
ਫਰੀਦਕੋਟ ਵਿੱਚ ਕਿਸਾਨ ਆਗੂ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ | Punjab Farmer News
Punjab Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਲੋਕਾਂ ਦਾ ਸੰਵਿਧਾਨਕ ਹੱਕ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਬਣਦੀ ਕਾਰਵਾਈ ਕਰਨ ਦੀ ਬਜਾਏ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: BBMB and CM Punjab: ਮੁੱਖ ਮੰਤਰੀ ਮਾਨ ਦਾ ਬੀਬੀਐਮਬੀ ਲਈ ਬਿਆਨ, ਹਰਿਆਣਾ ਨੂੰ ਪਾਣੀ ਦੇਣ ਦੀ ਗੱਲ ‘ਤੇ ਦਿੱਤਾ ਜ…
ਉਹਨਾਂ ਕਿਹਾ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫੋਰਮ ਵੱਲੋਂ ਬੀਤੇ ਦਿਨੀਂ ਪ੍ਰੈਸ ਵਾਰਤਾ ਕਰਕੇ ਕਿਸਾਨਾਂ ਦੇ ਬਾਰਡਰਾਂ ਤੋਂ ਚੋਰੀ ਹੋਏ ਸਮਾਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਧੱਕੇਸ਼ਾਹੀ ਦਾ ਇਨਸਾਫ ਮੰਗਣ ਲਈ 5 ਮਈ ਨੂੰ ਸ਼ੰਭੂ ਥਾਣੇ ਦੇ ਅੱਗੇ ਇੱਕ ਰੋਜ਼ਾ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਪਰੰਤੂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨ ਅਤੇ ਇਨਸਾਫ਼ ਦੇਣ ਦੀ ਗੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਨੂੰ ਆਪਣੇ ਘਰਾਂ ਵਿੱਚ ਕੈਦ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਖਬਰਾਂ ਮਿਲ ਰਹੀਆਂ ਹਨ ਕਿ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਸਮੇਤ ਸੈਂਕੜੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਲਿਜਾਇਆ ਗਿਆ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਪੰਜਾਬ ਸਰਕਾਰ ਦਾ ਇਹ ਕਿੱਥੋਂ ਦਾ ਨਿਆਂ ਹੈ ਕਿ ਆਪਣੀ ਪਰਜਾ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਥਾਣਿਆਂ ਵਿੱਚ ਡੱਕ ਦਿੱਤਾ ਜਾਵੇ। Punjab Farmer News
ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਜਾਗਰੂਕ
ਉਹਨਾਂ ਕਿਹਾ ਕਿ ਧੱਕੇਸ਼ਾਹੀ ਦੇ ਖਿਲਾਫ਼ ਅੰਦੋਲਨ ਜਾਂ ਪ੍ਰਦਰਸ਼ਨ ਕਰਨਾ ਪਰਜਾ ਦਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ ਅਤੇ ਜਦੋਂ ਲੋਕ ਜਾਗ ਜਾਣ ਤਾਂ ਸਰਕਾਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਹ ਰਾਜ ਲੋਕਾਂ ਦੀ ਦਿੱਤੀ ਹੋਈ ਸੌਗਾਤ ਹੁੰਦੀ ਹੈ ਅਤੇ ਇਸ ਨੂੰ ਆਪਣੀ ਸਮਝਣਾ ਸਰਕਾਰਾਂ ਦੀ ਬਹੁਤ ਵੱਡੀ ਭੁੱਲ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਜਾਗਰੂਕ ਹਨ ਅਤੇ ਪਿਛਲੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਬਾਰਡਰਾਂ ’ਤੇ ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਅਤੇ ਪ੍ਰਸ਼ਾਸਨ ਵੱਲੋਂ ਹੀ ਚੋਰੀ ਕੀਤੇ ਗਏ ਸਮਾਨ ਦਾ ਇਨਸਾਫ ਲਏ ਤੋਂ ਬਗੈਰ ਕਿਸਾਨ ਟਿਕ ਕੇ ਨਹੀਂ ਬੈਠਣਗੇ।
ਪਾਣੀਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ
ਉਹਨਾਂ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਦੋਂ ਪਿਛਲੇ ਸਮੇਂ ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਨੂੰ ਮਨਫੀ ਕਰਨ ਦੀ ਗੱਲ ਆਈ ਤਾਂ ਪੰਜਾਬ ਦੇ ਚਿੰਤਕਾਂ ਵੱਲੋਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਕਰਨ ਦੇ ਬਾਵਜ਼ੂਦ ਪੰਜਾਬ ਦੀ ਭਗਵੰਤ ਮਾਨ ਨੇ ਚੁੱਪੀ ਧਾਰੀ ਰੱਖੀ ਸਮਾਂ ਰਹਿੰਦਿਆਂ ਕੋਈ ਉਪਰਾਲਾ ਨਹੀਂ ਕੀਤਾ ਅਤੇ ਜਦੋਂ ਅੱਜ ਕੇਂਦਰ ਸਰਕਾਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਪਾਣੀਆਂ ਦਾ ਵੱਡਾ ਹਿੱਸਾ ਹਰਿਆਣਾ ਦੇ ਕਿਸਾਨਾਂ ਨੂੰ ਦੇਣ ਦੀ ਮੰਗ ਰੱਖ ਦਿੱਤੀ ਤਾਂ ਪੰਜਾਬ ਦਾ ਮੁੱਖ ਮੰਤਰੀ ਪਾਣੀਆਂ ਦਾ ਰਾਖਾ ਬਣਨ ਦੇ ਡਰਾਮੇ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਇਹ ਸਾਰੀ ਗੇਮ ਕੇਂਦਰ ਅਤੇ ਪੰਜਾਬ ਵੱਲੋਂ ਰਲ ਕੇ ਖੇਡੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਹੋਰ ਮੁੱਦਿਆਂ ਤੋਂ ਪਾਸੇ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਸੱਚਮੁਚ ਇਹ ਸਰਕਾਰਾਂ ਹਰਿਆਣਾ ਰਾਜਸਥਾਨ ਦੇ ਕਿਸਾਨਾਂ ਨੂੰ ਪਾਣੀ ਦੇਣਾ ਚਾਹੁੰਦੀਆਂ ਹਨ ਤਾਂ ਪਿਛਲੇ ਸਮੇਂ ਤਿਆਰ ਕੀਤਾ ਗਿਆ ਸ਼ਾਰਦਾ ਜਮਨਾ ਲਿੰਕ ਦੇ ਪ੍ਰੋਜੈਕਟ ’ਤੇ ਕੰਮ ਕੀਤਾ ਜਾਵੇ ਜਿਸ ਨਾਲ ਪੰਜਾਬ ਸਮੇਤ ਸਾਰੇ ਰਾਜਾਂ ਦੇ ਕਿਸਾਨਾਂ ਨੂੰ ਵਾਧੂ ਪਾਣੀ ਮਿਲੇਗਾ ਪਰੰਤੂ ਸਰਕਾਰਾਂ ਇਸ ਪ੍ਰੋਜੈਕਟ ’ਤੇ ਕਦੇ ਕੰਮ ਨਹੀਂ ਕਰਨਗੀਆਂ ਕਿਉਂਕਿ ਇਹਨਾਂ ਰਾਜਨੀਤਿਕ ਲੋਕਾਂ ਨੇ ਸਿਰਫ ਵੋਟਾਂ ਦੀ ਹੀ ਗਿਣਤੀ ਮਿਣਤੀ ਕਰਨੀ ਹੁੰਦੀ ਹੈ। Punjab Farmer News
ਇਹ ਵੀ ਪੜ੍ਹੋ: Resolution in Punjab Vidhan Sabha: ਪੰਜਾਬ ਵਿਧਾਨ ਸਭਾ ’ਚ ਜਲ ਸਰੋਤ ਮੰਤਰੀ ਵਰਿੰਦਰ ਗੋਇਲ ਵੱਲੋਂ ਮਤਾ ਪੇਸ਼, ਪੜ੍ਹੋ…
ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਨੂੰ ਪ੍ਰਸ਼ਾਸਨ ਵੱਲੋਂ ਆਪਣੇ-ਆਪਣੇ ਘਰਾਂ ਵਿੱਚ ਕੈਦ ਕਰ ਕੇ ਰੱਖਿਆ ਹੋਇਆ ਸੀ ਜਦੋਂਕਿ ਪੰਜਾਬ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਸਮੇਤ ਲਵਜੀਤ ਸਿੰਘ ਪ੍ਰਧਾਨ ਜ਼ਿਲ੍ਹਾ ਮੋਗਾ, ਬਲਵੀਰ ਸਿੰਘ ਝੰਡੂਕੇ, ਗੁਰਪ੍ਰੀਤ ਸਿੰਘ ਬਲਾਕ ਸ਼ਹਿਣਾ, ਗੁਰਚਰਨ ਸਿੰਘ ਭੀਖੀ,ਜਗਰਾਜ ਸਿੰਘ ਹੀਰੋ ਕਲਾਂ ਆਦਿ ਸੈਂਕੜੇ ਆਗੂਆਂ ਨੂੰ ਵੱਖ ਵੱਖ ਥਾਣਿਆਂ ਵਿੱਚ ਲਿਜਾਇਆ ਗਿਆ।