ਪੁਲਿਸ ਵੱਲੋਂ ਮੁਹਾਲੀ-ਚੰਡੀਗੜ੍ਹ ਦੇ ਸਾਰੇ ਰਸਤੇ ਕੀਤੇ ਸੀਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਕਿਸਾਨ ਚੰਡੀਗੜ੍ਹ ਵੱਲ ਜਾ ਰਹੇ ਹਨ। ਮੁਹਾਲੀ ਪੁਲਿਸ ਨੇ ਕਿਸਾਨਾਂ ਨੂੰ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦਾ ਪਹਿਲਾ ਬੈਰੀਕੇਡ ਤੋੜ ਦਿੱਤਾ। ਹਾਲਾਂਕਿ ਮੋਹਾਲੀ ਪੁਲਿਸ ਵੱਲੋਂ ਲਾਏ ਗਏ ਦੂਜੀ ਬੈਰੀਕੇਡ ’ਤੇ ਪੁਲਿਸ ਨੇ ਕਿਸਾਨਾਂ ਨੂੰ ਰੋਕ ਦਿੱਤਾ। ਕਿਸਾਨ ਚੰਡੀਗੜ੍ਹ ਵੱਲ ਜਾਣ ਦੀ ਜਿੱਦ ’ਤੇ ਅੜੇ ਹੋਏ ਹਨ। ਪੁਲਿਸ ਦੇ ਰੋਕੇ ਜਾਣ ਤੋਂ ਬਾਅਦ ਕਿਸਾਨ ਉੱਥੇ ਹੀ ਧਰਨਾ ਲਾ ਕੇ ਬੈਠ ਗਏ। ਕਿਸਾਨਾਂ ਨੂੰ ਰੋਕਣ ਲਈ ਮੁਹਾਲੀ ਤੇ ਚੰਡੀਗੜ੍ਹ ਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। (Farmers March)
ਕਿਸਾਨਾਂ ਦਾ ਕਹਿਣਾ ਹੈ ਜਦੋਂ ਤੱਕ ਸਰਕਾਰ ਗੱਲ ਨਹੀਂ ਕਰਦੀ ਉਹ ਇਸੇ ਤਰ੍ਹਾਂ ਪੱਕਾ ਮੋਰਚਾ ਲਾ ਕੇ ਬੈਠੇ ਰਹਿਣਗੇ। ਕਿਸਾਨਾਂ ਨੂੰ ਚੰਡੀਗੜ੍ਹ ’ਚ ਐਂਟਰ ਹੋਣ ਤੋਂ ਰੋਕਣ ਲਈ ਨੇੜੇ-ਤੇੜੇ ਦਾ ਸਾਰੇ ਰਸਤੇ ਸੀਲ ਕਰ ਦਿੱਤੇ ਹਨ। ਜਿਸ ਕਾਰਨ ਆਉਣ-ਜਾਣ ਵਾਲੇ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਵੀ ਪੂਰੀ ਸਖਤੀ ਵਿਖਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਨੂੰ ਟਰੈਕਟਰ-ਟਰਾਲੀ ਲੈ ਕੈ ਚੰਡੀਗੜ੍ਹ ’ਚ ਐਂਟਰ ਨਹੀਂ ਹੋਣ ਦਿੱਤਾ ਜਾਵੇਗਾ।
ਕਿਸਾਨਾਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਜਿੱਦ ’ਤੇ ਅੜੇ
ਹਾਲਾਂਕਿ ਕਿਸਾਨਾਂ ਨੇ ਪੁਲਿਸ ਤੇ ਪ੍ਰਸ਼ਾਸ਼ਨ ਦੇ ਅਫਸਰਾਂ ਨਾਮ ਮੀਟਿੰਗ ਕੀਤੀ ਪਰ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦੀ ਜਿੱਦ ’ਤੇ ਅੜੇ ਰਹੇ। ਕਿਸਾਨਾਂ ਨੇ ਐਲਾਨ ਕੀਤਾ ਕਿ ਪੁਲਿਸ ਜਿੱਥੇ ਬੈਰੀਕੇਡ ਲਾ ਕੇ ਰੋਕੇਗੀ ਕਿਸਾਨ ਉਥੇ ਹੀ ਪੱਕਾ ਮੋਰਚਾ ਲਾ ਦੇਣਗੇ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ, ਇਸ ਲਈ ਹੁਣ ਕਿਸਾਨ ‘ਆਪ’ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰਨਗੇ।
ਲੱਖੋਵਾਲ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਸੀਐਮ ਭਗਵੰਤ ਮਾਨ ਨਾਲ ਸਾਡੀ ਮੀਟਿੰਗ ਹੋਈ ਸੀ। ਉਨ੍ਹਾਂ 10 ਦਿਨਾਂ ਵਿੱਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਨਾ ਤਾਂ ਮੰਗਾਂ ਮੰਨੀਆਂ ਗਈਆਂ ਅਤੇ ਨਾ ਹੀ ਮਾਨ ਨੇ ਮੁੜ ਮੀਟਿੰਗ ਲਈ ਸਮਾਂ ਦਿੱਤਾ। ਇਸ ਤੋਂ ਬਾਅਦ ਅਸੀਂ 17 ਮਈ ਤੱਕ ਦਾ ਅਲਟੀਮੇਟਮ ਦਿੱਤਾ, ਪਰ ਸਰਕਾਰ ਨੇ ਕੁਝ ਨਹੀਂ ਕੀਤਾ। ਕਿਸਾਨ ਆਗੂ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਅਤੇ ਪਿੰਡਾਂ ਤੋਂ ਹਜ਼ਾਰਾਂ ਕਿਸਾਨ ਸਭ ਤੋਂ ਪਹਿਲਾਂ ਮੁਹਾਲੀ ਵਿੱਚ ਇਕੱਠੇ ਹੋਣਗੇ। ਉੱਥੇ ਲੰਗਰ ਪਾਣੀ ਛੱਕਣ ਤੋਂ ਬਾਅਦ ਚੰਡੀਗੜ੍ਹ ਲਈ ਰਵਾਨਾ ਹੋਣਗੇ।
ਕੀ ਹੈ ਕਿਸਾਨਾਂ ਦੀ ਮੰਗ
ਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਇਕੱਠੇ ਝੋਨਾ ਨਾ ਬੀਜਣ ਲਈ ਕਿਹਾ ਹੈ। ਇਸ ਦੇ ਲਈ ਸੂਬੇ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਤਹਿਤ 6-6 ਜ਼ਿਲ੍ਹਿਆਂ ਵਿੱਚ 18, 20 ਅਤੇ 22 ਜੂਨ ਨੂੰ ਅਤੇ ਬਾਕੀ 5 ਜ਼ਿਲ੍ਹਿਆਂ ਵਿੱਚ 24 ਜੂਨ ਤੋਂ ਝੋਨਾ ਲਾਇਆ ਜਾਵੇਗਾ। ਸਰਕਾਰ ਨੇ ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਇਹ ਕਦਮ ਚੁੱਕਿਆ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਤੈਅ ਸਮੇਂ ’ਤੇ ਹੀ ਝੋਨਾ ਲਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨਾ ਲਾਉਣ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਣਕ ‘ਤੇ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਵੀ ਦਿੱਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ