ਸਾਡੇ ਨਾਲ ਸ਼ਾਮਲ

Follow us

11.5 C
Chandigarh
Monday, February 2, 2026
More
    Home ਇੱਕ ਨਜ਼ਰ ਖੁਰਾਕ ਤੇ ਸਿਵਲ...

    ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

    ਪੰਜਾਬ ਦੇ 4035 ਖਰੀਦ ਕੇਂਦਰਾਂ ‘ਚ 170 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਤਿਆਰੀ

    ਇਸ ਮਹੀਨੇ 30 ਲੱਖ ਮੀਟ੍ਰਿਕ ਟਨ ਅਨਾਜ ਬਾਹਰਲੇ ਸੂਬਿਆਂ ਨੂੰ 1000 ਸਪੈਸ਼ਲਾਂ ਰਾਹੀਂ ਭੇਜਿਆ

    ਰਾਜਪੁਰਾ, (ਅਜਯ ਕਮਲ, ਜਤਿੰਦਰ ਲੱਕੀ,)। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਆਨਾਜ਼ ਮੰਡੀ ਤੋਂ ਕਰਵਾਈ। ਇਸ ਮੌਕੇ ਸ੍ਰੀ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲ ਵਾਪਸ ਕਰਵਾਉਣ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਡਾਇਰੈਕਟਰ ਖੁਰਾਕ ਸਪਲਾਈ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜ਼ੂਦ ਸਨ।

    ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੀ ਆਸ਼ੂ ਨੇ ਦੱਸਿਆ ਕਿ ਰਾਜ ਸਰਕਾਰ ਨੇ ਸੂਬੇ ਦੀਆਂ ਮੰਡੀਆਂ ‘ਚੋਂ 170 ਲੱਖ ਟਨ ਮੀਟਰਿਕ ਟਨ ਝੋਨੇ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਛੇ ਮਹੀਨਿਆਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ‘ਚ ਕੋਵਿਡ ਦੀ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫਸਲ ਦੀ ਸੁਚੱਜੀ ਅਤੇ ਨਿਰਵਿਘਨ ਖ਼ਰੀਦ ਦੇ ਪੁੱਖ਼ਤਾ ਇੰਤਜਾਮ ਕੀਤੇ ਹਨ।

    ਖੁਰਾਕ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਅਗੇਤੀ ਆਉਣ ਕਰਕੇ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਵੀ ਅਗੇਤੀ ਹੀ ਕਰਵਾਉਣ ਲਈ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕਰਕੇ ਇਸ ਵਾਰ ਰਾਜ ਅੰਦਰ ਮੰਡੀ ਬੋਰਡ ਵੱਲੋਂ 4035 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ 30-30 ਫੁਟ ਦੇ ਖਾਨੇ ਬਣਾਏ ਗਏ ਹਨ ਤੇ ਮਾਸਕਾਂ ਅਤੇ ਹੱਥ ਧੋਣ ਲਈ ਸਾਬਣ ਤੇ ਸੈਨੇਟਾਈਜ਼ਰ ਦਾ ਵੀ ਪ੍ਰਬੰਧ ਹੈ ਤਾਂ ਕਿ ਝੋਨੇ ਦੀ ਫ਼ਸਲ ਨੂੰ ਵੇਚਣ ਸਮੇਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਹ ਕੋਵਿਡ ਦੀ ਬਿਮਾਰੀ ਤੋਂ ਵੀ ਬਚ ਸਕਣ।

    ਇਸ ਤੋਂ ਇਲਾਵਾ ਫਸਲ ਦੀ ਚੁਕਾਈ ਲਈ ਮਜ਼ਦੂਰਾਂ, ਬਾਰਦਾਨੇ ਤੇ ਟਰਾਂਸਪੋਰਟ ਦੇ ਵੀ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਮਹਾਂਮਾਰੀ ਕਰਕੇ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਆੜਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖ਼ਰੀਦੀ ਫ਼ਸਲ ਦੀ ਅਦਾਇਗੀ ਐਮ.ਐਸ.ਪੀ. (1888 ਰੁਪਏ ਪ੍ਰਤੀ ਕੁਇੰਟਲ) ਦੇ ਹਿਸਾਬ ਨਾਲ ਨਾਲੋ-ਨਾਲ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ ਕਰਦੇ ਰਹਿਣ।

    ਇੱਕ ਸਵਾਲ ਦੇ ਜਵਾਬ ‘ਚ ਸ੍ਰੀ ਆਸ਼ੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਬਿਲਾਂ ਬਾਰੇ ਰਾਜ ਸਰਕਾਰਾਂ, ਕਿਸਾਨਾਂ ਅਤੇ ਆੜਤੀਆਂ ਸਮੇਤ ਸਬੰਧਤ ਧਿਰਾਂ ਦੇ ਬਹੁਤ ਸਾਰੇ ਸ਼ੰਕੇ ਤੇ ਖ਼ਦਸ਼ੇ ਹਨ ਪਰੰਤੂ ਕੇਂਦਰ ਸਰਕਾਰ ਇਹ ਸ਼ੰਕੇ ਨਵਿਰਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਬਿਲ ਵਾਪਸ ਕਰਵਾਉਣ ਲਈ ਪਹਿਲਕਦਮੀ ਕੀਤੀ ਹੈ ਅਤੇ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਫਸਲਾਂ ਦਾ ਦਾ ਘੱਟੋ-ਘੱਟ ਸਮਰਥਨ ਮੁੱਲ ਬੰਦ ਨਹੀਂ ਹੋਣਾ ਚਾਹੀਦਾ ਅਤੇ ਮੰਡੀਕਰਨ ਢਾਂਚੇ ਦਾ ਵੀ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ। ਇੱਕ ਹੋਰ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਸਰਕਾਰ ‘ਚ ਭਾਈਵਾਲ ਹੁੰਦਿਆਂ ਪਹਿਲਾਂ ਇਨ੍ਹਾਂ ਬਿਲਾਂ ਨੂੰ ਸਹਿਮਤੀ ਦੇ ਕੇ ਯੂ ਟਰਨ ਲਿਆ ਹੈ।

    ਪਰੰਤੂ ਪੰਜਾਬ ਵਿਧਾਨ ਸਭਾ ‘ਚ ਅਕਾਲੀ ਦਲ ਨੇ ਪਿੱਠ ਵਿਖਾਈ ਸੀ ਅਤੇ ਹੁਣ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਆਪਣਾ ਫੈਸਲਾ ਬਦਲਿਆ ਹੈ ਪਰੰਤੂ ਪੰਜਾਬ ਦਾ ਕਿਸਾਨ ਸਮਝਦਾਰ ਹੈ ਅਤੇ ਸਭ ਜਾਣਦਾ ਹੈ ਕਿ ਕੌਣ ਕੀ ਕਰ ਰਿਹਾ ਹੈ? ਉਨ੍ਹਾਂ ਅਕਾਲੀ ਦਲ-ਭਾਜਪਾ ਗਠਬੰਧਨ ਤੋੜੇ ਜਾਣ ‘ਤੇ ਕਿਹਾ ਕਿ ਅਕਾਲੀ ਦਲ ਨੇ ਇਹ ਫੈਸਲਾ ਉਸ ਵੇਲੇ ਲਿਆ ਹੈ ਜਦੋਂ ਇਸ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਿਜੇ ਕਾਲੜਾ, ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ, ਨਿਰਭੈ ਸਿੰਘ ਮਿਲਟੀ, ਸੈਲਰ ਐਸ਼ੋਸੀਏਸ਼ਨ ਦੇ ਪ੍ਰਧਾਨ ਗਿਆਨ ਭਾਰਦਵਾਜ, ਸੰਯੁਕਤ ਡਾਇਰੈਕਟਰ ਅੰਜੂਮਨ ਭਾਸਕਰ, ਐਸ.ਡੀ.ਐਮ. ਖ਼ੁਸ਼ਦਿਲ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜਤੀਏ ਮੌਜੂਦ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.