25 ਕਿਸਾਨ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ

Protector of the Environment

ਹਾਟ ਸਪਾਟ ਪਿੰਡਾਂ ‘ਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ : ਡਿਪਟੀ ਕਮਿਸ਼ਨਰ

ਗੁਰਦਾਸਪੁਰ (ਰਾਜਨ ਮਾਨ) ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ 25 ਕਿਸਾਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ (Protector of the Environment) ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਇਹ ਸਨਮਾਨ ਬੀਤੀ ਸ਼ਾਮ ਗੋਲਡਨ ਗਰੁੱਪ ਆਫ ਇੰਸਟੀਚਿਊਟ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਦਿੱਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਸਿਖ਼ਲਾਈ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਪਰਾਲੀ ਦੀ ਅੱਗ ਦੀ ਰੋਕਥਾਮ ਲਈ ਲੱਗੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਫਸਲਾਂ ਦੀ ਕਾਸ਼ਤ ਕਰਨ ਨਾਲ ਜਿਥੇ ਫ਼ਸਲਾਂ ਦਾ ਝਾੜ ਵੱਧ ਨਿਕਲਦਾ ਹੈ ਓਥੇ ਇਸ ਨਾਲ ਵਾਤਾਵਰਨ ਵੀ ਦੂਸ਼ਿਤ ਹੋਣ ਤੋਂ ਬੱਚਦਾ ਹੈ। ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਹੋਰ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਲਾਨ ਕੀਤਾ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ ਪਿੰਡਾਂ ਵਿੱਚੋਂ ਜਿਹੜੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦੇ ਨਾਲ ਉਸ ਪਿੰਡ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

Protector of the Environment

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਟੱਬਲ ਬਰਨਿੰਗ ਨੂੰ ਰੋਕਣ ਵਿੱਚ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੇ ਨਿਰਧਾਰਤ ਖੇਤਰ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪੂਰੀ ਤਰ੍ਹਾਂ ਜਿੰਮੇਵਾਰ ਹੋਣਗੇ ਅਤੇ ਜੇਕਰ ਕਿਸੇ ਕਰਮਚਾਰੀ ਨੇ ਆਪਣੀ ਡਿਊਟੀ ਵਿੱਚ ਕੋਈ ਅਣਗਹਿਲੀ ਜਾਂ ਕੁਤਾਹੀ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

Protector of the Environment

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਪਰਾਲੀ ਪ੍ਰਬੰਧਨ ਦੇ ਖੇਤੀ ਸੰਦ ਮੌਜੂਦ ਹਨ। ਇਸਤੋਂ ਇਲਾਵਾ ਹਰ ਬਲਾਕ ਵਿੱਚ ਦੋ-ਦੋ ਸੁਪਰਸੀਡਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਕਿਸਾਨ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਸੰਭਾਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਖੇਤੀ ਮਸ਼ੀਨਰੀ ਹੋਣ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਈ ਤਾਂ ਉਨ੍ਹਾਂ ਖਿਲਾਫ ਵੀ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਜਾਣਕਾਰੀ ਸਬੰਧੀ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Protector of the Environment

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ, ਤਹਿਸੀਲਦਾਰ ਸ੍ਰੀਮਤੀ ਰਾਜਵਿੰਦਰ ਕੌਰ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਦੇ ਐੱਮ.ਡੀ. ਸ੍ਰੀ ਮੋਹਿਤ ਮਹਾਜਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।