ਸਰਕਾਰ ਗਰੀਨ ਟ੍ਰਿਬਿਊਨਲ ਦਾ ਫ਼ੈਸਲਾ ਲਾਗੂ ਕਰਨ ਦੀ ਬਜਾਏ ਕਿਸਾਨਾਂ ਨਾਲ ਕਰ ਰਹੀ ਧੱਕੇਸ਼ਾਹੀ : ਕਿਸਾਨ ਆਗੂ
ਫਿਰੋਜ਼ਪੁਰ, ਸਤਪਾਲ ਥਿੰਦ/ਸੱਚ ਕਹੂੰ ਨਿਊਜ
ਫਿਰੋਜ਼ਪੁਰ ਦੇ ਪਿੰਡ ਮਹਿਮਾ ਵਿਚ ਕਿਸਾਨਾ ਨੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਇੱਕਠੇ ਹੋ ਕੇ ਪਰਾਲੀ ਨੂੰ ਅੱਗ ਲਾ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਗਰੀਨ ਟ੍ਰਿਬਿਊਨਲ ਦਾ ਫ਼ੈਸਲਾ ਲਾਗੂ ਕਰਨ ਦੇ ਨਾਂ ਹੇਠ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਤੁਗਲਕੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਰਕਾਰ ਨੂੰ ਹਦਾਇਤਾਂ ਹਨ ਕਿ ਉਹ ਪਹਿਲਾਂ ਕਿਸਾਨਾਂ ਲਈ ਸਬਸਿਡੀਆਂ ਤੇ ਸੰਦ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਪਰਾਲੀ ਦੀ ਸਾਂਭ-ਸੰਭਾਲ ਦੀ ਥਾਂ ਨਿਸ਼ਚਿਤ ਕੀਤੀ ਜਾਵੇ।
ਉਹਨਾਂ ਦੱਸਿਆ ਕਿ ਕਿਸਾਨਾਂ ਨੇ ਫ਼ਸਲ ਵੱਢ ਲਈ ਹੈ ਅਤੇ ਅਗਲੀ ਫ਼ਸਲ ਬੀਜਣ ਲਈ ਖੇਤ ਤਿਆਰ ਕਰਨਾ ਹੈ ਪਰ ਸਰਕਾਰ ਵੱਲੋਂ ਪਰਾਲੀ ਲਈ ਕੋਈ ਵੀ ਪ੍ਰਬੰਧ ਨਾ ਕਰਨ ਕਰਕੇ ਮਜ਼ਬੂਰੀ ਵੱਸ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ । ਉਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਾਨ ਤੇ ਕੋਈ ਵੀ ਪਰਚਾ ਦਰਜ ਹੁੰਦਾ ਤਾਂ ਕਿਸਾਨ ਜਥੇਬੰਦੀਆਂ ਉਸ ਦਾ ਵਿਰੋਧ ਕਰਨਗੀਆਂ ਅਤੇ ਅਫਸਰਾਂ ਦਾ ਘਿਰਾਓ ਕਰਨਗੀਆਂ ਤੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।
ਇਸ ਮੌਕੇ ਅਵਤਾਰ ਸਿੰਘ ਮਹਿਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਡੀਏਪੀ ਅਤੇ ਪੋਟਾਸ਼ ਖਾਦ ਦੇ ਵਿੱਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ ਅਗਲੀ ਬਿਜਾਈ ਲਈ ਕਿਸਾਨਾਂ ਨੂੰ ਸਬਸਿਡੀ ਤੇ ਸੰਦ ਮੁਹੱਈਆ ਕਰਵਾਏ ਜਾਣ। ਉਨਾਂ ਮੰਗ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਦੀ ਹੁੰਦੀ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਝੋਨਾ ਖਰੀਦਣ ਦੀ ਨਮੀ 17 ਫੀਸਦੀ ਤੋਂ ਵਧਾ ਕੇ 22 Ðਫੀਸਦੀ ਕੀਤੀ ਜਾਵੇ । ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।