ਵਧੀਆਂ ਤੇਲ ਕੀਮਤਾਂ ਖਿਲਾਫ਼ ਪੰਜਾਬ ਭਰ ‘ਚ ਪੈਟਰੋਲ ਪੰਪਾਂ ਅੱਗੇ ਗਰਜ਼ੇ ਕਿਸਾਨ

10 ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਖਿਲਾਫ਼ ਡਟਵਾਂ ਪ੍ਰਦਰਸ਼ਨ

  • ਮੋਦੀ ਸਰਕਾਰ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਤਬਾਹ ਕਰਨ ਤੇ ਤੁਲੀ : ਆਗੂ

ਪਟਿਅਲਾ, (ਖੁਸ਼ਵੀਰ ਸਿੰਘ ਤੂਰ)। ਸੂਬੇ ਅੰਦਰ ਅੱਜ 10 ਕਿਸਾਨ ਜਥੇਬੰਦੀਆਂ ਵੱਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਦੇ ਰੋਸ ਵਜੋਂ ਪੰਜਾਬ ਭਰ ‘ਚ ਤੇਲ-ਪੰਪਾਂ ਸਾਹਮਣੇ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰੇ ਕੀਤੇ ਗਏ ਕਿਸਾਨ ਆਗੂਆਂ ਨੇ ਰੋਸ ਪ੍ਰਗਟਾਇਆ ਕਿ ਜਦੋਂ ਮੋਦੀ ਸਰਕਾਰ ਵੱਲੋਂ ਕੋਰੋਨਾ ਦਾ ਰੋਣਾ ਰੋਇਆ ਜਾ ਰਿਹਾ ਹੈ ਤਾਂ ਫਿਰ ਤੇਲ ਦੀਆਂ ਕੀਮਤਾਂ ਦਾ ਵਾਧਾ ਕਿਸ ਗੱਲੋਂ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਨ੍ਹਾਂ ਜਥੇਬੰਦੀਆਂ ਵੱਲੋਂ ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਮੋਗਾ, ਮੁਕਤਸਰ, ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਫਰੀਦਕੋਟ, ਰੋਪੜ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ, ਜਲੰਧਰ ਵਿੱਚ ਕਰੀਬ 200 ਥਾਵਾਂ ‘ਤੇ ਹੋਏ ਮੁਜ਼ਹਰਿਆਂ ਦੌਰਾਨ ਮੋਦੀ ਸਰਕਾਰ ਦਾ ਪਿੱਟ ਸਿਆਪ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ, ਜ਼ਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਭੁਪਿੰਦਰ ਸਾਂਬਰ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ  ਬੂਟਾ ਸਿੰਘ ਬੁਰਜ਼ਗਿੱਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸ਼ਨ ਪਾਲ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਂਵਾਲ ਆਦਿ ਨੇ ਕਿਹਾ ਕਿ ਪਿਛਲੇ 22 ਦਿਨਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀਆਂ ਸਭਾ ਹੱਦਾਂ ਬੰਨੇ ਪਾਰ ਕਰ ਦਿੱਤੇ ਹਨ।

ਜਦੋਂ ਕਿ ਕੌਮਾਂਤਰੀ ਮੰਡੀ ‘ਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜ਼ੂਦ ਮੁਲਕ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ ਝੋਨੇ ਦੀ ਲਵਾਈ ਮੌਕੇ ਜਦੋਂ ਕਿਸਾਨਾਂ ਨੂੰ ਡੀਜ਼ਲ ਦੀ ਬਹੁਤ ਲੋੜ ਹੈ, ਉਸ ਸਮੇਂ ਕੀਮਤਾਂ ਦੇ ਵਾਧੇ ਨੇ ਕਿਸਾਨੀ ਨੂੰ ਹੋਰ ਲੁੱਟਿਆ ਹੈ ਸਰਕਾਰ ਇਹ ਬੇਤੁੱਕੀ ਦਲੀਲ ਦਿੰਦੀ ਹੈ ਕਿ ਡੀਜ਼ਲ ਪੈਟਰੋਲ ਨਾਲੋਂ ਜਿਆਦਾ ਪ੍ਰਦੂਸ਼ਣ ਕਰਦਾ ਹੈ, ਇਸ ਕਰਕੇ ਡੀਜ਼ਲ ਦੀਆਂ ਕੀਮਤਾਂ ਪੈਟਰੋਲ ਤੋਂ ਵੀ ਵਧਾਈਆਂ ਜਾ ਰਹੀਆਂ ਹਨ, ਪਰ ਸਰਕਾਰ ਖੇਤੀਬਾੜੀ ਲਈ ਡੀਜ਼ਲ ਦੀ ਵਰਤੋਂ ਉਪਰ ਸਬਸਿਡੀ ਨਹੀਂ ਦੇ ਰਹੀ ਕੇਂਦਰ ਸਰਕਾਰ ‘ਤੇ ਕਿਸਾਨੀ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਆਗੂਆਂ ਨੇ ਕਿਹਾ ਕਿ ਕੀਮਤਾਂ ਦਾ ਵਧਣਾ-ਘਟਣਾ ਹਾਕਮ ਜਮਾਤਾਂ ਦੇ ਹੱਥਾਂ ਦੀ ਖ਼ੇਡ ਹੈ।

ਨਿੱਜੀਕਰਨ ਦੀਆਂ ਨੀਤੀਆਂ ਤਹਿਤ ਕੰਟਰੋਲ ਮੁਕਤ ਕੀਤੀਆਂ ਪੈਟਰੋਲ ਕੀਮਤਾਂ ਦਿਨੋਂ-ਦਿਨ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ ਸਰਕਾਰ ਦੀਆਂ ਨੀਤੀਆਂ ਤਹਿਤ ਹੀ ਹਰੇਕ ਤਬਕਾ ਮਹਿੰਗਾਈ ਤੇ ਲੁੱਟ ਦਾ ਸ਼ਿਕਾਰ ਹੈ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਪੈਟਰੋਲ ਕੀਮਤਾਂ ਅਤੇ ਮਹਿੰਗਾਈ ਦੇ ਨਾਂ ‘ਤੇ ਲੋਕਾਂ ਤੋਂ ਵੋਟਾਂ ਮੰਗਣ ਵਾਲੇ ਨਰਿੰਦਰ ਮੋਦੀ ਹੁਣ ਖੁਦ ਕੀਮਤਾਂ ਦੇ ਵਾਧੇ ਦਾ ਅਲੰਬਰਦਾਰ ਹੈ ਤੇ ਇਸ ਵਾਧੇ ਨੂੰ ਵਿਕਾਸ ਦੀ ਚਾਲ ਵਜੋਂ ਪ੍ਰਚਾਰਿਆ ਜਾ ਰਿਹਾ ਹੈ।

ਜਥੇਬੰਦੀਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਸਰਕਾਰੀ ਕੰਟਰੋਲ ‘ਚ ਲਿਆਉਣ, ਦੇਸ਼ੀ-ਵਿਦੇਸ਼ੀ ਕੰਪਨੀਆਂ ਦੇ ਮੁਨਾਫ਼ੇ ‘ਤੇ ਨੱਥ ਪਾਉਣ ਦੀ ਮੰਗ ਕੀਤੀ ਗਈ । ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਰੁਲਦੂ ਸਿੰਘ ਮਾਨਸਾ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ , ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਜੈ ਕਿਸਾਨ ਅੰਦੋਲਨ ਦੇ ਗੁਰਬਖਸ਼ ਸਿੰਘ ਬਰਨਾਲਾ ਆਦਿ ਆਗੂਆਂ ਨੇ ਵੀ ਸਰਕਾਰ ਖਿਲਾਫ਼ ਅਵਾਜ਼ ਬੁਲੰਦ ਕੀਤੀ।

LEAVE A REPLY

Please enter your comment!
Please enter your name here