ਪੁਲਵਾਮਾ ‘ਚ ਮੁਕਾਬਲਾ, ਇੱਕ ਅੱਤਵਾਦੀ ਢੇਰ
ਸ੍ਰੀਨਗਰ। ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਮੰਗਲਵਾਰ ਤੜਕੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਪ੍ਰੇਸ਼ਨ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਜਵਾਨਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਖੁਫੀਆ ਸੂਚਨਾ ਮਿਲਣ ਤੇ ਤੜਕੇ 3 ਵਜੇ ਪੁਲਵਾਮਾ ਜ਼ਿਲ੍ਹੇ ਦੇ ਸੋਯੋਮਈਹ ਪਿੰਡ ਵਿੱਚ ਇੱਕ ਸਾਂਝੀ ਮੁਹਿੰਮ ਚਲਾਈ।
ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਪਿੰਡ ਦੇ ਇੱਕ ਨਿਸ਼ਾਨਾ ਖੇਤਰ ਵੱਲ ਵਧ ਰਹੇ ਸਨ ਤਾਂ ਲੁਕੇ ਅੱਤਵਾਦੀਆਂ ਨੇ ਉਨ੍ਹਾਂ ਉੱਤੇ ਅਤਿ ਆਧੁਨਿਕ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਇਕ ਅੱਤਵਾਦੀ ਮਾਰਿਆ ਗਿਆ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਘੰਟਿਆਂ ਤੋਂ ਗੋਲੀਬਾਰੀ ਦੀ ਆਵਾਜ਼ ਨਹੀਂ ਸੁਣਾਈ ਦਿੱਤੀ। ਇਲਾਕੇ ਵਿਚ ਦੋ ਤੋਂ ਤਿੰਨ ਅੱਤਵਾਦੀ ਦੇ ਹੋਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਨੇੜਲੇ ਇਲਾਕਿਆਂ ਵਿੱਚ ਕਿਸੇ ਵੀ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਮੁਕਾਬਲੇ ਵਾਲੀ ਥਾਂ ਨੇੜੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਪਿੰਡ ਨੂੰ ਜਾਣ ਵਾਲੇ ਰਸਤੇ ਸੀਲ ਕਰ ਦਿੱਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।