
Faridkot Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਈਬ੍ਰੇਰੀਅਨ ਫਰੰਟ ਪੰਜਾਬ ਦੀ ਫਰੀਦਕੋਟ ਇਕਾਈ ਵੱਲੋਂ ਪੰਜਾਬ ਸਰਕਾਰ ਦੇ ਲਾਅਰੇਬਾਜ਼ ਰਵੱਈਏ ਤੋਂ ਤੰਗ ਆ ਕੇ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੇ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ । ਇਸ ਮੌਕੇ ਡਾ. ਗਗਨਦੀਪ ਸਿੰਘ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਲਗਾਤਾਰ 1158 ਫਰੰਟ ਨਾਲ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ। ਉਹਨਾਂ ਨੇ ਦੱਸਿਆ ਗਿਆ ਕਿ ਸਰਕਾਰ ਵੱਲੋਂ 18 ਸਤੰਬਰ ਦੀ ਮੀਟਿੰਗ ਰੱਦ ਕਰਕੇ ਮੀਟਿੰਗ ਦਾ ਸਮਾਂ 20 ਦਿਨ ਅੱਗੇ ਪਾ ਦੇਣਾ, 1158 ਭਰਤੀ ਨੂੰ ਬਚਾਉਣ ਲਈ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਪਾਉਣ ਵਿੱਚ ਦੇਰੀ ਕਰਨਾ ਸਰਕਾਰ ਦੇ ਗੈਰ-ਜ਼ਿੰਮੇਵਾਰ ਰਵੱਈਏ ਨੂੰ ਜ਼ਾਹਿਰ ਕਰਦਾ ਹੈ।
ਇਸ ਮੌਕੇ ਪ੍ਰੋ. ਸਤਵੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਪੋਰੇਟ ਸੈਕਟਰ ਨੂੰ ਪ੍ਰਮੋਟ ਕਰਨ ਅਤੇ ਸਰਕਾਰੀ ਕਾਲਜਾਂ ਨੂੰ ਬਚਾਉਣ ਪ੍ਰਤੀ ਸਰਕਾਰ ਦੀ ਅਸੰਵੇਦਨਸ਼ੀਲਤਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ । ਇਸ ਮੌਕੇ ਪ੍ਰੋ. ਬਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ 1158 ਫ਼ਰੰਟ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਨਾਲ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ, ਪਰ ਅਸੀਂ ਸਰਕਾਰ ਤੋਂ ਆਪਣੇ ਹੱਕ ਹਰ ਹੀਲੇ ਲੈ ਕੇ ਰਹਾਂਗੇ।
ਇਹ ਵੀ ਪੜ੍ਹੋ: Student Protest Punjab: ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀ ਮੰਗਾਂ ਨੂੰ ਮਨਵਾਉਣ ਲਈ ਸ਼ਹਿਰ ’ਚ ਰੋਸ ਮੁਜ਼ਾਹਰਾ…
ਡਾ. ਕੁਲਦੀਪ ਸਿੰਘ ਨੇ ਸਰਕਾਰੀ ਕਾਲਜਾਂ ਅਤੇ ਉਚੇਰੀ ਸਿੱਖਿਆ ਬਚਾਉਣ ਦਾ ਹੋਕਾ ਦਿੱਤਾ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਐਤਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਅੰਤ ਵਿੱਚ ਪ੍ਰੋ. ਗੁਰਵਿੰਦਰ ਸਿੰਘ ਵੱਲੋਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਤੋਂ ਇਲਾਵਾ ਸਰਕਾਰੀ ਕਾਲਜ ਜ਼ੀਰਾ ਅਤੇ ਸਰਕਾਰੀ ਕਾਲਜ, ਰੋਡੇ ਤੋਂ ਪ੍ਰੋਫੈਸਰ ਸਾਹਿਬਾਨ ਇਸ ਅਰਥੀ ਫੂਕ ਮੁਜ਼ਾਹਰੇ ਵਿੱਚ ਸ਼ਾਮਲ ਹੋਏ। ਅੰਤ ਵਿੱਚ 1158 ਫ਼ਰੰਟ ਦੇ ਸਾਰੇ ਹੀ ਪ੍ਰੋਫ਼ੈਸਰ ਸਾਹਿਬਾਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਨਾਅਰੇ ਬਾਜ਼ੀ ਕੀਤੀ।