(ਐੱਮਕੇ ਸ਼ਾਇਨਾ) ਮੋਹਾਲੀ। ਮਾਈ ਭਾਗੋ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼, ਐੱਸਏਐੱਸ ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਸ਼ਨਿੱਚਰਵਾਰ ਨੂੰ ਭਾਰਤੀ ਹਵਾਈ ਫੌਜ ’ਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ। (Air Force)
ਇਹ ਵੀ ਪੜ੍ਹੋ : ਬਠਿੰਡਾ ਦੇ ਸੁਵਿਧਾ ਕੇਂਦਰ ’ਚੋਂ ਲੱਖਾਂ ਰੁਪਏ ਦੀ ਚੋਰੀ
ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ’ਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਇਵਰਾਜ ਕੌਰ ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ, ਜਦੋਂਕਿ ਫਲਾਇੰਗ ਅਫਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਫੌਜ ਦੀ ਐਜੂਕੇਸਨ ਬ੍ਰਾਂਚ ਵਿੱਚ ਹੋਵੇਗੀ। Air Force
ਮਾਈ ਭਾਗੋ ਏਐੱਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐੱਸਐੱਮ (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫਸਰ ਵਜੋਂ ਚੁਣੇ ਜਾਣ ’ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਫੌਜਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਫੌਜ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ (Air Force)
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਤੇ ਉਨ੍ਹਾਂ ਦੀ ਸਫਲਤਾ ਯਕੀਨੀ ਤੌਰ ’ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ’ਚ ਕਮਿਸ਼ਨਡ ਅਫਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ’ਚ ਜਾਣ ਦੇ ਸੁਫਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ’ਚ ਮਾਈ ਭਾਗੋ ਏਐੱਫਪੀਆਈ ’ਚ ਐੱਨਡੀਏ ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।