ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ : ਮੁੱਖ ਮੰਤਰੀ | Money in Accounts
ਅਬੋਹਰ/ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ।
ਅੱਜ ਇੱਥੇ ਲਗਾਤਾਰ ਮੀਂਹ ਕਾਰਨ ਹੋਏ ਫਸਲਾਂ ਅਤੇ ਘਰਾਂ ਨੁਕਸਾਨ ਲਈ ਮੁਆਵਜਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਭਗਵੰਤ ਮਾਨ ਨੇ ਕਿਹਾ, “ਅੱਜ ਦੇ ਦਿਨ ਨੂੰ ਖੁਸ਼ੀ ਵਾਲਾ ਦਿਨ ਨਹੀਂ ਆਖਿਆ ਜਾ ਸਕਦਾ ਕਿਉਂਕਿ ਮੈਂ ਕੁਦਰਤ ਦੇ ਕਹਿਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇੱਥੇ ਆਇਆ ਹਾਂ। ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਹਾਡੀ ਸਰਕਾਰ ਦਿ੍ਰੜ੍ਹ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮੀਂਹ ਪੈਣ ਤੋਂ ਬਾਅਦ ਉਨ੍ਹਾਂ ਨੇ ਜਮੀਨੀ ਪੱਧਰ ’ਤੇ ਹਾਲਾਤ ਦਾ ਜਾਇਜਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਆਪਕ ਪੱਧਰ ਉਤੇ ਵਿਸੇਸ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।
ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ | Money in Accounts
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀ ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ ਹੈ ਕਿਉਂਕਿ ਪਹਿਲਾਂ ਸਿਰਫ ਫੋਕੇ ਦਾਅਵੇ ਹੀ ਹੁੰਦੇ ਸਨ ਅਤੇ ਜਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਗਿਰਦਾਵਰੀ ਸਿਰਫ ਸਿਆਸੀ ਰਸੂਖਵਾਨ ਲੋਕਾਂ ਦੀ ਮਰਜ਼ੀ ਉਤੇ ਨਿਰਭਰ ਹੁੰਦੀ ਸੀ ਜਿਸ ਕਰਕੇ ਕਿਸੇ ਵੀ ਅਸਲ ਲਾਭਪਾਤਰੀ ਨੂੰ ਮਦਦ ਨਹੀਂ ਮਿਲਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਿਰਦਾਵਰੀਆਂ ਖੇਤਾਂ ਵਿਚ ਜਾ ਕੇ ਕਰਨ ਦੀ ਬਜਾਏ ਅਮੀਰ ਲੋਕਾਂ ਦੇ ਘਰਾਂ ਵਿੱਚ ਹੀ ਨੇਪਰੇ ਚਾੜ੍ਹ ਲਈਆਂ ਜਾਂਦੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਗਿਰਦਾਵਰੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਪਾਰਦਰਸੀ ਵਿਧੀ ਅਪਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਵਿਸਾਖੀ ਤੋਂ ਪਹਿਲਾਂ ਮੁਆਵਜੇ ਦੀ ਪ੍ਰਕਿਰਿਆ ਸੁਰੂ ਕਰ ਦਿੱਤੀ ਜਾਵੇਗੀ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਅੱਜ ਮਿੱਥੇ ਸਮੇਂ ਤੋਂ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਇੱਕੋ-ਇੱਕ ਉਦੇਸ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਹੈ ਜਿਨ੍ਹਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।
ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਖੇਤ ਮਜਦੂਰਾਂ ਨੂੰ ਵੀ ਨੁਕਸਾਨ ਦਾ ਢੁਕਵਾਂ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੇ ਦੇ 20 ਦਿਨਾਂ ਦੇ ਅੰਦਰ ਮੁਆਵਜਾ ਵੰਡਣ ਦੀ ਮੁਹਿੰਮ ਸੁਰੂ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਦੀ ਕਿਸੇ ਵੀ ਸਰਕਾਰ ਨੇ ਇਸ ਬਾਰੇ ਭੋਰਾ ਚਿੰਤਾ ਨਹੀਂ ਕੀਤੀ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਪਿਛਲੀਆਂ ਸਰਕਾਰਾਂ ਦੌਰਾਨ ਮੁਆਵਜੇ ਵਿੱਚ ਏਨੀ ਦੇਰੀ ਹੋਈ ਸੀ ਕਿ ਜ਼ਿਆਦਾਤਰ ਮੰਤਰੀ ਅਤੇ ਵਿਧਾਇਕ ਇਹ ਭੁੱਲ ਹੀ ਜਾਂਦੇ ਸਨ ਕਿ ਉਹ ਕਿਹੜੀ ਫਸਲ ਦੇ ਮੁਆਵਜੇ ਦੇ ਚੈੱਕ ਵੰਡ ਰਹੇ ਹਨ। ਹੁਣ ਤੁਹਾਡੀ ਸਰਕਾਰ ਵਿਚ ਫਸਲ ਅਜੇ ਖੇਤਾਂ ਵਿੱਚ ਹੈ ਪਰ ਪੈਸਾ ਖਾਤਿਆਂ ਵਿਚ ਪਾ ਦਿੱਤਾ ਹੈ।”
ਆਰਥਿਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ
ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਲਈ ਕੇਂਦਰ ਨੂੰ ਮੁਆਵਜਾ ਦੇਣ ਵਾਸਤੇ ਮਿੰਨਤਾਂ ਕਰਨ ਦੀ ਬਜਾਏ ਕਣਕ ਦੇ ਟੁੱਟੇ ਤੇ ਸੁੰਗੜੇ ਦਾਣਿਆਂ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਜਾ ਰਹੀ ਕਟੌਤੀ ਕਾਰਨ ਕਿਸਾਨਾਂ ’ਤੇ ਪਏ ਆਰਥਿਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਜਗਦੀਪ ਕੰਬੋਜ ਗੋਲਡੀ, ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਨਰੇਸ਼ ਕਟਾਰੀਆਂ, ਸ੍ਰੀ ਰਜਨੀਸ਼ ਦਹੀਆ, ਸ੍ਰੀ ਫੌਜਾ ਸਿੰਘ ਸਰਾਰੀ, ਐਫਸੀਆਰ ਸ੍ਰੀ ਕੇ ਏ ਪੀ ਸਿਨਹਾਂ, ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ, ਐਸਐਸਪੀ ਅਵਨੀਤ ਕੌਰ ਸਿੱਧੂ ਵੀ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ