250 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
-
ਅੱਜ 6 ਜੂਨ ਨੂੰ ਮੰਦਸੌਰ ਦੇ ਸ਼ਹੀਦ ਕਿਸਾਨਾਂ ਨੂੰ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ‘ਸੰਪੂਰਨ ਕ੍ਰਾਂਤੀ ਦਿਹਾੜਾ’ ਮਨਾਉਂਦਿਆਂ ਅੱਜ ਭਰ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ 250 ਦੇ ਕਰੀਬ ਥਾਵਾਂ ’ਤੇ ਕੇਂਦਰ-ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕਰਦਿਆ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਸਾਲ ਪਹਿਲਾਂ 5 ਜੂਨ 2020 ਨੂੰ ਕੇਂਦਰ-ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਾਉਣ ਲਈ ਭਾਜਪਾ ਆਗੂਆਂ ਦੇ ਦਫ਼ਤਰਾਂ, ਘਰਾਂ ਦੇ ਨਾਲ-ਨਾਲ ਐਸਡੀਐਮ ਅਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਇਹ ਜ਼ੋਰਦਾਰ ਰੋਸ-ਮੁਜ਼ਾਹਰੇ ਕੀਤੇ ਗਏ।
ਜਾਣਕਾਰੀ ਅਨੁਸਾਰ ਪੰਜਾਬ ਭਰ ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 6 ਜੂਨ 2017 ਨੂੰ ਮੱਧ ਪ੍ਰਦੇਸ ਦੇ ਮੰਦਸੌਰ ਵਿੱਚ ਸਰਕਾਰ ਸਾਹਮਣੇ ਆਪਣੀਆਂ ਮੁਢਲੀਆਂ ਮੰਗਾਂ ਅੱਗੇ ਰੱਖਣ ਲਈ ਵਿਰੋਧ ਪ੍ਰਦਰਸਨ ਕਰਨ ਤੇ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਕਾਂਡ ਚ 6 ਕਿਸਾਨ ਸਹੀਦ ਹੋਏ ਅਤੇ ਸੈਂਕੜੇ ਜਖਮੀ ਹੋਏ ਸਨ। ਉਸ ਤੋਂ ਬਾਅਦ ਦੇਸ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਅਤੇ ਦੇਸ ਭਰ ਵਿੱਚ ਕਿਸਾਨਾਂ ਦਾ ਤਾਲਮੇਲ ਸਥਾਪਤ ਹੋਇਆ।
ਉਨ੍ਹਾਂ ਸਮੂਹ ਸ਼ਹੀਦ ਕਿਸਾਨਾਂ ਨੂੰ ਯਾਦ ਕਰਦਿਆਂ 6 ਜੂਨ ਨੂੰ ਕਿਸਾਨ ਆਗੂ ਮੰਦਸੌਰ ਵਿਖੇ ਇਕੱਠੇ ਹੋ ਕੇ ਸਰਧਾਂਜਲੀ ਭੇਂਟ ਕਰਨਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹੈ ਕਿ ਉਹ 6 ਜੂਨ ਨੂੰ ਇਸ ਅੰਦੋਲਨ ਦੇ ਅਤੇ ਮੰਦਸੌਰ ਦੇ ਸਹੀਦ ਕਿਸਾਨਾਂ ਨੂੰ ਸਰਧਾਂਜਲੀ ਭੇਟ ਕਰਨ ਅਤੇ ਇੱਕ ਪ੍ਰਣ ਲੈਣ ਕਿ ਕਿਸਾਨ ਕਿਸੇ ਵੀ ਪੁਲਿਸ ਕਾਰਵਾਈ ਤੋਂ ਨਹੀਂ ਡਰਨਗੇ ਅਤੇ ਸੰਘਰਸ ਜਾਰੀ ਰੱਖਣਗੇ।
ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਜਗਜੀਤ ਸਿੰਘ ਡੱਲੇਵਾਲ, ਹਰਜੀਤ ਰਵੀ, ਜਗਮੋਹਨ ਸਿੰਘ ਪਟਿਆਲਾ ਆਦਿ ਨੇ ਕਿਹਾ ਕਿ 500 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਹੋ ਚੁੱਕੀਆਂ ਹਨ, ਪਰ ਹਾਲੇ ਵੀ ਕੇਂਦਰ-ਸਰਕਾਰ ਨੇ ਜ਼ਿੱਦ ਫੜੀ ਹੋਈ ਹੈ, ਜੋ ਸਾਬਤ ਕਰਦਾ ਹੈ ਕਿ ਸਰਕਾਰ ਨੂੰ ਕਿਸਾਨਾਂ ਨਾਲੋਂ ਕਾਰਪੋਰੇਟ-ਘਰਾਣਿਆਂ ਦੇ ਹਿੱਤ ਜਿਆਦਾ ਪਿਆਰੇ ਹਨ। ਉਨ੍ਹਾਂ ਕਿਹਾ ਕਿ ਉਹ ਹਰ ਹਾਲਤ ਵਿੱਚ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਦਮ ਲੈਣਗੇ।
ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀ ਨੀਤੀ ਤੇ ਚਲਦਿਆਂ ਜਿੱਥੇ ਖੇਤੀ ਸੱਭਿਆਚਾਰ ਨੂੰ ਉਜਾੜਨ ਲਈ ਤਿੰਨ ਖੇਤੀ ਬਿਲ ਲਿਆਂਦੇ ਹਨ, ਨਾਲ ਦੀ ਨਾਲ ਇਸ ਤੋਂ ਪਹਿਲਾਂ ਜਨਤਕ ਖੇਤਰ ਦੇ ਅਦਾਰਿਆਂ ਬੈਂਕਾਂ, ਬੀਮਾ, ਰੇਲਵੇ, ਜਹਾਜਰਾਨੀ, ਰੇਲਵੇ, ਕੋਇਲਾ ਖਾਣਾਂ, ਬਿਜਲੀ ਬੋਰਡ, ਸੜਕਾਂ, ਸਿਹਤ ਸਿੱਖਿਆ, ਟਰਾਂਸਪੋਰਟ ਆਦਿ ਨੂੰ ਦੇਸੀ-ਬਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰ ਰਹੀ ਹੈ।
ਕਿਸਾਨਾਂ ਤੇ ਦਰਜ਼ ਕੇਸ ਰੱਦ ਕੀਤੇ ਜਾਣ
ਪਿਛਲੇ ਦਿਨੀਂ ਫਫੜੇ ਭਾਈਕੇ (ਮਾਨਸਾ) ਚ ਭਾਜਪਾ ਆਗੂ ਵਿਜੈ ਸਾਂਪਲਾ ਦੇ ਵਿਰੋਧ ਲਈ ਇਕੱਠੇ ਹੋਏ ਕਿਸਾਨਾਂ ’ਤੇ ਪੁਲਿਸ ਵੱਲੋਂ ਕੇਸ ਦਰਜ਼ ਕੀਤੇ ਜਾਣ ਦੀ ਕਿਸਾਨ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦਰਜ਼ ਕੀਤੇ ਕੇਸ ਤੁਰੰਤ ਰੱਦ ਕੀਤੇ ਜਾਣ, ਨਹੀਂ ਤਾਂ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।