Punjab News: ਕਿਸਾਨ ਆਗੂਆਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੀਟਿੰਗ

Punjab News
 ਚੰਡੀਗੜ੍ਹ : ਕਿਸਾਨ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ।

ਕਿਸਾਨਾਂ ਵੱਲੋਂ ਕੇਂਦਰ ਦੇ ਖੇਤੀ ਖਰੜੇ ਬਾਰੇ ਪੰਜਾਬ ਨੂੰ ਤਕੜੇ ਹੋ ਕੇ ਲੜਨ ਦੀ ਸਲਾਹ

Punjab News: (ਸੁਖਜੀਤ ਮਾਨ) ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਬਾਰੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਖਰੜੇ ਦਾ ਕੇਂਦਰ ਨੂੰ ਕੋਈ ਵੀ ਜਵਾਬ ਦੇਣ ’ਚ ਪੰਜਾਬ ਸਰਕਾਰ ਕਾਹਲੀ ਨਾ ਕਰੇ ਸਗੋਂ ਇਸਦੇ ਚੰਗੇ-ਮਾੜੇ ਪੱਖਾਂ ਦੀ ਹਰ ਗੱਲ ਨੂੰ ਦੇਖ ਕੇ ਮਾਹਿਰਾਂ ਨਾਲ ਰਾਇ ਉਪਰੰਤ ਹੀ ਜਵਾਬ ਦੇਵੇ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਕਿਸੇ ਵੀ ਕੀਮਤ ’ਚ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਣਗੇ। ਉਹਨਾਂ ਕਿਸਾਨਾਂ ਨੂੰ ਖਰੜੇ ਸਬੰਧੀ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ ਦੀ ਅਪੀਲ ਵੀ ਕੀਤੀ। ਮੀਟਿੰਗ ’ਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ ਅਤੇ ਡਾ. ਸਤਨਾਮ ਸਿੰਘ ਅਜਨਾਲਾ ਆਦਿ ਸ਼ਾਮਿਲ ਹੋਏ ਸਨ।

ਇਹ ਵੀ ਪੜ੍ਹੋ: Patiala News: ਅੰਡਰਟ੍ਰਾਇਲ ਮਹਿਲਾ ਕੈਦੀ ਸੋਨੀਆ ਨੂੰ ਮਿਲਿਆ ‘ਤਿਨਕਾ-ਤਿਨਕਾ ਬੰਦਨੀ ਐਵਾਰਡ 2024’ ਦਾ ਵਕਾਰੀ ਸਨਮਾਨ

ਖੇਤਬਾੜੀ ਮੰਤਰੀ ਨੇ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਇਸ ਖਰੜੇ ਕਾਰਨ ਸੂਬਾ ਸਰਕਾਰ ਚਿੰਤਤ ਹੈ ਕਿਉਂਕਿ ਇਸ ਨਾਲ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ, ਜਿਸ ਕਾਰਨ ਉਹ ਇਸ ਨੀਤੀ ਦੇ ਖਰੜੇ ਦੇ ਹਰੇਕ ਪਹਿਲੂ ਦਾ ਗੰਭੀਰਤਾ ਨਾਲ ਵਿਸ਼ਲੇਸ਼ਣ ਅਤੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਸ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਆਉਂਦੇ ਦਿਨਾਂ ਵਿੱਚ ਖੇਤੀਬਾੜੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਪਹਿਲੂ ਵਿਚਾਰ ਖੁਣੋ ਨਾ ਰਹਿ ਜਾਵੇ। Punjab News

ਮੀਟਿੰਗ ’ਚ ਮੌਜੂਦ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਨੇ ਕਿਸਾਨਾਂ ਨੂੰ ਇਸ ਖਰੜੇ ਸਬੰਧੀ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨੀਤੀ ਦੀ ਆੜ ਵਿੱਚ ਸੰਭਾਵੀ ਨਿੱਜੀਕਰਨ, ਅਜ਼ਾਰੇਦਾਰੀ ਅਮਲ ਚਿੰਤਾਜਨਕ ਹਨ ਉਨ੍ਹਾਂ ਕਿਹਾ ਕਿ ਇਹ ਨੀਤੀ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਿਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ।