Firing In Amritsar Village: ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਫਾਇਰਿੰਗ, ਘਰਾਂ ਤੇ ਵਾਹਨਾਂ ਨੂੰ ਨੁਕਸਾਨ
ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ
Firing In Amritsar Village: ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਦੌਰਾਨ ਦੋਵੇਂ ਧਿਰਾਂ ਦੇ 3 ਤੋਂ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਗੋਲੀਆਂ ਚੱਲਣ ਕਾਰਨ ਕੁਝ ਘਰਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਪੁੱਜਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕੀਤਾ।
ਪਿੰਡ ਦੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਪੁਸ਼ਤੈਨੀ ਜ਼ਮੀਨ ਹੈ ਅਤੇ ਇਸੇ ਜ਼ਮੀਨ ਵਿੱਚੋਂ ਰਸਤਾ ਕੱਢਣ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਸ਼ਨਿੱਚਰਵਾਰ ਸ਼ਾਮ ਨੂੰ ਪਿੰਡ ਦੇ ਹੀ ਸੁਬੇਗ ਸਿੰਘ, ਲਖਾ ਸਿੰਘ, ਜਿੰਦਰ ਸਿੰਘ, ਗੋਰੂ, ਕਾਲੂ, ਘੁੱਲਾਂ ਸਿੰਘ ਅਤੇ ਭੱਟੋ ਸਿੰਘ ਸਮੇਤ ਕਰੀਬ 40 ਤੋਂ 50 ਅਣਪਛਾਤੇ ਹਥਿਆਰਬੰਦ ਵਿਅਕਤੀ ਉਨ੍ਹਾਂ ਦੇ ਘਰ ’ਤੇ ਹਮਲਾ ਕਰਨ ਲਈ ਪਹੁੰਚੇ।
ਇਹ ਵੀ ਪੜ੍ਹੋ: Bangladesh Road Accident: ਬੰਗਲਾਦੇਸ਼ ਵਿੱਚ ਸੜਕ ਹਾਦਸਾ, ਚਾਰ ਦੀ ਮੌਤ, ਅੱਠ ਜ਼ਖਮੀ
ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਵੱਲੋਂ 315 ਬੋਰ ਦੀਆਂ ਰਾਈਫਲਾਂ ਨਾਲ ਫਾਇਰਿੰਗ ਕੀਤੀ ਗਈ ਅਤੇ 50 ਤੋਂ ਵੱਧ ਰਾਊਂਡ ਚਲਾਏ ਗਏ। ਉਨ੍ਹਾਂ ਕਿਹਾ ਕਿ ਫਾਇਰਿੰਗ ਸਮੇਂ ਘਰ ਵਿੱਚ ਮੌਜ਼ੂਦ ਔਰਤਾਂ ਨੇ ਲੁਕ ਕੇ ਆਪਣੀ ਜਾਨ ਬਚਾਈ। ਗੋਲੀਆਂ ਲੱਗਣ ਕਾਰਨ ਘਰ ਨੂੰ ਨੁਕਸਾਨ ਪੁੱਜਿਆ, ਜਦਕਿ ਟਰੈਕਟਰਾਂ ਦੇ ਟਾਇਰ ਵੀ ਪੰਕਚਰ ਹੋ ਗਏ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਦਾ ਭਤੀਜਾ ਰਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਉਸ ਨੂੰ ਪਹਿਲਾਂ ਲੋਪੋਕੇ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।
ਦੂਜੇ ਪਾਸੇ ਸੁਬੇਗ ਸਿੰਘ ਅਤੇ ਲਖਾ ਸਿੰਘ ਦੇ ਪੱਖ ਨੇ ਲਖਵਿੰਦਰ ਸਿੰਘ ਵੱਲੋਂ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਲਖਵਿੰਦਰ ਸਿੰਘ ਦੇ ਪੱਖ ਵੱਲੋਂ ਉਨ੍ਹਾਂ ਦਾ ਪੁਰਾਣਾ ਰਸਤਾ ਵਾਹ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਦਾਅਵਾ ਕੀਤਾ ਕਿ ਇਸ ਫਾਇਰਿੰਗ ਵਿੱਚ ਉਨ੍ਹਾਂ ਦੇ ਪੱਖ ਦੇ 3 ਤੋਂ 4 ਵਿਅਕਤੀ ਜ਼ਖ਼ਮੀ ਹੋਏ ਹਨ।
ਘਟਨਾ ਦੀ ਸੂਚਨਾ ਮਿਲਣ ’ਤੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ। ਡੀ.ਐੱਸ.ਪੀ. ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਵੱਲੋਂ ਫਾਇਰਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਾਇਰਿੰਗ ਦੇ ਅਸਲ ਕਾਰਨਾਂ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।