ਮ੍ਰਿਤਕ ਕਿਸਾਨ ਦਾ ਸਸਕਾਰ ਰਾਜਘਾਟ ‘ਤੇ ਕਰਨ ਦੀ ਰੱਖੀ ਮੰਗ
ਬਠਿੰਡਾ, (ਸੁਖਜੀਤ ਮਾਨ)। ਖੇਤੀ ਬਿੱਲਾਂ ਖਿਲਾਫ਼ ਸੰਘਰਸ਼ ਦੇ ਮੈਦਾਨ ‘ਚੋਂ ਅੱਜ ਲਗਾਤਾਰ ਦੂਜੇ ਦਿਨ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਕੱਲ੍ਹ ਧਨੌਲਾ ਨਾਲ ਸਬੰਧਿਤ ਮਿਸਤਰੀ ਦੀ ਮੌਤ ਹੋ ਗਈ ਸੀ ਜਦੋਂਕਿ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਖਟਰਾ ਵਾਸੀ ਕਿਸਾਨ ਦੀ ਮੌਤ ਹੋ ਗਈ ਇਸ ਕਿਸਾਨ ਦਾ ਸਸਕਾਰ ਨਵੀਂ ਦਿੱਲੀ ਦੇ ਰਾਜਘਾਟ ਵਿਖੇ ਕਰਨ ਤੋਂ ਇਲਾਵਾ ਹੋਰ ਮੰਗਾਂ ਸਬੰਧੀ ਭਾਕਿਯੂ ਸਿੱਧੂਪੁਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ।
ਹਾਸਲ ਹੋਏ ਵੇਰਵਿਆਂ ਮੁਤਾਬਿਕ ਕਿਸਾਨੀ ਸੰਘਰਸ਼ ‘ਚ ਸ਼ਾਮਲ ਗੱਜਣ ਸਿੰਘ (55) ਪੁੱਤਰ ਪਾਲਾ ਸਿੰਘ ਵਾਸੀ ਪਿੰਡ ਖਟਰਾ ਜ਼ਿਲ੍ਹਾ ਲੁਧਿਆਣਾ ਦੀ ਮੌਤ ਲਈ ਕਿਸਾਨਾਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਅੱਜ ਇਸ ਮਾਮਲੇ ‘ਚ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ। ਯੂਨੀਅਨ ਦੇ ਸੂਬਾ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਦਿੱਲੀ ਆਉਣ ਵੇਲੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਵਾਛੜਾਂ ਕੀਤੀਆਂ ਗਈਆਂ।
ਸਰਕਾਰਾਂ ਦੇ ਇਸ ਬੇਰੁਖੀ ਵਾਲੇ ਰਵੱਈਏ ਕਾਰਨ ਕਿਸਾਨ ‘ਤੇ ਬੋਝ ਸੀ ਜਿਸ ਦੇ ਸਿੱਟੇ ਵਜੋਂ ਹੀ ਉਸਦੀ ਬਹਾਦਰਗੜ੍ਹ ਦੇ ਟਿਕਰੀ ਬਾਰਡਰ ‘ਤੇ ਮੌਤ ਹੋ ਗਈ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਸਸਕਾਰ ਰਾਜਘਾਟ ਦਿੱਲੀ ਵਿਖੇ ਕੀਤਾ ਜਾਵੇ, ਇੱਕ ਜੀਅ ਨੂੰ ਕੇਂਦਰ ਸਰਕਾਰ ਵੱਲੋਂ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਮਾੜੇ ਪ੍ਰਬੰਧਾਂ ਦੇ ਕਾਰਨ ਹਰਿਆਣਾ ਸਰਕਾਰ ਖਿਲਾਫ਼ ਤੇ ਗੱਜਣ ਸਿੰਘ ਦੀ ਮੌਤ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਕਿਸਾਨ ਦੀ ਮੌਤ ਨਾਲ ਪਰਿਵਾਰ ਨੂੰ ਪਿਆ ਘਾਟਾ ਕਰੋੜਾਂ ਰੁਪਏ ‘ਚ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਮੰਗਲਵਾਰ 11 ਵਜੇ ਤੱਕ ਦੀ ਦਿੱਤੀ ਹੈ ਮੋਹਲਤ : ਕਿਸਾਨ ਆਗੂ
ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੱਜਣ ਸਿੰਘ ਦੀ ਮ੍ਰਿਤਕ ਦੇਹ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਧਿਕਾਰੀਆਂ ਨਾਲ ਇਸ ਸਬੰਧੀ ਗੱਲਬਾਤ ਹੋਈ ਹੈ, ਜਿਸ ਵਿੱਚ ਉਨ੍ਹਾਂ ਨੇ ਮੰਗਲਵਾਰ ਸਵੇਰ 11 ਵਜੇ ਤੱਕ ਦੀ ਮੋਹਲਤ ਦਿੱਤੀ ਹੈ ਕਿ ਸਭ ਤੋਂ ਪਹਿਲਾਂ ਤਾਂ ਕਾਲੇ ਕਾਨੂੰਨ ਰੱਦ ਕੀਤੇ ਜਾਣ। ਉਸ ਮਗਰੋਂ ਮ੍ਰਿਤਕ ਕਿਸਾਨ ਨਾਲ ਸਬੰਧਿਤ ਮੰਗਾਂ ਪੂਰੀਆਂ ਜਾਣ ਤਾਂ ਹੀ ਸਸਕਾਰ ਕੀਤਾ ਜਾਵੇਗਾ ਉਨ੍ਹਾਂ ਆਖਿਆ ਕਿ ਮੰਗਾਂ ਪੂਰੀਆਂ ਨਾ ਹੋਣ ‘ਤੇ ਸਿਵਲ ਹਸਪਤਾਲ ਦੇ ਸਾਹਮਣੇ ਵੀ ਧਰਨਾ ਲਾਇਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.