostel) ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ।

ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨਾਂ ਹੋਸਟਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦਾ ਧਿਆਨ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਬਜਾਏ ਸਿੱਖਿਆ ਉਤੇ ਕੇਂਦਰਤ ਕਰਨ ਲਈ ਇਹ ਹੋਸਟਲ ਸਮੇਂ ਦੀ ਲੋੜ ਹਨ।

ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਿਆ (Hostel)

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੇ ਕਈ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਉਨਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼, ਵਿਦਿਆਰਥੀਆਂ ਤੇ ਸੈਨੇਟ ਮੈਂਬਰਾਂ ਨੇ ਉਨਾਂ ਨੂੰ ਇੱਥੇ ਸੱਦਿਆ ਸੀ ਅਤੇ ਇਨਾਂ ਹੋਸਟਲਾਂ ਦੇ ਨਿਰਮਾਣ ਦੀ ਅਪੀਲ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਦਾ ਰਾਜਪਾਲ ’ਤੇ ਪਲਟਵਾਰ, ਤੁਸੀਂ ਥੋੜ੍ਹਾ ਜਿਹਾ ਇੰਤਜ਼ਾਰ ਕਰੋ, ਚਾਰੇ ਬਿੱਲ ਹੋਣਗੇ ਪਾਸ

ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨਾਂ ਕਿਹਾ ਕਿ ਇਹ ਵੀ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਡੀ ਪਾਰਟੀ ਦੇ ਕਈ ਵਿਧਾਇਕਾਂ ਨੇ ਵੀ ਇਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਹੋਸਟਲ ਵਿੱਚ ਸਾਫ਼-ਸੁਥਰੇ ਪਖਾਨਿਆਂ ਦੇ ਨਾਲ-ਨਾਲ ਡਾਈਨਿੰਗ ਹਾਲ ਤੇ ਕਾਮਨ ਰੂਮ ਹੋਣਗੇ। ਉਨਾਂ ਕਿਹਾ ਕਿ ਪਹਿਲਾਂ ਹਰੇਕ ਛੇ ਕਮਰਿਆਂ ਪਿੱਛੋਂ ਪਖ਼ਾਨੇ ਬਣਾਉਣ ਦੀ ਰਵਾਇਤ ਦੇ ਉਲਟ ਹੁਣ ਹਰੇਕ ਚਾਰ ਕਮਰਿਆਂ ਮਗਰੋਂ ਪਖ਼ਾਨਿਆਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਸਹੂਲਤ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਖੋਜਾਰਥੀਆਂ ਤੇ ਹੋਰਾਂ ਲਈ 38 ਕਮਰੇ ਅਟੈਚਡ ਬਾਥਰੂਮਾਂ ਵਾਲੇ ਬਣਾਏ ਜਾਣਗੇ।

ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ (Hostel) ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ, ਖ਼ਾਸ ਤੌਰ ਉਤੇ ਉਦੋਂ, ਜਦੋਂ ਉਨਾਂ ਦੇ ਮਾਪੇ ਜਾਂ ਦਾਦਾ-ਦਾਦੀ ਵੀ ਇੱਥੇ ਰਹਿ ਕੇ ਪੜ੍ਹੇ ਹੋਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ। Hostel

Hostel
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਦੇ ਦੌਰੇ ਦੌਰਾਨ ਸੰਬੋਧਨ ਕਰਦੇ ਹੋਏ।

ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ। ਉਨਾਂ ਅਫ਼ਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦਾ ਦਰਜਾ ਬਦਲਣ ਲਈ ਬਾਕਾਇਦਾ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।