ਪੰਜਾਬ ਦੇ ਲੋਕਾਂ ਵੱਲੋਂ ਦਿੱਤਾ ਫ਼ਤਵਾ ਅੱਜ ਸਰਕਾਰ ਦੇ ਰੂਪ ’ਚ ਬਦਲੇਗਾ : ਭਗਵੰਤ ਮਾਨ

Patiala photo-01

ਭਗਵੰਤ ਮਾਨ (Bhagwant Mann) ਨੇ ਮਹਿੰਦਰਾ ਕਾਲਜ ਸਟਰੌਂਗ ਰੂਮ ਦਾ ਕੀਤਾ ਦੌਰਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੀਐਮ ਚਿਹਰੇ ਭਗਵੰਤ ਮਾਨ (Bhagwant Mann) ਵੱਲੋਂ ਅੱਜ ਇੱਥੇ ਮਹਿੰਦਰਾ ਕਾਲਜ ਸਥਿਤ ਈਵੀਐਮ ਮਸ਼ੀਨਾਂ ਦੇ ਸਟਰੌਂਗ ਰੂਮ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਭਗਵੰਤ ਮਾਨ ਵੱਲੋਂ ਬਹੁਤਾ ਕੁਝ ਨਾ ਬੋਲਦਿਆਂ ਆਖ ਦਿੱਤਾ ਕਿ ਅੱਜ ਲੋਕਾਂ ਦਾ ਫ਼ਤਵਾ ਸਾਰਿਆਂ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਹੈ ਅਤੇ 70 ਸਾਲਾਂ ਤੋਂ ਰਾਜ ਕਰ ਰਹੀਆਂ ਪਾਰਟੀਆਂ ਨੂੰ ਨਕਾਰ ਦਿੱਤਾ ਹੈ। ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਐਗਜ਼ਿਟ ਪੋਲ ’ਤੇ ਵਿਸ਼ਵਾਸ ਨਹੀਂ ਹੈ ਤਾਂ ਇਸ ਵਿੱਚ ਆਮ ਲੋਕ ਕੀ ਕਰ ਸਕਦੇ ਹਨ। ਲੋਕਾਂ ਨੇ ਫਤਵਾ ਆਪ ਨੂੰ ਦੇ ਦਿੱਤਾ ਹੈ, ਜੋ ਸੁਖਬੀਰ ਬਾਦਲ ਨੂੰ ਹਜ਼ਮ ਨਹੀਂ ਹੋ ਰਿਹਾ।

ਪੰਜਾਬ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ਾ

ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਲੋਕਾਂ ਦਾ ਫਤਵਾ ਮਨਜੂਰ ਕਰ ਚੁੱਕੀ ਹੈ। ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਸਹਿਣਸ਼ੀਲ ਹੋਣਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ’ਚ ਸੋਨੀ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕਰ ਦਿੱਤਾ ਹੈ। ਪੰਜਾਬ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਹੈ। ਭਿ੍ਰਸ਼ਟਾਚਾਰ, ਮਾਫ਼ੀਆ ਰਾਜ, ਡਰੱਗ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ, ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ, ਕਿਉਂਕਿ ਬਾਦਲ ਪਰਿਵਾਰ ਨੇ ਕਰੀਬ 20 ਸਾਲ ਅਤੇ ਕਾਂਗਰਸ ਨੇ 25 ਸਾਲ ਰਾਜ ਕਰਕੇ ਪੰਜਾਬ ਨੂੰ ਲੁੱਟਿਆ ਹੈ।

ਇਸ ਦੌਰਾਨ ਦੇਖਿਆ ਗਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਭਗਵੰਤ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਹੋਏ ਸਨ। ਭਗਵੰਤ ਮਾਨ ਦੀ ਆਮਦ ’ਤੇ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਵੀ ਪੁੱਜੇ ਹੋਏ ਸਨ ਅਤੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਜਿੱਤ ਦੇ ਦਾਅਵੇ ਕੀਤੇ ਗਏ। ਇਸ ਮੌਕੇ ਹਲਕਾ ਸਨੌਰ ਤੋਂ ਉਮੀਦਵਾਰ ਹਰਮੀਤ ਸਿੰਘ ਪਠਾਨਮਜਰਾ ਸਨੌਰ, ਹਲਕਾ ਸਮਾਣਾ ਤੋਂ ਉਮੀਦਵਾਰ ਚੇਤਨ ਸਿੰਘ ਜੋੜਾ ਮਾਜਰਾ, ਹਲਕਾ ਰਾਜਪੁਰਾ ਤੋਂ ਉਮੀਦਵਾਰ ਨੀਨਾ ਮਿੱਤਲ, ਹਲਕਾ ਘਨੌਰ ਤੋਂ ਉਮੀਦਵਾਰ ਗੁਰਲਾਲ ਘਨੋਰ, ਹਲਕਾ ਸੁਤਰਾਣਾ ਤੋਂ ਉਮੀਦਵਾਰ ਕੁਲਵੰਤ ਸਿੰਘ ਬਾਜੀਗਰ , ਹਲਕਾ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਡਾ ਬਲਬੀਰ ਸਿੰਘ, ਹਲਕਾ ਨਾਭਾ ਤੋਂ ਉਮੀਦਵਾਰ ਦੇਵ ਮਾਨ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ