ਮਿਸ਼ਨ ਪੰਜਾਬ 2022 ਲਈ ਰਛਪਾਲ ਸਿੰਘ ਜੌੜਾਮਾਜਰਾ ਹੋਣਗੇ ਪੰਜਾਬ ਦੇ ਮੁਖੀ : ਚੜੂਨੀ
ਜੌੜਾਮਾਜਰਾ ਨੂੰ ਸਮਾਣਾ ਵਿਧਾਨਸਭਾ ਹਲਕਾ ਤੋਂ ਬਣਾਇਆ ਉਮੀਦਵਾਰ
(ਸੁਨੀਲ ਚਾਵਲਾ) ਸਮਾਣਾ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ 2022 ਲਈ ਰਛਪਾਲ ਸਿੰਘ ਜੌੜਾਮਾਜਰਾ ਨੂੰ ਪੰਜਾਬ ਦਾ ਮੁੱਖੀ ਥਾਪਿਆ ਤੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਵੱਲੋਂ ਰਛਪਾਲ ਸਿੰਘ ਜੌੜਾਮਾਜਰਾ ਵਿਧਾਨ ਸਭਾ ਹਲਕਾ ਸਮਾਣਾ ਤੋਂ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਕਿਸਾਨ ਉਮੀਦਵਾਰ ਖੜ੍ਹੇ ਕੀਤੇ ਜਾਣਗੇ।
ਸਥਾਨਕ ਕਿਸਾਨ ਪੈਲੇਸ ਵਿਖੇ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ,ਜਿਸ ਦਾ ਪ੍ਰਤੱਖ ਪ੍ਰਮਾਣ ਕੇਂਦਰ ਸਰਕਾਰ ਵੱਲੋਂ ਲਿਆਂਦੇ 4 ਕਾਲੇ ਕਾਨੂੰਨ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਬਣਾ ਕੇ ਦੇਸ਼ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨੇ ਕਿਸਾਨਾਂ ਨੂੰ ਅੱਜ ਤੱਕ ਸੁਪਨੇ ਦਿਖਾ ਕੇ ਸੱਤਾ ’ਤੇ ਰਾਜ ਕੀਤਾ ਹੈ ਪ੍ਰੰਤੂ ਕਿਸੇ ਵੀ ਸਿਆਸੀ ਪਾਰਟੀ ਨੇ ਕਿਸਾਨੀ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਹੀਂ ਦਿੱਤਾ ਪ੍ਰੰਤੂ ਹੁਣ ਦੇਸ਼ ਦਾ ਕਿਸਾਨ ਜਾਗ ਚੁੱਕਾ ਹੈ ਤੇ ਹੁਣ ਉਹ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਮੁੰਹ ਨਹੀਂ ਲਗਾਉਣਗੇ।
ਉਨ੍ਹਾਂ ਕਿਹਾ ਕਿ ਕਿਸਾਨੀ ਦੇ ਮਸਲੇ ਹੱਲ ਕਰਵਾਉਣ ਲਈ ਇਸ ਵਾਰ ਕਿਸਾਨਾਂ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਉਤਾਰਿਆ ਜਾਵੇਗਾ ਤੇ ਸੂਬੇ ਵਿਚ ਕਿਸਾਨਾਂ ਦੀ ਸਰਕਾਰ ਬਣਾਈ ਜਾਵੇਗੀ। ਰਛਪਾਲ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਜਿੱਥੇ ਗੁਰਨਾਮ ਸਿੰਘ ਚੜੂਨੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੁੂਰੀ ਤਨਦੇਹੀ ਨਾਲ ਨਿਭਾਉਂਣ ਦਾ ਪ੍ਰਣ ਲਿਆ ਉੱਥੇ ਹੀ ਕਿਸਾਨੀ ਘੋਲ ਲਈ ਹਰ ਸਮੇਂ ਤਿਆਰ ਰਹਿਣ ਦੀ ਵੀ ਗੱਲ ਆਖੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ