ਡੇਂਗੂ ਦੀ ਮੁਕੰਮਲ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ ਕੀਤੀ ਵਿਸ਼ੇਸ਼ ਜਾਂਚ ਮੁਹਿੰਮ
ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਡੇਂਗੂ ਪੂਰੀ ਤਰ੍ਹਾਂ ਇਲਾਜਯੋਗ : ਥੋਰੀ
ਕਈ ਇਲਾਕਿਆਂ ‘ਚ ਕਰਵਾਈ ਫੋਗਿੰਗ, ਡੇਂਗੂ ਦਾ ਲਾਰਵਾ ਮਿਲਣ ‘ਤੇ ਕੱਟੇ ਚਲਾਨ
ਸੰਗਰੂਰ, ਗੁਰਪ੍ਰੀਤ ਸਿੰਘ
ਜ਼ਿਲ੍ਹਾ ਸੰਗਰੂਰ ਵਿੱਚ ਡੇਂਗੂ ਪੀੜਤਾਂ ਦਾ ਅੰਕੜਾ 250 ਦੇ ਨੇੜੇ ਪੁੱਜ ਗਿਆ ਹੈ ਅਤੇ ਹੁਣ ਵੀ ਵੱਡੀ ਗਿਣਤੀ ਵਿੱਚ ਡੇਂਗੂ ਪੀੜਤ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ ਦੂਜੇ ਪਾਸੇ ਡੇਂਗੂ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਚਲਦਿਆਂ ਅੱਜ ਸਮੂਹ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਵੱਲੋਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਧਿਕਾਰੀਆਂ, ਸਰਕਲ ਰੈਵੀਨਿਊ ਅਫ਼ਸਰਾਂ ਤੇ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗਾਂ ਕਰਕੇ ਡੇਂਗੂ ਦੀ ਮੁਕੰਮਲ ਤੌਰ ‘ਤੇ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਡੇਂਗੂ ਬਿਮਾਰੀ ਦੇ ਲੱਛਣਾਂ ਬਾਰੇ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕੀਤਾ ਜਾਵੇ ਅਤੇ ਬਰਸਾਤਾਂ ਦਾ ਮੌਸਮ ਹੋਣ ਕਾਰਨ ਇਸ ਬਿਮਾਰੀ ਨੂੰ ਹੋਰ ਤੇਜ਼ੀ ਨਾਲ ਪੈਰ ਪਸਾਰਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਪੀੜਤਾਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਬਚਾਅ ਮੁਹਿੰਮ ਵਿੱਚ ਆਮ ਲੋਕ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਅਤੇ ਕਿਸੇ ਕਿਸਮ ਦੀ ਅਫਵਾਹ ਜਾਂ ਡਰ ਦਾ ਪ੍ਰਸਾਰ ਨਾ ਕਰਨ ਕਿਉਂਕਿ ਡੇਂਗੂ ਪੂਰੀ ਤਰ੍ਹਾਂ ਇਲਾਜਯੋਗ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਂਗੂ ਹੋਣ ਦੀ ਪੁਸ਼ਟੀ ਸਬੰਧੀ ਸਰਕਾਰੀ ਮਾਪਦੰਡਾਂ ਅਨੁਸਾਰ ਏਲੀਜ਼ਾ ਟੈਸਟ ਸਿਵਲ ਹਸਪਤਾਲ ਸੰਗਰੂਰ ਵਿਖੇ ਮੁਫਤ ਕੀਤਾ ਜਾਂਦਾ ਹੈ। ਏਲੀਜ਼ਾ ਟੈਸਟ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ 248 ਵਿਅਕਤੀਆਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚੋਂ ਹਾਲੇ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਮੁਲਾਜ਼ਮ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ‘ਚ ਹੋਰ ਤੇਜ਼ੀ ਲਿਆਉਣ ਅਤੇ ਵਿਸ਼ੇਸ਼ ਜਾਂਚ ਮੁਹਿੰਮ ਚਲਾ ਕੇ ਅਜਿਹੇ ਲੋਕਾਂ ਦੇ ਚਾਲਾਨ ਕੱਟੇ ਜਾਣ ਜਿਨ੍ਹਾਂ ਦੀ ਅਣਗਹਿਲੀ ਕਾਰਨ ਆਲੇ-ਦੁਆਲੇ ‘ਚ ਗੰਦਗੀ ਫੈਲੀ ਹੋਈ ਹੈ ਜੋ ਡੇਂਗੂ ਜਿਹੀਆਂ ਬਿਮਾਰੀਆਂ ਦਾ ਕਾਰਨ ਬਣ ਰਹੀ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਅੱਜ ਸੰਗਰੂਰ, ਭਵਾਨੀਗੜ, ਸੁਨਾਮ, ਧੂਰੀ, ਮਲੇਰਕੋਟਲਾ ਆਦਿ ਸਬ ਡਵੀਜ਼ਨਾਂ ਵਿੱਚ ਮੀਟਿੰਗਾਂ ਉਪਰੰਤ ਵਿਭਾਗੀ ਟੀਮਾਂ ਨੇ ਦੁਕਾਨਾਂ, ਘਰਾਂ, ਵਪਾਰਕ ਅਦਾਰਿਆਂ ਦੀ ਜਾਂਚ ਕੀਤੀ ਅਤੇ ਕਈ ਇਲਾਕਿਆਂ ਵਿੱਚ ਫੋਗਿੰਗ ਵੀ ਕਰਵਾਈ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।