ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਮ੍ਰਿਤਕਾ ਦੇ ਪਰਿਵਾਰ ਨੂੰ ਛੇਤੀ ਮੁਆਵਜ਼ਾ ਦੇਣ ਦੀ ਕੀਤੀ ਮੰਗ
(ਅਨਿਲ ਲੁਟਾਵਾ) ਅਮਲੋਹ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਜਦੋਂ ਕਿ ਜ਼ਮੀਨੀ ਪੱਧਰ ਤੇ ਹਕੀਕਤ ਕੁੱਝ ਹੋਰ ਹੀ ਹੈ। ਜਿਸ ਦੇ ਚੱਲਦਿਆਂ ਸ਼ਹਿਰ ਅਮਲੋਹ ਦੇ ਨਾਲ ਲੱਗਦੇ ਪਿੰਡ ਸੌਟੀਂ ਵਿਖੇ ਬਿਜਲੀ ਵਿਭਾਗ ਦੀ ਅਣਗਹਿਲੀ ਦੇ ਚੱਲਦਿਆਂ ਖੇਤਾਂ ਵਿੱਚ ਲਮਕ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਗੰਨੇ ਦੀ ਭਰੀ ਟਰੈਕਟਰ ਟਰਾਲੀ ਦੇ ਨਾਲ ਟਕਰਾ ਜਾਣ ਕਾਰਨ ਚਾਲਕ ਕਿਸਾਨ ਜਗਤਾਰ ਸਿੰਘ ਸੋਟੀਂ (46) ਪੁੱਤਰ ਗੁਰਦੇਵ ਸਿੰਘ ਦੀ ਕਰੰਟ ਲੱਗਣ ਕਾਰਨ ਮੌਕੇ ਤੇ ਮੌਤ ਹੋ ਗਈ ਹੈ। ਜਿਸ ਕਾਰਨ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ ਦੇ ਵਾਸੀਆਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਰੋਸ ਪਾਇਆ ਜਾ ਰਿਹਾ ਹੈ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਅਮਿ੍ਰੰਤਸਰ ਦੇ ਕੌਮੀ ਐਗਜੇਕਟਿਵ ਮੈਂਬਰ ਤੇ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਲਖਵੀਰ ਸਿੰਘ ਖ਼ਾਲਸਾ ਸੋਟੀਂ, ਪਰਿਵਾਰਕ ਮੈਂਬਰ ਜਗਦੀਪ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਕਰਨਵੀਰ ਸਿੰਘ, ਸਿਮਰਨਦੀਪ ਸਿੰਘ, ਅਰਸ਼ਦੀਪ ਸਿੰਘ, ਨਵਦੀਪ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਘਟਨਾ ਸਥਾਨ ਤੇ ਖੇਤਾਂ ਵਿੱਚ ਲਮਕ ਰਹੀਆਂ ਹਾਈ ਵੋਲਟੇਜ ਤਾਰਾਂ ਨੂੰ ਦਿਖਾਉਣ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਉਨ੍ਹਾਂ ਦੇ ਖੇਤਾਂ ਵਿੱਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਲਈ ਬਿਜਲੀ ਵਿਭਾਗ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ ਪਰੰਤੂ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਿ੍ਰਤਕ ਕਿਸਾਨ ਜਗਤਾਰ ਸਿੰਘ ਸੋਟੀਂ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਿਤ ਸੀ ਜੋ ਕਿ ਆਪਣੇ ਪਿੱਛੇ 2 ਲੜਕੀਆਂ ਤੇ 1 ਨਾਬਾਲਗ ਲੜਕਾ ਛੱਡ ਗਿਆ ਹੈ ਜਿਸ ਕਾਰਨ ਪਰਿਵਾਰ ਨੂੰ ਆਪਣਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਮਿ੍ਰਤਕ ਕਿਸਾਨ ਜਗਤਾਰ ਸਿੰਘ ਵੱਲੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਤੇ ਕਿਸਾਨ ਸਘੰਰਸ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਸੀ ਜਿਸ ਵੱਲੋਂ ਲਗਾਤਾਰ ਕਈ ਮਹੀਨੇ ਦਿੱਲੀ ਵਿਖੇ ਰਹਿ ਕੇ ਸੰਯੁਕਤ ਕਿਸਾਨ ਮੋਰਚੇ ਦਾ ਸਾਥ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ, ਹਲਕਾ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜਲਦ ਕਰੰਟ ਦੀ ਲਪੇਟ ਵਿੱਚ ਆਪਣੀ ਜਾਨ ਗਵਾਉਣ ਵਾਲੇ ਮਿ੍ਰਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਆਪਣਾ ਗੁਜ਼ਾਰਾ ਕਰ ਸਕੇ।
ਕੀ ਕਹਿਣਾ ਹੈ ਅਮਲੋਹ ਗਰਿੱਡ ਦੇ ਐਕਸੀਅਨ (ਕਾਰਜਕਾਰੀ ਇੰਜੀਨੀਅਰ) ਸੁਮੇਲ ਸਿੰਘ ਦਾ :
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ ਪੰ੍ਰਤੂ ਜਦੋਂ ਵੀ ਇਹ ਮਾਮਲਾ ਵਿਭਾਗ ਦੇ ਧਿਆਨ ਵਿੱਚ ਆਵੇਗਾ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ